ਫ਼ੀਸ ਮੁਆਫ਼ ਕਰਵਾਉਣ ਲਈ ਪਾੜ੍ਹਿਆਂ ਵੱਲੋਂ ਮੁਜ਼ਾਹਰੇ
ਜਤਿੰਦਰ ਬੈਂਸ
ਗੁਰਦਾਸਪੁਰ, 18 ਅਗਸਤ
ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਪਾਰਕ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂ ਮਨੀ ਭੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਵੀਂ ਸਿੱਖਿਆ ਨੀਤੀ ਪਾਸ ਕਰਕੇ ਵਿੱਦਿਆ ਦੇ ਨਿੱਜੀਕਰਨ ਨੂੰ ਖੁੱਲ੍ਹ ਦੇ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੀ ਫੀਸ ਮੁਆਫ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਕਰੋਨਾ ਕਾਰਨ ਲੋਕ ਆਰਥਿਕ ਪੱਖੋਂ ਕਮਜ਼ੋਰ ਹੋ ਗਏ ਹਨ ਪਰ ਕੇਂਦਰ ਜਾਂ ਸੂਬਾ ਸਰਕਾਰਾਂ ਵੱਲੋਂ ਵਿਦਿਆਰਥੀਆਂ ’ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।
ਅਜਨਾਲਾ (ਅਸ਼ੋਕ ਸ਼ਰਮਾ): ਪੰਜਾਬ ਸਟੂਡੈਂਟਸ ਯੂਨੀਅਨ ਨੇ ਅੱਜ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕਰਕੇ ਐੱਸਡੀਐੱਮ ਨੂੰ ਮੰਗ ਪੱਤਰ ਦਿੱਤਾ। ਮੁਜ਼ਾਹਰੇ ਦੀ ਅਗਵਾਈ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਦੀਪ ਕੌਰ ਕੋਟਲਾ ਨੇ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਨਵੀਂ ਸਿੱਖਿਆ ਨੀਤੀ ਰੱਦ ਕੀਤੀ ਜਾਵੇ, ਆਨਲਾਈਨ ਪੜ੍ਹਾਈ ਕਰਾਉਣ ਤੋਂ ਪਹਿਲਾਂ ਆਨਲਾਈਨ ਢਾਂਚੇ ਵਿਚ ਸੁਧਾਰ ਕੀਤਾ ਜਾਵੇ, ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣ। ਇਸ ਮੌਕੇ ਸੁਖਪ੍ਰੀਤ ਸਿੰਘ, ਰਣਜੀਤ ਸਿੰਘ, ਤਜਿੰਦਰ ਕੌਰ, ਪਰਦੀਪ ਕੌਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।