ਸੰਘਣੀ ਧੁੰਦ ਤੇ ਸੀਤ ਲਹਿਰ ਨੇ ਜ਼ੋਰ ਫੜਿਆ
07:28 AM Dec 31, 2024 IST
ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਦਸੰਬਰ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਅੱਜ ਸਾਰਾ ਦਿਨ ਸੰਘਣੀ ਧੁੰਦ, ਬੱਦਲਵਾਈ ਤੇ ਸੀਤ ਲਹਿਰਾਂ ਦਾ ਕਹਿਰ ਜਾਰੀ ਰਿਹਾ ਹੈ। ਅੱਜ ਸ਼ਹਿਰ ਵਿੱਚ ਸਾਰਾ ਦਿਨ ਧੁੰਦ ਛਾਈ ਰਹੀ ਅਤੇ ਧੁੱਪ ਨਾ ਨਿਕਲਣ ਕਰਕੇ ਲੋਕਾਂ ਨੂੰ ਕੰਬਣੀ ਛਿੜੀ ਰਹੀ ਹੈ। ਉੱਧਰ ਸੀਤ ਲਹਿਰਾਂ ਕਰਕੇ ਦਿਨ ਸਮੇਂ ਤਾਪਮਾਨ ਵਿੱਚ ਵੀ 8.5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਸ਼ਹਿਰ ’ਚ ਦਿਨ ਤੇ ਰਾਤ ਦੇ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਤੱਕ ਦਾ ਫਰਕ ਰਿਹਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 8.5 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 31 ਦਸੰਬਰ ਤੇ 1 ਜਨਵਰੀ ਨੂੰ ਸ਼ਹਿਰ ਵਿੱਚ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
Advertisement
Advertisement