For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਦਿੱਲੀ-ਸੰਗਰੂਰ ਕੌਮੀ ਮਾਰਗ ’ਤੇ ਰੋਕਾਂ ਬਰਕਰਾਰ

07:02 AM Jul 17, 2024 IST
ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਦਿੱਲੀ ਸੰਗਰੂਰ ਕੌਮੀ ਮਾਰਗ ’ਤੇ ਰੋਕਾਂ ਬਰਕਰਾਰ
ਢਾਬੀ ਗੁੱਜਰਾਂ ਬਾਰਡਰ ’ਤੇ ਬੈਰੀਕੇਡ ਲਾ ਕੇ ਬੰਦ ਕੀਤਾ ਹੋਇਆ ਦਿੱਲੀ-ਸੰਗਰੂਰ ਕੌਮੀ ਮਾਰਗ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 16 ਜੁਲਾਈ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਬਾਰਡਰਾਂ ਤੋਂ ਰੋਕਾਂ ਹਟਾਉਣ ਦੇ ਜਾਰੀ ਕੀਤੇ ਹੁਕਮਾਂ ਨੂੰ ਛੇ ਦਿਨ ਬੀਤਣ ’ਤੇ ਵੀ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ’ਤੇ ਪਿੰਡ ਢਾਬੀ ਗੁੱਜਰਾਂ ਬਾਰਡਰ ’ਤੇ ਕਰੀਬ ਪੰਜ ਮਹੀਨਿਆਂ ਤੋਂ ਲਾਈਆਂ ਰੋਕਾਂ ਜਿਉਂ ਦੇ ਤਿਉਂ ਬਰਕਰਾਰ ਹਨ। ਬਾਰਡਰ ’ਤੇ ਸ਼ਾਂਤਮਈ ਪ੍ਰਦਰਸ਼ਨ ਕਰਦੇ ਕਿਸਾਨਾਂ ਨੇ ਹਰਿਆਣਾ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਉਕਤ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਬਾਰਡਰ ਖੁੱਲ੍ਹਣ ’ਤੇ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਮੁਤਾਬਿਕ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ ਦਿੱਲੀ ਨੂੰ ਕੂਚ ਕੀਤਾ ਜਾਵੇਗਾ।
ਢਾਬੀ ਗੁੱਜਰਾ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ’ਚ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਕੂਚ ਕਰਨਾ ਸੀ ਪਰ ਹਰਿਆਣਾ ਸਰਕਾਰ ਨੇ 10 ਫਰਵਰੀ ਨੂੰ ਹੀ ਕੌਮੀ ਸੜਕ ਮਾਰਗ ’ਤੇ ਕਿਸਾਨਾਂ ਨੂੰ ਰੋਕਣ ਲਈ ਬਹੁਪਰਤੀ ਰੋਕਾਂ ਲਾ ਦਿੱਤੀਆਂ ਸਨ ਕਿਉਂਕਿ ਕਿਸਾਨ ਦਿੱਲੀ ਨਾ ਜਾ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਕਈ ਲੋਕ ਹਿੱਤ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਹਫ਼ਤੇ ਵਿੱਚ ਇਹ ਬੈਰੀਕੇਡ ਹਟਾਉਣ ਦੇ ਹੁਕਮ ਦਿੰਦਿਆਂ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਮਾਮਲੇ ’ਤੇ ਤਾਲਮੇਲ ਬਣਾਉਣ ਦੀ ਹਦਾਇਤ ਹੈ। ਬਾਰਡਰ ’ਤੇ ਬੈਰੀਕੇਡ ਲਗਾਏ ਜਾਣ ਨਾਲ ਕੌਮੀ ਸੜਕ ਮਾਰਗ ’ਤੇ ਆਵਾਜਾਈ ’ਚ ਵਿਘਨ ਪਿਆ ਹੈ ਅਤੇ ਰਾਹਗੀਰਾਂ ਤੋਂ ਇਲਾਵਾ ਵਪਾਰੀ ਤੇ ਸਨਅਤੀ ਹਲਕੇ ਕਾਫ਼ੀ ਔਖ ਵਿਚ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਨੇ ਕੋਈ ਸੜਕ ਨਹੀਂ ਰੋਕੀ ਜਦੋਂ ਕਿ ਹਰਿਆਣਾ ਸਰਕਾਰ ਨੇ ਮੁੱਖ ਮਾਰਗ ਵਿੱਚ ਕਿੱਲਾਂ ਕੱਢਣ, ਕੰਡਿਆਲੀ ਤਾਰ ਲਾਉਣ ਅਤੇ ਕੰਕਰੀਟ ਦੀ ਬਹੁਪਰਤੀ ਬੈਰੀਕੇਡਿੰਗ ਕੀਤੀ ਅਜੇ ਵੀ ਬਰਕਰਾਰ ਹੈ। ਉਨ੍ਹਾਂ ਦੱਸਿਆ ਹੈ ਕਿ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲੀਸ ਅਤੇ ਨੀਮ ਸੁਰੱਖਿਆ ਬਲਾਂ ਨੇ ਪਾਣੀ ਦੀਆਂ ਬੁਛਾੜਾਂ, ਅਥਰੂ ਗੈਸ ਦੇ ਗੋਲੇ, ਪਲਾਸਟਿਕ ਦੀਆਂ ਗੋਲੀਆਂ ਚਲਾ ਕੇ ਦਰਜਨਾਂ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਸੀ।
ਇਸੇ ਦੌਰਾਨ ਇੱਕ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਵੀ ਹੋ ਗਈ ਸੀ। ਕੌਮੀ ਮੁੱਖ ਮਾਰਗ ’ਤੇ ਕਿਸਾਨਾਂ ਨੂੰ ਰੋਕਣ ਲਈ ਤਾਇਨਾਤ ਮੁਲਾਜ਼ਮਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਬੈਰੀਕੇਡ ਹਟਾਉਣ ਦੇ ਅਜੇ ਤੱਕ ਕੋਈ ਹੁਕਮ ਨਹੀਂ ਆਏ।

Advertisement
Advertisement
Author Image

sukhwinder singh

View all posts

Advertisement