ਦੇਵੀਗੜ੍ਹ: ਨਗਰ ਪੰਚਾਇਤ ਵੱਲੋਂ ਵਿਕਾਸ ਲਈ ਮਤੇ ਪਾਸ
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 1 ਫਰਵਰੀ
ਨਗਰ ਪੰਚਾਇਤ ਦੇਵੀਗੜ੍ਹ ਦੀ ਪਲੇਠੀ ਮੀਟਿੰਗ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਹੋਈ, ਜਿਸ ’ਚ ਪ੍ਰਧਾਨ ਸਵਿੰਦਰ ਕੌਰ ਧੰਜੂ ਨੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਨਗਰ ਪੰਚਾਇਤ ਦੇ ਮੈਂਬਰ, ਕਾਰਜਸਾਧਕ ਅਫਸਰ ਰਾਕੇਸ਼ ਅਰੋੜਾ ਤੇ ਜੇਈ ਹੋਰ ਅਧਿਕਾਰੀ ਮੌਜੂਦ ਸਨ। ਮੀਟਿੰਗ ਵਿੱਚ ਵਿਧਾਇਕ ਪਠਾਣਮਾਜਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਪੰਚਾਇਤ ਦੇਵੀਗੜ੍ਹ ’ਚ 4 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਕੰਮਾਂ ਨੂੰ ਜਲਦ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਨੂੰ ਵਿਕਾਸ ਲਈ ਗਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪ੍ਰਧਾਨ ਸਵਿੰਦਰ ਕੌਰ ਧੰਜੂ ਨੇ ਸਾਰੇ ਮੈਂਬਰਾਂ ਨਾਲ ਦੇਵੀਗੜ੍ਹ ਸ਼ਹਿਰ ਦੇ ਵਿਕਾਸ ਕਰਨ ਬਾਰੇ, ਸਫਾਈ ਦਾ ਸੁਧਾਰ ਕਰਨ ਬਾਰੇ, ਸ਼ਹਿਰ ’ਚ ਸਟਰੀਟ ਲਾਈਟਾਂ ਲਗਾਉਣ ਬਾਰੇ, ਕਸਬੇ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਅਤੇ ਪੁਰਾਣੇ ਬਾਜ਼ਾਰ ਦੀ ਸੜਕ ਪੱਕੀ ਕਰਨ ਬਾਰੇ ਮਤੇ ਪਾਸ ਕੀਤੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਚੱਲ ਰਹੇ ਸੀਵਰੇਜ ਦੇ ਕੰਮ ਤੇ ਹਰੇਕ ਘਰ ਵਿੱਚ ਸਾਫ ਸੁਥਰੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਮੀਟਿੰਗ ਵਿੱਚ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਕਪੂਰੀ, ਕੈਲਾਸ਼ ਰਾਣੀ ਖਨੇਜਾ, ਹੈਪੀ ਰਾਮ, ਬਲਿਹਾਰ ਰਾਮ, ਬੂਟਾ ਸਿੰਘ ਥਿੰਦ, ਸ਼ੁਭਮ ਲਾਂਬਾ ਅਤੇ ਕਰਮਜੀਤ ਸਿੰਘ ਢਿੱਲੋਂ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਮੌਜੂਦ ਸਨ।