ਮਨਾਹੀ ਦੇ ਹੁਕਮ ਦੇ ਬਾਵਜੂਦ ਖੰਨਾ ਕੌਂਸਲ ਨੇ ਸੜਕ ਬਣਾਈ
ਪੱਤਰ ਪ੍ਰੇਰਕ
ਖੰਨਾ, 24 ਸਤੰਬਰ
ਨਗਰ ਕੌਂਸਲ ਖੰਨਾ ਨੇ ਅਮਲੋਹ ਤੇ ਤਿੰਨ ਕਲੋਨੀਆਂ ਨੂੰ ਕਥਿਤ ਤੌਰ ’ਤੇ ਫਾਇਦਾ ਪਹੁੰਚਾਉਣ ਲਈ ਏਡੀਸੀ ਦੇ ਮਨਾਹੀ ਹੁਕਮਾਂ ਦੇ ਬਾਵਜੂਦ ਰਾਤੋ-ਰਾਤ ਸੜਕ ਦਾ ਨਿਰਮਾਣ ਕਰ ਦਿੱਤਾ ਗਿਆ। ਅੱਜ ਸਵੇਰੇ ਸੜਕ ਬਣੀ ਮਿਲਣ ’ਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਸੁਖਮਨਜੀਤ ਸਿੰਘ ਨੇ ਮੌਕੇ ’ਤੇ ਪੁੱਜ ਕੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਵੱਡੇ ਘਪਲੇ ਦਾ ਸ਼ੱਕ ਜਤਾਇਆ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਧਰਨੇ ਨੂੰ ਦੇਖਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਬਾਕੀ ਕੰਮ ਬੰਦ ਕਰਵਾ ਦਿੱਤਾ। ਜਾਣਕਾਰੀ ਅਨੁਸਾਰ ਅਮਲੋਹ ਰੋਡ ਤੇ ਸਨਸਿਟੀ ਦੇ ਨਾਲ ਲੱਗਦੀ ਕਰੀਬ ਅੱਧਾ ਕਿਲੋਮੀਟਰ ਸੜਕ ਦਾ ਮਾਮਲਾ ਲੰਬੇ ਸਮੇਂ ਤੋਂ ਗਰਮਾ ਰਿਹਾ ਹੈ। ਇਸ ਦੇ ਨਿਰਮਾਣ ਲਈ 27 ਲੱਖ ਰੁਪਏ ਦਾ ਟੈਂਡਰ ਪਾਸ ਕੀਤਾ ਗਿਆ ਸੀ ਪਰ ਇਸ ਸਬੰਧੀ ਸ਼ਿਕਾਇਤ ਕਰਨ ਉਪਰੰਤ ਏਡੀਸੀ ਨੇ ਸੜਕ ਦਾ ਕੰਮ ਰੋਕ ਦਿੱਤਾ ਸੀ। ਕੌਂਸਲਰ ਸੁਖਮਨਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਕਈ ਇਲਾਕੇ ਅਜਿਹੇ ਹਨ ਜਿੱਥੇ ਕਈ ਸਾਲਾਂ ਤੋਂ ਸੜਕਾਂ ਦਾ ਨਿਰਮਾਣ ਨਹੀਂ ਹੋਇਆ ਅਤੇ ਲੋਕਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੌਂਸਲ ਵੱਲੋਂ ਕਲੋਨਾਈਜ਼ਰਾਂ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗੈਰ- ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।
ਨਗਰ ਕੌਂਸਲ ਦੇ ਇੰਜਨੀਅਰ (ਐੱਮਈ) ਮੁਕੇਸ਼ ਕੁਮਾਰ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਉਪਰੰਤ ਸੜਕ ਦਾ ਬਾਕੀ ਕੰਮ ਰੋਕ ਦਿੱਤਾ ਗਿਆ ਅਤੇ ਜਲਦ ਹੀ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ।