ਡੇਰਾ ਬਾਬਾ ਨਾਨਕ: ਗੁਰਦੀਪ ਰੰਧਾਵਾ ਨੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ
ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 24 ਅਕਤੂਬਰ
ਇੱਥੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਣੇ ਹੋਰ ਆਗੂ ਹਾਜ਼ਰ ਸਨ। ਐੱਸਡੀਐੱਮ-ਕਮ-ਚੋਣ ਅਧਿਕਾਰੀ ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਨੂੰ ਲੈ ਕੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਚਾਰ ਜ਼ਿਮਨੀ ਚੋਣਾਂ ਵਿੱਚ ‘ਆਪ’ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ। ਸਵਾਲ ਦਾ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਅਕਾਲੀ ਦਲ ਖਤਮ ਹੋ ਚੁੱਕਿਆ ਹੈ ਅਤੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਹਲਕਾ ਕਾਦੀਆਂ ਦੇ ਇੰਚਾਰਜ ਅਤੇ ‘ਆਪ’ ਦੇ ਸੂਬਾਈ ਆਗੂ ਜਗਰੂਪ ਸਿੰਘ ਸੇਖਵਾਂ, ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ, ਗੁਰਦਾਸਪੁਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ, ਮਨਜੋਤ ਸਿੰਘ ਰੰਧਾਵਾ ਅਤੇ ਮਨਰੂਪ ਸਿੰਘ ਵੀ ਹਾਜ਼ਰ ਸਨ।
ਭਾਜਪਾ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੇ ਨਾਮਜ਼ਦਗੀ ਭਰੀ
ਡੇਰਾ ਬਾਬਾ ਨਾਨਕ (ਨਿੱਜੀ ਪੱਤਰ ਪ੍ਰੇਰਕ):
ਭਾਜਪਾ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੇ ਡੇਰਾ ਬਾਬਾ ਨਾਨਕ ਦੀ ਉਪ ਚੋਣ ਲਈ ਅੱਜ ਐੱਸਡੀਐੱਮ-ਕਮ-ਉਪ ਮੰਡਲ ਚੋਣ ਕਰ ਰਜਿਸਟਰੇਸ਼ਨ ਅਫਸਰ ਰਾਜਪਾਲ ਸਿੰਘ ਸੇਖੋਂ ਦੇ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ। ਨਾਮਜ਼ਦਗੀ ਭਰਨ ਮੌਕੇ ਉਨ੍ਹਾਂ ਨਾਲ ਵਿਧਾਇਕ ਅਸ਼ਵਨੀ ਸ਼ਰਮਾ, ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਤੇ ਜ਼ਿਲ੍ਹਾ ਪ੍ਰਧਾਨ ਸ਼ਿਵਬੀਰ ਸਿੰਘ ਆਦਿ ਮੌਜੂਦ ਸਨ। ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ‘ਸਭ ਕਾ ਸਾਥ ਸਭ ਕਾ ਵਿਕਾਸ’ ਮੁਹਿੰਮ ਤਹਿਤ ਹਲਕਾ ਡੇਰਾ ਬਾਬਾ ਨਾਨਕ ਤੋਂ ਜ਼ਿਮਨੀ ਚੋਣ ਜਿੱਤਾਂਗੇ। ਉਨ੍ਹਾਂ ਕਿਹਾ ਕਿ ਚੋਣ ਜਿੱਤਣ ਮਗਰੋਂ ਉਹ ਹਲਕਾ ਬਾਬਾ ਨਾਨਕ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ ਅਤੇ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ’ਚ ਵੱਡਾ ਉਦਯੋਗ ਲਾਉਣ ਦਾ ਉਪਰਾਲਾ ਕੀਤਾ ਜਾਵੇਗਾ।