ਬਾਬੇ ਨਾਨਕ ਦੀ ਧਰਤੀ ਤੋਂ ਹੋਵੇਗੀ ਵਿਕਾਸ ਦੀ ਸ਼ੁਰੂਆਤ: ਰਵਜੋਤ ਸਿੰਘ
ਹਤਿੰਦਰ ਮਹਿਤਾ
ਜਲੰਧਰ, 26 ਸਤੰਬਰ
ਪੰਜਾਬ ਦੇ ਨਵੇਂ ਬਣੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਹੁਦਾ ਸੰਭਾਲਣ ਤੋਂ ਬਾਅਦ ਨਿਰਮਲ ਕੁਟੀਆ ਸੀਚੇਵਾਲ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਨਿਰਮਲ ਕੁਟੀਆ ਵਿੱਚ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਣ ਤੋਂ ਬਾਅਦ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਤ ਸੀਚੇਵਾਲ ਨੇ ਡਾ. ਰਵਜੋਤ ਸਿੰਘ ਨੂੰ ਮੰਤਰੀ ਬਣਨ ’ਤੇ ਵਧਾਈ ਦਿੱਤੀ ਅਤੇ ਸ਼ਹਿਰਾਂ ਦੇ ਵਿਕਾਸ ਨੂੰ ਤਰਜੀਹ ਦੇਣ ’ਤੇ ਵੀ ਜ਼ੋਰ ਦਿੱਤਾ।
ਗੱਲਬਾਤ ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਾਬੇ ਨਾਨਕ ਦੀ ਧਰਤੀ ਤੋਂ ਪੰਜਾਬ ਦੇ ਸ਼ਹਿਰਾਂ ਦੇ ਵਿਕਾਸ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਜਿੱਥੇ ਗੁਰੂ ਨਾਨਕ ਦੇਵ ਜੀ ਆਪਣੇ ਜੀਵਨ ਦਾ ਲੰਬਾ ਸਮਾਂ ਗੁਜ਼ਾਰਿਆ ਸੀ, ਉਸ ਸ਼ਹਿਰ ਦੇ ਵਿਕਾਸ ਤੋਂ ਇਹ ਸ਼ੁਰੂਆਤ ਕਰਕੇ ਪੰਜਾਬ ਦੇ ਬਾਕੀ ਸ਼ਹਿਰਾਂ ਦੇ ਨਕਸ਼ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਸੰਜੀਦੀਗੀ ਨਾਲ ਯਤਨਸ਼ੀਲ ਰਹੇਗੀ।
ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੰਤਰੀ ਮੰਡਲ ਵਿੱਚ ਸ਼ਾਮਿਲ ਕਰਕੇ ਜਿਹੜੀ ਨਵੀਂ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਾ. ਰਵਜੋਤ ਸਿੰਘ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਉਹ ਇਸ ਅਹੁਦੇ ਰਾਹੀਂ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇਣਗੇ।