ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਘਣੀ ਧੁੰਦ ਤੇ ਸੀਤ ਲਹਿਰ ਨੇ ਮੈਦਾਨੀ ਇਲਾਕੇ ਠਾਰੇ

08:04 AM Jan 07, 2025 IST
ਕੜਾਕੇ ਦੀ ਠੰਢ ਦੌਰਾਨ ਸੋਮਵਾਰ ਨੂੰ ਲੁਧਿਆਣਾ ’ਚ ਆਪਣਾ ਸਾਮਾਨ ਚੁੱਕ ਕੇ ਜਾਂਦਾ ਹੋਇਆ ਪਰਿਵਾਰ। -ਫੋਟੋ: ਹਿਮਾਂਸ਼ੂ ਮਹਾਜਨ
ਆਤਿਸ਼ ਗੁਪਤਾ
ਚੰਡੀਗੜ੍ਹ, 6 ਜਨਵਰੀ
ਪੰਜਾਬ ਤੇ ਹਰਿਆਣਾ ਨਾਲ ਲਗਦੇ ਪਹਾੜੀ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ ਤੇ ਇਸ ਠੰਢ ਨੇ ਮੈਦਾਨੀ ਇਲਾਕੇ ਵੀ ਠਾਰ ਦਿੱਤੇ ਹਨ। ਇੱਥੇ ਠੰਢੀਆਂ ਹਵਾਵਾਂ ਚੱਲਣ ਕਰਕੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਉੱਧਰ ਅੱਜ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਜਾਰੀ ਰਹੀ ਪਰ ਦੁਪਹਿਰ ਸਮੇਂ ਮਾਲਵਾ ਖੇਤਰ ਵਿੱਚ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਰਾਹਤ ਮਿਲੀ। ਅੱਜ ਪੰਜਾਬ ਦਾ ਨਵਾਂ ਸ਼ਹਿਰ ਸਭ ਤੋਂ ਠੰਢਾ ਰਿਹਾ ਜਿੱਥੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਮੌਸਮ ਵਿਗਿਆਨੀਆਂ ਨੇ 7 ਤੇ 8 ਜਨਵਰੀ ਨੂੰ ਸੂਬੇ ਵਿੱਚ ਸੰਘਣੀ ਧੁੰਦ ਪੈਣ ਤੇ ਸੀਤ ਲਹਿਰ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਓਰੈਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਲੰਘੀ ਸ਼ਾਮ ਤੋਂ ਦੇਰ ਰਾਤ ਤਕ ਮੀਂਹ ਵੀ ਪਿਆ। ਮੀਂਹ ਪੈਣ ਤੋਂ ਬਾਅਦ ਠੰਢੀਆਂ ਹਵਾਵਾਂ ਚੱਲੀਆਂ ਜਿਸ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ। ਪੰਜਾਬ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਕਰਕੇ ਸੜਕੀ ਤੇ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ। ਦੂਜੇ ਪਾਸੇ ਸੰਘਣੀ ਧੁੰਦ ਕਰਕੇ ਕਈ ਉਡਾਣਾਂ ਵੀ ਤੈਅ ਸਮੇਂ ਦੀ ਥਾਂ ਦੇਰੀ ਨਾਲ ਚੱਲੀਆਂ। ਦੂਜੇ ਪਾਸੇ ਬੀਤੇ ਦਿਨੀਂ ਪਿਆ ਮੀਂਹ ਫਸਲਾਂ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ ਜਿਸ ਕਰਕੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 8.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 8.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 8.3 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 9.5 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 7.2 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 7.2 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 6.5 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 7.9 ਡਿਗਰੀ ਸੈਲਸੀਅਸ, ਫਤਹਿਗੜ੍ਹ ਸਾਹਿਬ ਵਿੱਚ 8.5 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ 10.6 ਡਿਗਰੀ ਸੈਲਸੀਅਸ, ਮੋਗਾ ਵਿੱਚ 10.9 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 11.1 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 10.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
Advertisement
Advertisement