ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਪੱਤਰ ਪ੍ਰੇਰਕ
ਜਲੰਧਰ, 3 ਜੁਲਾਈ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕਰਕੇ ਡੇਂਗੂ, ਮਲੇਰੀਆ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਹਸਪਤਾਲ ਵਿੱਚ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਮਰੀਜ਼ਾਂ ਲਈ ਇਲਾਜ ਸਹੂਲਤਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਕਿਸੇ ਵੀ ਮਰੀਜ਼ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਓਪੀਡੀ, ਅੱਖਾਂ, ਮੈਡੀਸਨ, ਗਾਇਨੀ, ਡੈਂਟਲ, ਬਲੱਡ ਬੈਂਕ ਐਕਸ-ਰੇਅ ਯੂਨਿਟ, ਅਲਟਰਾ ਸਾਊਂਡ, ਲੈਬੋਰੇਟਰੀ ਆਦਿ ਦਾ ਦੌਰਾ ਕਰਦਿਆਂ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵੀ ਜਾਇਜ਼ਾ ਲਿਆ। ਡਾ. ਅਗਰਵਾਲ ਨੇ ਹਸਪਤਾਲ ਵਿੱਚ ਆਪਣੇ ਇਲਾਜ ਲਈ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਇਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ।