ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਕਈ ਪਿੰਡਾਂ ਦਾ ਦੌਰਾ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਨਵੰਬਰ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰਦਿਆਂ ਉਨ੍ਹਾਂ ਕਈ ਪਿੰਡਾਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੇ ਪਿੰਡ ਬਡਰੁੱਖਾਂ, ਦੁੱਗਾਂ , ਬਹਾਦਰਪੁਰ, ਸ਼ਾਹਪੁਰ, ਸ਼ੇਰੋਂ ਅਤੇ ਚੀਮਾ ਸਮੇਤ ਹੋਰ ਪਿੰਡਾਂ ਵਿੱਚ ਦੌਰਾ ਕਰ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਉਧਰ ਅੱਜ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ 9 ਕੇਸ ਦਰਜ ਕੀਤੇ ਗਏ ਹਨ। ਡੀਸੀ ਤੇ ਐੱਸਐੱਸਪੀ ਵੱਲੋਂ ਆਪਣੇ ਦੌਰੇ ਦੌਰਾਨ ਵੱਖ-ਵੱਖ ਥਾਈਂ ਖੇਤਾਂ ਵਿੱਚ ਪਰਾਲੀ ਜਾਂ ਨਾੜ ਸਾੜਨ ਦੀ ਘਟਨਾ ਸਾਹਮਣੇ ਆਉਣ ਉੱਤੇ ਫਾਇਰ ਬ੍ਰਿਗੇਡ ਗੱਡੀਆਂ ਵੱਲੋਂ ਮੁਸਤੈਦ ਰਹਿੰਦਿਆਂ ਅੱਗ ਬੁਝਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਪ੍ਰਦੂਸ਼ਿਤ ਨਾ ਕਰਨ ਦੀ ਅਪੀਲ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਬਿਨਾਂ ਅੱਗ ਲਗਾਇਆਂ ਕਣਕ ਦੀ ਬਜਿਾਈ ਕਰਨ ਅਤੇ ਵਾਤਾਵਰਣ ਦੇ ਰਾਖੇ ਬਣ ਕੇ ਮਨੁੱਖਤਾ ਦੀ ਭਲਾਈ ਲਈ ਯੋਗਦਾਨ ਪਾਉਣ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਸਮਝਾਉਂਦੇ ਹੋਏ ਇਸ ਮਾੜੇ ਰੁਝਾਨ ਨੂੰ ਮੁਕੰਮਲ ਬੰਦ ਕਰਨ ਵਿੱਚ ਸਹਿਯੋਗ ਮੰਗਿਆ। ਇਸੇ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਐੱਸਪੀ, ਡੀਐੱਸਪੀ, ਥਾਣਾ ਮੁਖੀ, ਕਲੱਸਟਰ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਸਰਗਰਮ ਰਹੇ।