ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਵਿੱਚ ਵਿਕਾਸ ਕੰਮ ਕਰਵਾਏ ਜਾਣਗੇ: ਕਟਾਰੀਆ
ਪੱਤਰ ਪ੍ਰੇਰਕ
ਜ਼ੀਰਾ, 20 ਅਕਤੂਬਰ
ਪਿੰਡ ਲੌਂਗੋਦੇਵਾ ਵਿੱਚ ਨਵੀਂ ਚੁਣੀ ਪੰਚਾਇਤ ਨੂੰ ਵਧਾਈਆਂ ਦਿੰਦਿਆਂ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਦਾ ਵਾਅਦਾ ਪੂਰਾ ਕਰਨ ਦੀ ਜ਼ਿੰਮੇਵਾਰੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੰਮਾਂ ਨੂੰ ਵੇਖਦੇ ਹੋਏ ਲੋਕਾਂ ਨੇ ਬਹੁਤ ਵੱਡਾ ਫਤਵਾ ਦਿੱਤਾ ਹੈ, ਜਿਨ੍ਹਾਂ ਨੇ ਇਮਾਨਦਾਰ ਲੋਕਾਂ ਨੂੰ ਚੁਣ ਪਿੰਡਾਂ ਦੇ ਸਰਪੰਚ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਜ਼ੀਰਾ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਲੋਕਾਂ ਨੇ ਵੱਡੀ ਗਿਣਤੀ ਵਿੱਚ ਸਰਬਸੰਮਤੀ ਨਾਲ ਸਰਪੰਚਾਂ ਦੀ ਚੋਣ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਆਪ ਵਰਕਰਾਂ ਦੀ ਕਾਰਗੁਜ਼ਾਰੀ ਦੇ ਹੱਕ ਵਿੱਚ ਲੋਕਾਂ ਨੇ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫੰਡ ਲਿਆ ਕੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਸਰਪੰਚ ਰਾਮ ਸਿੰਘ, ਗੁਰਬਿੰਦਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਕੌਰ, ਕੁਲਜੀਤ ਕੌਰ ਅਤੇ ਸ਼ਿੰਦਰਪਾਲ ਸਿੰਘ ਨੂੰ ਵਧਾਈ ਦਿੱਤੀ। ਸਰਪੰਚ ਰਾਮ ਸਿੰਘ ਨੇ ਕਿਹਾ ਕਿ ਉਹ ਪਿੰਡ ਦਾ ਸਰਬਪੱਖੀ ਵਿਕਾਸ ਬਿਨਾਂ ਭੇਦ-ਭਾਵ ਤੋਂ ਕਰਵਾਉਣਗੇ।