ਕਿਸਾਨਾਂ ਵੱਲੋਂ ਪਹਿਲਵਾਨਾਂ ਦੇ ਹੱਕ ਵਿੱਚ ਦੂਜੇ ਦਿਨ ਮੁਜ਼ਾਹਰੇ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 6 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਰਾਤਰੀ ਜਥੇਬੰਦੀਆਂ ਵੱਲੋਂ ਅੱਜ ਦੂਜੇ ਦਿਨ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਪਹਿਲਵਾਨਾਂ ਦੇ ਹੱਕ ਵਿੱਚ ਰੋਸ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਇੱਥੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ, ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਅਤੇ ਪੀਐੱਸਯੂ ਦੇ ਜ਼ਿਲ੍ਹਾ ਆਗੂ ਰਜਿੰਦਰ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਬ੍ਰਿਜ ਭੂਸ਼ਣ ਵਰਗਿਆਂ ਨੂੰ ਜੇਲ੍ਹਾਂ ਵਿਚ ਸੁੱਟਣ ਦੀ ਬਜਾਏ ਕੇਂਦਰ ਸਰਕਾਰ ਉਸ ਨੂੰ ਬਚਾਉਣ ‘ਚ ਲੱਗੀ ਹੋਈ ਹੈ। ਆਗੂਆਂ ਨੇ ਮੰਗ ਕੀਤੀ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਪ੍ਰਦਰਸ਼ਨ ਵਿੱਚ ਡੀਟੀਐੱਫ ਦੇ ਆਗੂ ਪ੍ਰਿੰਸੀਪਲ ਬੂਟਾ ਸਿੰਘ ਰੋਮਾਣਾ, ਬੇਅੰਤ ਫੂਲੇਵਾਲ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸਿਕੰਦਰ ਧਾਲੀਵਾਲ ਤੇ ਉਮੇਦ ਬਿਸਤ ਆਦਿ ਸ਼ਾਮਲ ਸਨ।
ਰਾਮਪੁਰਾ ਫੂਲ (ਨਿੱਜੀ ਪੱਤਰ ਪ੍ਰੇਰਕ): ਜਨਤਕ ਜਥੇਬੰਦੀਆਂ ਵਲੋਂ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਸ਼ਹਿਰ ਵਿੱਚ ਰਾਮਬਾਗ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਮਾਰਚ ਕੀਤਾ ਗਿਆ।ਮਾਰਚ ਵਿੱਚ ਸ਼ਾਮਲ ਜਥੇਬੰਦੀਆਂ ਤੇ ਇਨਸਾਫ ਪਸੰਦ ਲੋਕਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬ੍ਰਿਜ਼ ਭੂਸ਼ਣ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਮਾਰਚ ਵਿੱਚ ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ, ਬੀਕੇਯੂ ਡਕੌਂਦਾ, ਪੈਨਸ਼ਨਰਜ ਐਸੋਸੀਏਸ਼ਨ, ਮਿਉਸੀਂਪਲ ਵਰਕਰ ਯੂਨੀਅਨ, ਰਿਟਾਇਰਡ ਬਿਜਲੀ ਮੁਲਾਜ਼ਮ ਸ਼ਾਮਲ ਸਨ।