ਡੇਰਾ ਬਾਬਾ ਨਾਨਕ: ਜਤਿੰਦਰ ਕੌਰ ਰੰਧਾਵਾ ਵੱਲੋਂ ਨਾਮਜ਼ਦਗੀ ਦਾਖਲ
ਦਲਬੀਰ ਸੱਖੋਵਾਲੀਆ/ਡਾ. ਰਜਿੰਦਰ ਸਿੰਘ
ਡੇਰਾ ਬਾਬਾ ਨਾਨਕ, 25 ਅਕਤੂਬਰ
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਉਦੈਵੀਰ ਸਿੰਘ ਰੰਧਾਵਾ, ਦੀਪ ਇੰਦਰ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਕਾਂਗਰਸ ਆਗੂ ਮੌਜੂਦ ਸਨ। ਉਨ੍ਹਾਂ ਆਪਣੇ ਕਾਗਜ਼ ਐੱਸਡੀਐੱਮ-ਕਮ-ਉਪ ਚੋਣ ਅਧਿਕਾਰੀ ਰਾਜਪਾਲ ਸਿੰਘ ਸੇਖੋਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਏ। ਉਨ੍ਹਾਂ ਦੀ ਧੀ ਦਿਵਿਆਜੋਤ ਕੌਰ ਰੰਧਾਵਾ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੇਪਰ ਭਰੇ। ਇਸ ਮੌਕੇ ਬੀਬੀ ਰੰਧਾਵਾ ਨੇ ਦਾਅਵਾ ਕੀਤਾ ਕਿ ਨਾਰੀ ਸ਼ਕਤੀ ਤਹਿਤ ਉਹ ਜ਼ਿਮਨੀ ਚੋਣ ਜਿੱਤ ਕੇ ਇਤਿਹਾਸ ਸਿਰਜਣਗੇ। ਇਸ ਤੋਂ ਪਹਿਲਾਂ ਜਤਿੰਦਰ ਕੌਰ ਰੰਧਾਵਾ ਪਰਿਵਾਰ ਸਮੇਤ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।
‘ਆਪ’ ਨੇ ਡੇਰਾ ਬਾਬਾ ਨਾਨਕ ਹਲਕੇ ਨੂੰ ਨਜ਼ਰਅੰਦਾਜ਼ ਕੀਤਾ: ਰੰਧਾਵਾ
ਡੇਰਾ ਬਾਬਾ ਨਾਨਕ (ਨਿੱਜੀ ਪੱਤਰ ਪ੍ਰੇਰਕ):
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਕਿਹਾ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਲੋਕ ਕਾਂਗਰਸ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਸ ਵਾਰ ਵੀ ਹਲਕੇ ਦੇ ਲੋਕ ਜ਼ਿਮਨੀ ਚੋਣ ’ਚ ਕਾਂਗਰਸ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ ਵੱਡੇ ਫ਼ਰਕ ਨਾਲ ਚੋਣ ਜਿਤਾਉਣਗੇ। ਰੰਧਾਵਾ ਆਪਣੀ ਪਤਨੀ ਜਤਿੰਦਰ ਕੌਰ ਰੰਧਾਵਾ ਵੱਲੋਂ ਨਾਮਜ਼ਦਗੀ ਦਾਖਲ ਕੀਤੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਪੰਜਾਬ ਸਰਕਾਰ ’ਤੇ ਹਲਕੇ ਨੂੰ ਵਿਕਾਸ ਪੱਖੋਂ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੌਰਾਨ ਕਿਸਾਨ ਮੰਡੀਆਂ ’ਚ ਰੁਲ ਰਹੇ ਹਨ ਅਤੇ ਸੂਬੇ ਵਿੱਚ ਨਸ਼ੇ ਤੇ ਅਪਰਾਧ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਹੁਣ ਪਛਤਾ ਰਹੇ ਹਨ।