For the best experience, open
https://m.punjabitribuneonline.com
on your mobile browser.
Advertisement

ਜਮਹੂਰੀ ਹੱਕ ਬਚਾਉਣ ਲਈ ਕਿਸਾਨਾਂ ਵੱਲੋਂ ਡੀਸੀ ਦਫ਼ਤਰਾਂ ਅੱਗੇ ਮੁਜ਼ਾਹਰੇ

07:35 AM Mar 06, 2024 IST
ਜਮਹੂਰੀ ਹੱਕ ਬਚਾਉਣ ਲਈ ਕਿਸਾਨਾਂ ਵੱਲੋਂ ਡੀਸੀ ਦਫ਼ਤਰਾਂ ਅੱਗੇ ਮੁਜ਼ਾਹਰੇ
ਪਟਿਆਲਾ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਏਐੱਨਆਈ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਮਾਰਚ
ਪੰਜਾਬ ਦੀਆਂ ਚਾਰ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮਸਲਿਆਂ ਅਤੇ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦਾ ਜਮਹੂਰੀ ਹੱਕ ਖੋਹਣ ਖ਼ਿਲਾਫ਼ ਸੂਬੇ ਭਰ ਵਿੱਚ ਰੋਸ ਮਾਰਚ ਕੀਤੇ ਅਤੇ ਡੀਸੀ ਦਫ਼ਤਰਾਂ ਅੱਗੇ ਧਰਨੇ ਦਿੱਤੇ। ਧਰਨਿਆਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੀਤੀ ਗਈ। ਰੋਸ ਮਾਰਚ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨ ਜਥੇਬੰਦੀਆਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨਪਾਲ ਅਤੇ ਨਿਰਭੈ ਸਿੰਘ ਢੁੱਡੀਕੇ ਨੇ ਇਕਜੁੱਟ ਹੋ ਕੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਭਾਰਤ ਨੂੰ ਡਬਲਿਊਟੀਓ ਤੋਂ ਬਾਹਰ ਲਿਆਉਣ, ਹਰਿਆਣਾ ਦੇ ਗ੍ਰਹਿ ਮੰਤਰੀਆਂ ਸਣੇ ਮੁੱਖ ਮੰਤਰੀ ਖੱਟਰ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ।
ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਕਿਸਾਨ ਮਜ਼ਦੂਰ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਅੱਜ ਧਰਨਿਆਂ ਨੂੰ ਸੁਖਦੇਵ ਸਿੰਘ ਕੋਕਰੀ ਕਲਾਂ, ਹਰਨੇਕ ਸਿੰਘ ਮਹਿਮਾ, ਗੁਰਮੀਤ ਸਿੰਘ ਮਹਿਮਾ, ਰਮਿੰਦਰ ਪਟਿਆਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਅਵਤਾਰ ਸਿੰਘ ਮਹਿਮਾ, ਗੁਰਦੀਪ ਸਿੰਘ ਰਾਮਪੁਰਾ, ਹਰਿੰਦਰ ਕੌਰ ਬਿੰਦੂ, ਅੰਮ੍ਰਿਤਪਾਲ ਕੌਰ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×