For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਕੇਂਦਰੀ ਮੰਤਰੀ ਨੇ ਮੋਦੀ ਸਰਕਾਰ ਨੂੰ ਦੱਸਿਆ ਕਿਸਾਨ ਪੱਖੀ

10:34 AM Apr 22, 2024 IST
ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਕੇਂਦਰੀ ਮੰਤਰੀ ਨੇ ਮੋਦੀ ਸਰਕਾਰ ਨੂੰ ਦੱਸਿਆ ਕਿਸਾਨ ਪੱਖੀ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ ਅਤੇ ਹੋਰ।
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 21 ਅਪਰੈਲ
ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੀ ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਜੋ ਕਿਸਾਨਾਂ ਲਈ ਕੀਤਾ ਹੈ ਉਹ ਪਿਛਲੀਆਂ ਸਰਕਾਰਾਂ 75 ਸਾਲਾਂ ਵਿੱਚ ਨਹੀਂ ਕਰ ਸਕੀਆਂ। ਉਨ੍ਹਾਂ ਇੱਥੇ ਭਾਜਪਾ ਦੇ ਚੋਣ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਨਿਧੀ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਪੈਸੇ ਪਾਏ ਜਾ ਰਹੇ ਹਨ। ਖਾਦਾਂ ਦੀ ਕਾਲਾ ਬਾਜ਼ਾਰੀ ’ਤੇ ਰੋਕ ਲਾਈ ਗਈ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਕਿਸਾਨ ਜੱਥੇਬੰਦੀਆਂ ਪੰਜਾਬ ਤੇ ਹਰਿਆਣਾ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਭਾਜਪਾ ਉਮੀਦਵਾਰਾਂ ਨੂੰ ਜਿੱਥੇ ਤਿੱਖੇ ਸਵਾਲ ਕਰ ਰਹੀਆਂ ਹਨ ਉਥੇ ਕਈ ਥਾਈਂ ਦੋਹਾਂ ਧਿਰਾਂ ਵਿੱਚ ਟਕਰਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਕਿਸਾਨ ਗੁੱਸੇ ਵਿੱਚ ਹਨ ਤਾਂ ਕੇਂਦਰੀ ਖੇਡ ਮੰਤਰੀ ਮੋਦੀ ਸਰਕਾਰ ਨੂੰ ਕਿਸਾਨ ਪੱਖੀ ਦੱਸਣ ਦੀ ਕੋਈ ਕਸਰ ਬਾਕੀ ਨਹੀਂ ਛੱਡ ਰਹੇ।
ਅਨੁਰਾਗ ਠਾਕੁਰ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ‘ਆਪ’ ਨੇ ਵਾਅਦਾ ਕੀਤਾ ਸੀ ਕਿ ਸੱਤਾ ’ਚ ਆਉਣ ’ਤੇ ਉਹ ਸੂਬੇ ਨੂੰ ਨਸ਼ਾ ਮੁਕਤ ਬਣਾ ਦੇਣਗੇ ਪਰ ਦੋ ਸਾਲ ਬੀਤਣ ਦੇ ਬਾਵਜੂਦ ਸੂਬੇ ਨੂੰ ‘ਨਸ਼ਾ ਯੁਕਤ ਪੰਜਾਬ’ ਬਣਾ ਦਿੱਤਾ ਹੈ। ਖੇਡਾਂ ਲਈ ਮਸ਼ਹੂਰ ਜਲੰਧਰ ਸਮੇਤ ਪੂਰੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇੱਥੇ ਨਸ਼ੇ ਦਾ ਕਾਰੋਬਾਰ, ਫਿਰੌਤੀ, ਗੈਂਗ ਵਾਰ ਅਤੇ ਭ੍ਰਿਸ਼ਟਾਚਾਰ ਆਪਣੇ ਸਿਖ਼ਰ ’ਤੇ ਹੈ। ਆਜ਼ਾਦੀ ਤੋਂ ਬਾਅਦ ਸ਼ਾਇਦ ਇਹ ਪਹਿਲੀ ਪਾਰਟੀ ਦੀ ਸਰਕਾਰ ਹੋਵੇਗੀ ਜਿਸ ਦੇ ਦਿੱਲੀ ਸਰਕਾਰ ਦੇ ਸਿਹਤ ਮੰਤਰੀ, ਸਿੱਖਿਆ ਮੰਤਰੀ, ਉਪ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਖ਼ੁਦ ਜੇਲ੍ਹ ਵਿੱਚ ਹਨ।

Advertisement

ਮੋਦੀ ਨੇ ਕਰਤਾਰਪੁਰ ਸਾਹਿਬ ਕੌਰੀਡੋਰ ਬਣਵਾਇਆ: ਅਨੁਰਾਗ

ਅਨੁਰਾਗ ਠਾਕੁਰ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਜਿੱਥੇ ਇੱਕ ਪਾਸੇ ਵਿਕਾਸ ਹੋਇਆ ਹੈ, ਉੱਥੇ ਦੂਜੇ ਪਾਸੇ ਵਿਰਾਸਤ ਵੀ ਮਜ਼ਬੂਤ ਹੋਈ ਹੈ। ਨਹਿਰੂ ਦੀਆਂ ਗਲਤ ਨੀਤੀਆਂ ਕਾਰਨ ਸਿੱਖ ਕੌਮ ਨੂੰ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਵਾਂਝਾ ਰੱਖਿਆ ਗਿਆ। ਸਾਡੇ ਲੋਕਾਂ ਨੂੰ ਦੂਰਬੀਨ ਦੀ ਵਰਤੋਂ ਕਰਕੇ ਗੁਰਦੁਆਰੇ ਦੇ ਦਰਸ਼ਨ ਕਰਨੇ ਪੈਂਦੇ ਸੀ। ਨਰਿੰਦਰ ਮੋਦੀ ਨੇ ਕਰਤਾਰਪੁਰ ਸਾਹਿਬ ਕੌਰੀਡੋਰ ਬਣਵਾਇਆ। ਅਫ਼ਗਾਨਿਸਤਾਨ ਵਿਚ ਸਿੱਖ ਭਾਈਚਾਰੇ ’ਤੇ ਆਫ਼ਤ ਆਈ ਤਾਂ ਅਸੀਂ ਤਿੰਨ ਵਾਰ ਵਿਸ਼ੇਸ਼ ਜਹਾਜ਼ ਭੇਜ ਕੇ ਗੁਰੂ ਗ੍ਰੰਥ ਸਾਹਿਬ ਅਤੇ ਸੈਂਕੜੇ ਸਿੱਖ ਪਰਿਵਾਰਾਂ ਨੂੰ ਭਾਰਤ ਲਿਆਂਦਾ। ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੇ ਧੂਮ-ਧਾਮ ਨਾਲ ਮਨਾਇਆ।

Advertisement
Author Image

sukhwinder singh

View all posts

Advertisement
Advertisement
×