For the best experience, open
https://m.punjabitribuneonline.com
on your mobile browser.
Advertisement

ਛਾਉਣੀ ਮੁਹੱਲੇ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

11:32 AM Apr 14, 2024 IST
ਛਾਉਣੀ ਮੁਹੱਲੇ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਅਪਰੈਲ
ਇੱਥੋਂ ਦੇ ਛਾਉਣੀ ਮੁਹੱਲੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਇੱਕ ਨੌਜਵਾਨ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਰੁਮਾਲੇ ਉਤਾਰਨ ਮਗਰੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨੂੰ ਅਜਿਹਾ ਕਰਦੇ ਦੇਖ ਉਥੇ ਮੌਜੂਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ ਤੇ ਉਸ ਦੀ ਕੁੱਟਮਾਰ ਕੀਤੀ। ਦੂਜੇ ਪਾਸੇ ਬੇਅਦਬੀ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ-4 ਦੀ ਪੁਲੀਸ ਗੁਰਦੁਆਰਾ ਸਾਹਿਬ ਵਿਖੇ ਪੁੱਜ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੁਲੀਸ ਨੇ ਨੌਜਵਾਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ-4 ਵਿੱਚ ਕੇਸ ਦਰਜ ਕਰ ਲਿਆ ਹੈ।
ਇਸ ਸਬੰਧੀ ਥਾਣਾ ਡਿਵੀਜ਼ਨ-4 ਦੇ ਐੱਸਐੱਚਓ ਸਬ ਇੰਸਪੈਕਟਰ ਪ੍ਰਦੁਮਨ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਛਾਉਣੀ ਮੁਹੱਲੇ ਨੇੜੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ। ਨੌਜਵਾਨ ਪਹਿਲਾਂ ਗੁਰਦੁਆਰਾ ਸਾਹਿਬ ਦੇ ਦੁਆਲੇ ਘੁੰਮਦਾ ਰਿਹਾ ਅਤੇ ਫਿਰ ਅੰਦਰ ਚਲਾ ਗਿਆ। ਸੇਵਾਦਾਰਾਂ ਨੇ ਉਸ ਦੀ ਹਰਕਤ ਦੇਖ ਕੇ ਉਸ ਨੂੰ ਬਾਹਰ ਕੱਢ ਦਿੱਤਾ। ਜਿਸ ਤੋਂ ਬਾਅਦ ਉਹ ਨੌਜਵਾਨ ਲੰਗਰ ਹਾਲ ਵਿਚ ਚਲਾ ਗਿਆ। ਜਿੱਥੇ ਲੰਗਰ ਨੂੰ ਛੂਹਣ ਤੋਂ ਬਾਅਦ ਉਹ ਫਿਰ ਬਾਹਰ ਆ ਗਿਆ। ਇਸ ਤੋਂ ਬਾਅਦ ਉਹ ਨੌਜਵਾਨ ਉਸ ਕਮਰੇ ਵਿਚ ਦਾਖਲ ਹੋਇਆ, ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਸੁਸ਼ੋਭਿਤ ਸਨ। ਜਿਵੇਂ ਹੀ ਉਹ ਅੰਦਰ ਗਿਆ ਤਾਂ ਉਸ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਰੱਖੇ ਰੁਮਾਲੇ ਨੂੰ ਖਿੱਚ ਕੇ ਗੁਰੂ ਗ੍ਰੰਥ ਸਾਹਿਬ ਨੂੰ ਸੁੱਟ ਦਿੱਤਾ। ਇਹ ਦੇਖ ਕੇ ਉਥੇ ਮੌਜੂਦ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਨੌਜਵਾਨ ਕੋਲੋਂ ਪੁੱਛਗਿੱਛ ਕੀਤੀ ਗਈ ਪਰ ਉਹ ਨੌਜਵਾਨ ਕੁਝ ਨਹੀਂ ਕਹਿ ਰਿਹਾ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਕੋਲੋਂ ਪੁੱਛ-ਗਿੱਛ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×