ਬਟਾਲਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ: ਕਲਸੀ
ਨਿੱਜੀ ਪੱਤਰ ਪ੍ਰੇਰਕ
ਬਟਾਲਾ, 24 ਜੂਨ
ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਇੱਥੋਂ ਦੇ ਜਲੰਧਰ ਬਾਈਪਾਸ ਤੋਂ ਅੰਮ੍ਰਿਤਸਰ ਬਾਈਪਾਸ ਤੱਕ ਸੜਕ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਹੁਣ ਇਹ ਸੜਕ 23 ਫੁੱਟ ਤੋਂ 33 ਫੁੱਟ ਚੌੜੀ ਹੋਵੇਗੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਵਿਕਾਸ ਪੱਖੋਂ ਬਟਾਲਾ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਜਲੰਧਰ-ਅੰਮ੍ਰਿਤਸਰ ਬਾਈਪਾਸ ਦੇ ਦੁਕਾਨਦਾਰਾਂ, ਹੋਟਲ ਮਾਲਕਾਂ ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ। ਇਹ ਬਾਈਪਾਸ ਸੜਕ ਚੌੜੀ ਹੋਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਵਿੱਚ ਕਿਸੇ ਪ੍ਰਕਾਰ ਦੀ ਕੋਈ ਅਣਗਲਿੀ ਨਾ ਵਰਤੀ ਜਾਵੇ। ਉਨ੍ਹਾਂ ਸਖ਼ਤ ਸਬਦਾਂ ਵਿੱਚ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇੱਕ ਸਵਾਲ ਦਾ ਜਵਾਬ ’ਚ ਵਿਧਾਇਕ ਕਲਸੀ ਨੇ ਕਿਹਾ ਕਿ ਉਨ੍ਹਾਂ ਦਾ ਸੁਫ਼ਨਾ ਹੈ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਾ ਰਹਿਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਫਤਿਹਗੜ੍ਹ ਚੂੜੀਆਂ ਚੌਕ ਬਟਾਲਾ ਤੋਂ ਅੰਮ੍ਰਿਤਸਰ ਚੌਕ ਬਟਾਲਾ ਤੱਕ ਬਾਈਪਾਸ ਨੂੰ ਚੌੜਾ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ।