ਮੋਰਚੇ ਦੀਆਂ ਮੰਗਾਂ ਲਾਗੂ ਕਰਵਾਉਣ ਲਈ ਮੁਜ਼ਾਹਰੇ
ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਨਵੰਬਰ
ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਦਿੱਲੀ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ ਅੱਜ ਹਕੂਮਤ ਦੀਆਂ ਕਿਸਾਨ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਇੱਥੇ ਡੀਸੀ ਦਫ਼ਤਰ ਅੱਗੇ ਤਿੰਨ ਘੰਟੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਨਾਮ ਮੰਗ ਪੱਤਰ ਵੀ ਭੇਜਿਆ ਗਿਆ। ਮੰਗ ਪੱਤਰ ਧਰਨੇ ’ਚ ਪੁੱਜ ਕੇ ਐੱਸਡੀਐੱਮ ਮਨਜੀਤ ਕੌਰ ਨੇ ਹਾਸਲ ਕੀਤਾ। ਧਰਨੇ ਨੂੰ ਹੋਰਨਾ ਤੋਂ ਇਲਾਵਾ ਡਾ. ਦਰਸ਼ਨਪਾਲ, ਹਰੀ ਢੀਂਡਸਾ, ਧਰਮਪਾਲ ਸੀਲ, ਕੁਲਵੰਤ ਮੌਲਵੀਵਾਲਾ, ਰਾਮਿੰਦਰ ਪਟਿਆਲਾ, ਦਵਿੰਦਰ ਪੂਨੀਆ, ਪਵਨ ਸ਼ੋਗਲਪੁਰ, ਰਾਮ ਸਿੰਘ ਮਟੋਰਡਾ, ਨਿਰਮਲ ਧਾਲੀਵਾਲ, ਜਸਵੀਰ ਖੇੜੀ, ਨਰਿੰਦਰ ਲੇਹਲਾਂ, ਦਰਸ਼ਨ ਬੇਲੂਮਾਜਰਾ, ਲਸ਼ਕਰ ਸਿੰਘ ਤੇ ਸੁਰਜੀਤ ਲਾਖਾ ਆਦਿ ਨੇ ਸੰਬੋਧਨ ਕੀਤਾ। ਕਿਸਾਨ ਆਗੂ ਮਾਸਟਰ ਦਵਿੰਦਰ ਪੂਨੀਆ ਨੇ ਦੱਸਿਆ ਕਿ ਮੰਗ ਪੱਤਰ ’ਚ ਸਾਰੀਆਂ ਫਸਲਾਂ ’ਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ, ਲੇਬਰ ਕੋਡ ਰੱਦ ਕਰਨੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਮਾਰਨ, ਪ੍ਰੀਪੇਡ ਮੀਟਰ ਲਾਉਣੇ ਬੰਦ ਕਰਨ, ਜ਼ਮੀਨਾਂ ਐਕੁਆਇਰ ਕਰਨ ਦੀਆਂ ਕਾਰਵਾਈਆਂ ਰੋਕਣ ਤੇ ਪਰਾਲੀ ਸਾੜਨ ਸਬੰਧੀ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਗਈ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ):
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਤੇ ਟ੍ਰੇਡ ਯੂਨੀਅਨਾਂ ਵੱਲੋਂ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਉਪਰੰਤ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਧਰਨੇ ਦੇ ਸ਼ੁਰੂ ਵਿੱਚ ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਜਨਰਲ ਸਕੱਤਰ ਕੇਵਲ ਸਿੰਘ ਭੜੀ, ਭੁਪਿੰਦਰ ਸਿੰਘ ਲੌਂਗੋਵਾਲ, ਮਾਨ ਸਿੰਘ ਸੱਦੋਪੁਰ, ਕਰਤਾਰ ਸਿੰਘ ਮਹੋਲੀ, ਨਰਿੰਦਰਜੀਤ ਸਿੰਘ ਸਲਾਰ ਤੇ ਜਗਤਾਰ ਸਿੰਘ ਤੋਲੇਵਾਲ ਆਦਿ ਨੇ ਸੰਬੋਧਨ ਕੀਤਾ।
ਸੰਗਰੂਰ (ਗੁਰਦੀਪ ਸਿੰਘ ਲਾਲੀ):
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨਾਂ ਵਲੋਂ ਅੱਜ ਦਿੱਲੀ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕਿਸਾਨ ਵਫ਼ਦ ਵਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ ਆਦਿ ਆਗੂਆਂ ਨੇ ਸੰਬੋਧਨ ਕੀਤਾ।