ਕਿਸਾਨਾਂ ਦੀਆਂ ਜ਼ਮੀਨਾਂ ਖੋਹਣਾ ਗ਼ੈਰਵਾਜਬ: ਡੀਟੀਐੱਫ
ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 23 ਨਵੰਬਰ
ਭਾਰਤ ਮਾਲਾ ਪ੍ਰਾਜੈਕਟ ਅਧੀਨ ਕਿਸਾਨਾਂ ਦੀ ਜਬਰੀ ਖੋਹੀ ਜਾ ਰਹੀ ਜ਼ਮੀਨ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਅੰਨ੍ਹੇਵਾਹ ਲਾਠੀਚਾਰਜ ਅਤੇ ਨਾਜਾਇਜ਼ ਗ੍ਰਿਫ਼ਤਾਰੀਆਂ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਨਿਖੇਧੀ ਕੀਤੀ ਹੈ।
ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਦੁੱਨੇਵਾਲਾ ਅਤੇ ਸ਼ੇਰਗੜ੍ਹ ਵਿੱਚ ਪੰਜਾਬ ਸਰਕਾਰ ਵੱਲੋਂ ਜਬਰ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਤੜਕਸਾਰ ਚਾਰ ਵਜੇ ਪੁਲੀਸ ਪ੍ਰਸ਼ਾਸਨ ਵੱਲੋਂ ਪੀੜਤ ਕਿਸਾਨਾਂ ਦੀ ਨਾਜਾਇਜ਼ ਗ੍ਰਿਫ਼ਤਾਰੀ ਕੀਤੀ ਗਈ ਅਤੇ ਬਾਅਦ ਖੇਤਾਂ ਵਿੱਚ ਜਾ ਕੇ ਕਣਕ ਉਜਾੜ ਕੇ ਕਬਜ਼ਾ ਕੀਤਾ ਗਿਆ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ ਅਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਹੇਰਾਂ ਅਤੇ ਪ੍ਰੈੱਸ ਸਕੱਤਰ ਹੁਸ਼ਿਆਰ ਸਿੰਘ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੀ ਚਾਕਰੀ ਕਰਨ ਵਿਚ ਰੁੱਝੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਤੋਂ ਜਬਰੀ ਜ਼ਮੀਨ ਖੋਹ ਕੇ ‘ਆਪ’ ਸਰਕਾਰ ਵੱਲੋਂ ਆਪਣਾ ਲੋਕ ਵਿਰੋਧੀ ਖ਼ਾਸਾ ਜੱਗ ਜ਼ਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਲਈ ਬਣਾਈਆਂ ਜਾ ਰਹੀਆਂ ਮੁੱਲ ਦੀਆਂ ਸੜਕਾਂ ’ਤੇ ਕਿਸਾਨਾਂ ਦੇ ਟਰੈਕਟਰ ਜਾਂ ਲੋਕਾਂ ਦੇ ਛੋਟੇ ਸਾਧਨ ਨਹੀਂ ਚੱਲਣਗੇ, ਸਗੋਂ ਵੱਡੇ ਕਾਰੋਬਾਰੀਆਂ ਦੀਆਂ ਗੱਡੀਆਂ ਹੀ ਚੱਲਣਗੀਆਂ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਉਪਰ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।