ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਮੁਜ਼ਾਹਰੇ
ਗੁਰਮੀਤ ਖੋਸਲਾ
ਸ਼ਾਹਕੋਟ, 3 ਨਵੰਬਰ
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੱਦੇ ’ਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਮਹਿਤਪੁਰ ਵਿੱਚ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਇਸਤਰੀ ਜਾਗ੍ਰਿਤੀ ਮੰਚ (ਪੰਜਾਬ) ਜ਼ਿਲ੍ਹਾ ਜਲੰਧਰ ਅਤੇ ਪੇਂਡੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਵਰਕਰਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਕਮਲ ਸਿੰਘ ਅਤੇ ਰਜਿੰਦਰ ਸਿੰਘ ਮੰਡ ਨੇ ਕਿਹਾ ਕਿ ਸਿੱਖ ਨਸਲਕੁਸ਼ੀ ਦੇ 40 ਸਾਲ ਬੀਤ ਜਾਣ ਤੋਂ ਬਾਅਦ ਵੀ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਨਾ ਹੀ ਭਾਰਤੀ ਹਾਕਮਾਂ ਨੇ ਦੇਸ਼ ਦੀਆਂ ਘੱਟ ਗਿਣਤੀਆਂ ਪ੍ਰਤੀ ਆਪਣਾ ਰੁਖ਼ ਤਬਦੀਲ ਕੀਤਾ ਹੈ।
ਇਸਤਰੀ ਜਾਗ੍ਰਿਤੀ ਮੰਚ ਦੀ ਸੂਬਾਈ ਆਗੂ ਅਨੀਤਾ ਸੰਧੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਸ਼ਮੀਰ ਮੰਡਿਆਲਾ ਨੇ ਕਿਹਾ ਕਿ ਮੌਜੂਦਾ ਮੋਦੀ ਸਰਕਾਰ ਹਰ ਘੱਟ ਗਿਣਤੀ, ਬੁੱਧੀਜੀਵੀ, ਲੇਖਕ ਤੇ ਵੱਖਰੇ ਵਿਚਾਰਾਂ ਵਾਲੇ ਲੋਕਾਂ ਕੋਲੋਂ ਉਨ੍ਹਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਖੋਹ ਕੇ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਘੱਟ ਗਿਣਤੀਆਂ ਅਤੇ ਇਨਸਾਫ਼ਪਸੰਦ ਭਾਈਚਾਰਿਆਂ ਨੂੰ ਇਕਜੁੱਟ ਹੋ ਕੇ ਲੋਕ ਵਿਰੋਧੀ ਤਾਕਤਾਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਬਚਨ ਸਿੰਘ, ਗੁਰਦਿਆਲ ਸਿੰਘ, ਵਿਜੇ ਬਾਠ, ਪਰਮਜੀਤ ਕੌਰ, ਬਖਸ਼ੋ ਰਾਣੀ ਤੇ ਹਰਵਿੰਦਰ ਕੌਰ ਨੇ ਸੰਬੋਧਨ ਕੀਤਾ।
ਗੁਰਦਾਸਪੁਰ (ਜਤਿੰਦਰ ਬੈਂਸ): ਸੰਨ 1984 ਦੇ ਸਿੱਖ ਕਤਲੇਆਮ ਦੇ ਕਥਿਤ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਗੁਰੂ ਨਾਨਕ ਪਾਰਕ ਵਿੱਚ ਇਕੱਠੇ ਹੋਣ ਉਪਰੰਤ ਸ਼ਹਿਰ ਦੇ ਡਾਕਖਾਨਾ ਚੌਕ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸਤਬੀਰ ਸਿੰਘ ਸੁਲਤਾਨੀ ਅਤੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਨੇ ਕਿਹਾ ਕਿ ਨਵੰਬਰ 1984 ਵਿੱਚ ਦਿੱਲੀ ਵਿੱਚ ਘੱਟ ਗਿਣਤੀ ਸਿੱਖਾਂ ਦਾ ਵੱਡੇ ਪੱਧਰ ਉੱਤੇ ਕਤਲੇਆਮ ਕੀਤਾ ਗਿਆ ਸੀ। ਯੂਨੀਅਨ ਦੇ ਜ਼ਿਲ੍ਹਾ ਆਗੂ ਪਰਮਜੀਤ ਸਿੰਘ ਰਤਨਗੜ੍ਹ ਅਤੇ ਅਨੋਖ ਸਿੰਘ ਘੋੜੇਵਾਹ ਨੇ ਕਿਹਾ ਕਿ ਮੋਦੀ ਸਰਕਾਰ ਦੀ ਹਕੂਮਤ ਸਥਾਪਤੀ ਤੋਂ ਬਾਅਦ ਭਾਰਤ ਦੀ ਸਮੁੱਚੀ ਘੱਟ ਗਿਣਤੀਆਂ ਉੱਤੇ ਹਮਲੇ ਵਧੇ ਹਨ। ਇਸ ਮੌਕੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਦੇ ਸੁਖਦੇਵ ਰਾਜ ਬਹਿਰਾਮਪੁਰ, ਜੋਗਿੰਦਰ ਪਾਲ ਘੁਰਾਲਾ, ਦਿਲਜੀਤ ਸਿੰਘ ਤਲਵੰਡੀ ਅਤੇ ਸਤਨਾਮ ਸਿੰਘ ਮਾਨੇਪੁਰ ਨੇ ਵੀ ਸੰਬੋਧਨ ਕੀਤਾ।