ਡੀਜੀਪੀ ਗੌਰਵ ਯਾਦਵ ਵੱਲੋਂ ਵਿਸ਼ੇਸ਼ ਨਾਕਿਆਂ ਦਾ ਦੌਰਾ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਅਕਤੂਬਰ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਲੁਧਿਆਣਾ ਪੁਲੀਸ ਵੱਲੋਂ ਵੱਖ ਵੱਖ ਥਾਵਾਂ ’ਤੇ ਲਗਾਏ ਗਏ ਵਿਸ਼ੇਸ਼ ਨਾਕਿਆਂ ਦਾ ਦੌਰਾ ਕੀਤਾ। ਤਿਉਹਾਰਾਂ ਦੇ ਮੱਦੇਨਜ਼ਰ ਲਗਾਏ ਗਏ ਇਹ ਵਿਸ਼ੇਸ਼ ਨਾਕੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਕੋਈ ਅਣਚਾਹੀ ਘਟਨਾ ਵਾਪਰਨ ਤੋਂ ਰੋਕਣ ਲਈ ਲਗਾਏ ਗਏ ਹਨ। ਡੀਜੀਪੀ ਦੇ ਦੌਰੇ ਮੌਕੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸਣੇ ਸਾਰੇ ਸੀਨੀਅਰ ਪੁਲੀਸ ਅਧਿਕਾਰੀ ਸੜਕਾਂ ’ਤੇ ਡਟੇ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਡੀਜੀਪੀ ਨੇ ਮੁਲਾਜ਼ਮਾਂ ਦੇ ਨਾਲ ਗੱਲਬਾਤ ਕੀਤੀ ਤੇ ਰਜਿਸਟਰ ਵੀ ਚੈੱਕ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਉਥੇ ਮੌਜੂਦ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਲੋਕਾਂ ਤੋਂ ਪੁਲੀਸ ਮੁਲਾਜ਼ਮਾਂ ਦੇ ਰਵੱਈਏ ਬਾਰੇ ਵੀ ਸਵਾਲ ਪੁੱਛੇ। ਜ਼ਿਕਰਯੋਗ ਹੈ ਕਿ ਇਸ ਦੌਰਾਨ ਡੀਜੀਪੀ ਯਾਦਵ ਨੇ ਕਈ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਹੈ। ਚੰਡੀਗੜ੍ਹ ਰੋਡ ’ਤੇ ਲੱਗੇ ਨਾਕੇ ਵਿੱਚ ਡੀਜੀਪੀ ਦੇ ਕਾਰ ਤੋਂ ਹੇਠਾਂ ਉਤਰਨ ’ਤੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਏਸੀਪੀ ਜਸਕਿਰਨਜੀਤ ਸਿੰਘ ਤੇਜਾ ਉਨ੍ਹਾਂ ਨੂੰ ਮਿਲੇ। ਇਸ ਤੋਂ ਬਾਅਦ ਡੀਜੀਪੀ ਖੁਦ ਅੱਗੇ ਆ ਕੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਗੌਰਵ ਯਾਦਵ ਨੇ ਲੋਕਾਂ ਨਾਲ ਗੱਲਬਾਤ ਕਰਕੇ ਪੁਲੀਸ ਦੇ ਕੰਮਕਾਜ ਦੀ ਵੀ ਜਾਂਚ ਕੀਤੀ। ਡੀਜੀਪੀ ਯਾਦਵ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਚੈਕਿੰਗ ਜਾਰੀ ਰਹੇਗੀ। ਪੁਲੀਸ ਵੱਲੋਂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਪੁਲੀਸ ਨੇ ਤਿੰਨ ਟਰਿੱਪਲ ਸਵਾਰੀ ਵਾਹਨਾਂ ਦੇ ਚਲਾਨ ਕੱਟੇ। ਇਸ ਤੋਂ ਇਲਾਵਾ ਦੋ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਏ ਜਾਣ ਦੀ ਸੂਚਨਾ ਹੈ।