ਮਾਲ ਮੰਤਰੀ ਵੱਲੋਂ 3.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
ਪੱਤਰ ਪ੍ਰੇਰਕ
ਜਲੰਧਰ, 27 ਜੂਨ
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਥੇ ਕਪੂਰਥਲਾ ਰੋਡ ਵਿਖੇ ਸਟੇਟ ਪਟਵਾਰ ਸਕੂਲ ਲਈ 3.68 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਮਾਲ ਮੰਤਰੀ ਨੇ ਕੰਪਲੈਕਸ ਦੇ ਨਵੀਨੀਕਰਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਇਮਾਰਤ ਵਿੱਚ ਸੋਲਰ ਊਰਜਾ ਪਲਾਂਟ ਦਾ ਉਦਘਾਟਨ ਕੀਤਾ। ਜਿੰਪਾ ਨਾਲ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੂਰਾਲ, ਵਧੀਕ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸਟੇਟ ਪਟਵਾਰ ਸਕੂਲ ਅਤੇ ਡਾਇਰੈਕਟਰ ਲੈਂਡ ਰਿਕਾਰਡ ਕੰਪਲੈਕਸ ਦੇ ਨਵੀਨੀਕਰਨ ‘ਤੇ 3.28 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜਿਸ ਸਦਕਾ ਇੱਥੇ ਮਾਲ ਅਧਿਕਾਰੀਆਂ ਨੂੰ ਦਿੱਤੀ ਜਾਣ ਵਾਲੀ ਸਿਖ਼ਲਾਈ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇਗਾ। ਮਾਲ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ ਸੂਬੇ ਭਰ ਵਿੱਚ ਮਾਲ ਵਿਭਾਗ ਦੀਆਂ ਇਮਾਰਤਾਂ ਦੀ ਉਸਾਰੀ ਅਤੇ ਨਵੀਨੀਕਰਨ ਲਈ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਫੰਡ ਵਿੱਚੋਂ 99.60 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਜਦਕਿ ਇਸੇ ਮੰਤਵ ਲਈ ਚਾਲੂ ਵਿੱਤੀ ਸਾਲ ਦੌਰਾਨ ਕਰੀਬ 100 ਕਰੋੜ ਰੁਪਏ ਦੇ ਫੰਡ ਸੁਸਾਇਟੀ ਦੇ ਫੰਡ ਵਿੱਚੋਂ ਜਾਰੀ ਕੀਤੇ ਜਾਣਗੇ। ਨਵੇਂ ਸੋਲਰ ਊਰਜਾ ਪਲਾਂਟ ਬਾਰੇ ਬੋਲਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਹ ਸੋਲਰ ਊਰਜਾ ਪਲਾਂਟ ਪ੍ਰਤੀ ਸਾਲ ਲਗਪਗ 90,000 ਯੂਨਿਟ ਬਿਜਲੀ ਪੈਦਾ ਕਰੇਗਾ, ਜਿਸ ਸਦਕਾ ਇਸ ਇਮਾਰਤ ਨੂੰ ਊਰਜਾ ਦੀ ਲੋੜ ਦੇ ਮਾਮਲੇ ਵਿੱਚ ਕਾਫੀ ਹੱਦ ਤੱਕ ਆਤਮ-ਨਿਰਭਰ ਬਣਾਇਆ ਜਾ ਸਕੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪ੍ਰਾਜੈਕਟ ਸਟੇਟ ਬੈਂਕ ਆਫ਼ ਇੰਡੀਆ ਦੀ ਮਦਦ ਨਾਲ 40 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਹੈ। ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਵਿਦਿਆਰਥੀਆਂ ਨੂੰ ਆਪਣੇ ਖੇਤਰ ਵਿੱਚ ਸਫ਼ਲਤਾ ਹਾਸਲ ਕਰਕੇ ਸਮਾਜ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਵਧੀਕ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਮੌਜੂਦ ਸਨ।