For the best experience, open
https://m.punjabitribuneonline.com
on your mobile browser.
Advertisement

ਸਤਲੁਜ ਦਰਿਆ ’ਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਮਚੀ ਤਬਾਹੀ, ਪਿੰਡ ਖਾਲੀ ਕਰਵਾਏ ਤੇ ਫ਼ੌਜ ਤੋਂ ਮਦਦ ਮੰਗੀ

11:49 AM Aug 16, 2023 IST
ਸਤਲੁਜ ਦਰਿਆ ’ਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਮਚੀ ਤਬਾਹੀ  ਪਿੰਡ ਖਾਲੀ ਕਰਵਾਏ ਤੇ ਫ਼ੌਜ ਤੋਂ ਮਦਦ ਮੰਗੀ
Advertisement

ਜਗਮੋਹਨ ਸਿੰਘ
ਰੂਪਨਗਰ, 16 ਅਗਸਤ
ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਢੁੱਕਣ ਕਾਰਨ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਦਹਿਸ਼ਤ ਫੈਲ ਗਈ ਹੈ ਤੇ ਭਾਜੜਾਂ ਪੈ ਗਈਆਂ ਹਨ। ਸਤਲੁਜ ਦਰਿਆ ਦਾ ਪਾਣੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਹਰਸਾ ਬੇਲਾ, ਚੰਦਪੁਰ, ਗੱਜਪੁਰ, ਹਰੀਵਾਲ, ਮਹਿੰਦਲੀ ਕਲਾਂ, ਬੇਲਾ ਧਿਆਨੀ, ਭਲਾਣ, ਪੱਤੀ ਦੁਲਚੀ ਹੋਰ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਹੋਰ ਬਹੁਤ ਸਾਰੇ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਦਾਖਲ ਹੋ ਗਿਆ,ਜਿਸ ਨਾਲ ਲੋਕਾਂ ਦੀਆਂ ਫਸਲਾਂ ਤੇ ਹਰਾ ਚਾਰਾ ਨੁਕਸਾਨੇ ਗਏ ਹਨ। ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਲੋਕਾਂ ਨੂੰ ਆਪਣੇ ਪਿੰਡਾਂ ਵਿੱਚ ਪਾਣੀ ਦਾਖਲ ਹੋਣ ਦਾ ਖਤਰਾ ਪੈਦਾ ਹੋ ਰਿਹਾ ਹੈ।

Advertisement

Advertisement

ਉੱਧਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ, ਐੱਸਐੱਸਪੀ, ਐੱਸਡੀਐੱਮਜ਼ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਐੱਨਡੀਆਰਐੱਫ ਦੀਆਂ ਟੀਮਾਂ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਖੁਦ ਪਹੁੰਚ ਕੇ ਹੜ੍ਹ ਵਿੱਚ ਘਿਰੇ ਲੋਕਾਂ ਦੀ ਮੱਦਦ ਕਰ ਰਹੇ ਹਨ। ਐੱਨਡੀਆਰਐੱਫ ਦੀਆਂ ਟੀਮਾਂ ਵੱਲੋ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਹਰਸਾ ਬੇਲਾ ਵਿਖੇ ਬੀਤੀ ਰਾਤ ਤੋਂ ਪਾਣੀ ਵਿੱਚ ਘਿਰੇ 17 ਵਿਅਕਤੀਆਂ ਨੂੰ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਧਰ ਸਿਰਸਾ ਨਦੀ ਦੇ ਕਿਨਾਰੇ ਵਸੇ ਪਿੰਡਾਂ ਆਸਪੁਰ, ਅਵਾਨਕੋਟ ਤੇ ਕੋਟਬਾਲਾ ਪਿੰਡਾਂ ਦੇ ਲੋਕਾਂ ਦੀਆਂ ਜ਼ਮੀਨਾਂ ਵਿੱਚ ਇੱਕ ਪਾਸੇ ਸਿਰਸਾ ਨਦੀ ਦਾ ਮਲਬਾ ਕਈ ਕਈ ਫੁੱਟ ਤੱਕ ਚੜ੍ਹਨ ਕਾਰਨ ਫਸਲਾਂ ਬੁਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਸਨ ਤੇ ਹੁਣ ਪਿੰਡ ਆਸਪੁਰ ਦੇ ਦੂਜੇ ਬੰਨ੍ਹੇ ਸਥਿਤ ਇਨ੍ਹਾਂ ਪਿੰਡਾਂ ਸਣੇ ਅੱਧੀ ਦਰਜਨ ਹੋਰ ਪਿੰਡਾਂ ਦੀਆਂ ਫਸਲਾਂ ਵਿੱਚ ਸਤਲੁਜ ਦਰਿਆ ਦੇ ਹੜ੍ਹ ਦਾ ਪਾਣੀ ਆ ਗਿਆ ਹੈ।

ਇਸ ਦੌਰਾਨ ਭਾਖੜਾ ਡੈਮ ’ਚੋਂ ਛੱਡੇ ਪਾਣੀ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਦੇ ਲੋਕਾਂ ਦੀ ਸੁਰੱ‌ਖਿਆ ਲਈ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਨੇ ਐੱਨਡੀਆਰਐੱਫ ਦੀਆਂ ਹੋਰ ਟੀਮਾਂ ਤੋਂ ਇਲਾਵਾ ਫੌਜ ਦੀ ਮਦਦ ਵੀ ਮੰਗ ਲਈ ਗਈ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਨੁਸਾਰ ਇਸ ਸਮੇਂ ਐੱਨਡੀਆਰਐੱਫ ਦੀਆਂ 4 ਟੀਮਾਂ ਕੰਮ ਕਰ ਰਹੀਆਂ ਹਨ।

ਡਿਪਟੀ ਕਮਿਸ਼ਨਰ ਅੱਜ ਤੜਕੇ ਤੋਂ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਹਰਸਾ ਬੇਲਾ, ਭਲਾਣ, ਭਨਾਮ, ਬੇਲਾ ਧਿਆਨੀ ਲੋਅਰ, ਐਲਗਰਾਂ ਅਤੇ ਤਰਫ ਮਜ਼ਾਰੀ ਦੇ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢੇ ਜਾਣ ਦੇ ਕੰਮ ਦੀ ਖੁਦ ਮੌਕੇ ਤੇ ਪੁੱਜ ਕੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਵੱਲੋਂ ਅੱਜ ਰੂਪਨਗਰ ਦੀ ਬਜਾਇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੀ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਸੱਦ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ। ਇਸੇ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਐਮਰਜੰਸੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਤਲੁਜ ਦਰਿਆ ਦੇ ਬਿਲਕੁਲ ਨਾਲ ਸਥਿਤ ਪਿੰਡਾਂ ਨੂੰ ਖਾਲੀ ਕਰਵਾ ਕੇ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਪਹੁੰਚਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪਾਣੀ ਦੀ ਮਾਰ ਤੋਂ ਬਚਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ 200 ਤੋਂ ਵੱਧ ਲੋਕਾਂ ਨੂੰ ਹੜ੍ਹ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨੰਗਲ ਤਹਿਸੀਲ ਦੇ 10 ਤੇ ਸ੍ਰੀ ਆਨੰਦਪੁਰ ਸਾਹਿਬ ਤਹਿਸੀਲ ਦੇ 8 ਪਿੰਡ ਜ਼ਿਆਦਾ ਪ੍ਰਭਾਵਿਤ ਹੋਏ ਹਨ।

Advertisement
Author Image

Advertisement