ਕਸ਼ਮੀਰ ’ਚ ਸੰਘਣੀ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ
ਸ੍ਰੀਨਗਰ, 4 ਜਨਵਰੀ
ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ। ਸੋਮਵਾਰ ਸਵੇਰ ਤੱਕ ਵਾਦੀ ਵਿੱਚ ਭਾਰੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਧੁੰਦ ਕਾਰਨ ਵਾਦੀ ਵਿੱਚ ਸੜਕੀ ਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਅਤੇ ਦਿਖਣ ਹੱਦ ਘਟਣ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਉਡਾਣਾਂ ਦੇ ਸੰਚਾਲਨ ’ਚ ਪ੍ਰੇਸ਼ਾਨੀ ਆਈ। ਉਨ੍ਹਾਂ ਦੱਸਿਆ ਕਿ ਸ੍ਰੀਨਗਰ ਵਿੱਚ ਅੱਜ ਪਹਿਲਾ ਜਹਾਜ਼ ਸਵੇਰੇ 11:13 ਵਜੇ ਉਤਰਿਆ।
ਮੌਸਮ ਵਿਭਾਗ ਨੇ ਦੱਸਿਆ ਕਿ ਸਵੇਰੇ ਸ੍ਰੀਨਗਰ ਸਮੇਤ ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਅੱਜ ਰਾਤ ਤੋਂ ਐਤਵਾਰ ਦੇਰ ਰਾਤ ਜਾਂ ਸੋਮਵਾਰ ਸਵੇਰ ਤੱਕ ਕਸ਼ਮੀਰ ਅਤੇ ਚਨਾਬ ਘਾਟੀ ਦੇ ਮੱਧ ਅਤੇ ਉੱਚੇ ਇਲਾਕਿਆਂ ’ਚ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅੱਜ ਲਈ ‘ਯੈਲੋ’ ਅਲਰਟ, ਜਦਕਿ ਐਤਵਾਰ ਲਈ ‘ਆਰੇਂਜ’ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਰਫ਼ਬਾਰੀ ਕਾਰਨ ਖਾਸ ਕਰਕੇ ਐਤਵਾਰ ਨੂੰ ਸੜਕੀ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਦੌਰਾਨ ਕਸ਼ਮੀਰ ’ਚ ਜ਼ਿਆਦਾਤਰ ਥਾਵਾਂ ’ਤੇ ਰਾਤ ਦਾ ਤਾਪਮਾਨ ਵਧ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਸ੍ਰੀਨਗਰ ’ਚ ਸ਼ੁੱਕਰਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ ਮਨਫ਼ੀ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੀ ਰਾਤ ਦੇ ਮਨਫ਼ੀ 2.2 ਡਿਗਰੀ ਸੈਲਸੀਅਸ ਨਾਲੋਂ ਥੋੜ੍ਹਾ ਵੱਧ ਹੈ। ਉੱਤਰੀ ਕਸ਼ਮੀਰ ਗੁਲਮਰਗ ਦਾ ਘੱਟੋ-ਘੱਟ ਤਾਪਮਾਨ ਮਨਫ਼ੀ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੀ ਰਾਤ ਇਹ ਮਨਫ਼ੀ 4.5 ਡਿਗਰੀ ਸੈਲਸੀਅਸ ਸੀ। ਇਸੇ ਤਰ੍ਹਾਂ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। -ਪੀਟੀਆਈ
ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਤ
ਦਰਮਿਆਨੀ ਤੋਂ ਭਾਰੀ ਬਰਫਬਾਰੀ ਦੀ ਸੰਭਾਵਨਾ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਖਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਤ ਕੀਤੇ ਹਨ। ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਸਰਕਾਰ ਬਰਫਬਾਰੀ ਨਾਲ ਨਜਿੱਠਣ ਲਈ ਤਿਆਰ ਹੈ।