ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
ਚੰਡੀਗੜ੍ਹ, 13 ਅਗਸਤ
ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫ਼ਰਲੋ ਦਿੱਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਰਾਮ ਰਾਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਬਰਨਾਵਾ ਸਥਿਤ ਡੇਰਾ ਆਸ਼ਰਮ ਰਹੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਮੁਖੀ ਦੀ ਆਰਜ਼ੀ ਰਿਹਾਈ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ ਦਾ ਨਿਪਟਾਰਾ ਕਰਨ ਤੋਂ ਕੁਝ ਦਿਨ ਬਾਅਦ ਹੀ ਸਿਰਸਾ ਸਥਿਤ ਡੇਰਾ ਮੁਖੀ ਨੂੰ ਫ਼ਰਲੋ ਦੇਣ ਦਾ ਫੈਸਲਾ ਕੀਤਾ ਗਿਆ ਸੀ।
ਹਾਈ ਕੋਰਟ ਨੇ 9 ਅਗਸਤ ਨੂੰ ਕਿਹਾ ਸੀ ਕਿ ਡੇਰਾ ਮੁਖੀ ਦੀ ਆਰਜ਼ੀ ਰਿਹਾਈ ਦੀ ਪਟੀਸ਼ਨ 'ਤੇ ਸਮਰੱਥ ਅਧਿਕਾਰੀ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਜੂਨ ਮਹੀਨੇ ਦੌਰਾਨ ਡੇਰਾ ਮੁਖੀ ਨੇ ਹਾਈ ਕੋਰਟ ਦਾ ਰੁਖ਼ ਕਰਦਿਆਂ ਉਸਨੂੰ 21 ਦਿਨਾਂ ਦੀ ਫ਼ਰਲੋ ਦੀ ਮੰਗ ਕੀਤੀ ਸੀ।
ਇਸ ਤੋਂ ਪਹਿਲਾਂ 29 ਫਰਵਰੀ ਨੂੰ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ ਡੇਰਾ ਸੱਚਾ ਸੌਦਾ ਮੁਖੀ ਨੂੰ ਉਸ ਦੀ ਇਜਾਜ਼ਤ ਤੋਂ ਬਿਨਾਂ ਹੋਰ ਪੈਰੋਲ ਨਾ ਦਿੱਤੀ ਜਾਵੇ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 19 ਜਨਵਰੀ ਨੂੰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਡੇਰਾ ਮੁਖੀ ਦੋ ਸਾਧਵੀਆਂ ਨਾਲ ਜਬਰ ਜਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। -ਪੀਟੀਆਈ