For the best experience, open
https://m.punjabitribuneonline.com
on your mobile browser.
Advertisement

ਡੀਜੀਪੀ ਨੇ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਦਿੱਤੀ ਖੁੱਲ੍ਹ

08:02 AM Jun 14, 2024 IST
ਡੀਜੀਪੀ ਨੇ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਦਿੱਤੀ ਖੁੱਲ੍ਹ
ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀਜੀਪੀ ਗੌਰਵ ਯਾਦਵ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 13 ਜੂਨ
ਡੀਜੀਪੀ ਗੌਰਵ ਯਾਦਵ ਨੇ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਐੱਸਐੱਸਪੀ, ਕਮਿਸ਼ਨਰ ਆਫ ਪੁਲੀਸ (ਸੀਪੀ) ਤੇ ਐੱਸਐੱਚਓ ਰੈਂਕ ਤੱਕ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਸਾਰੇ ਪੁਲੀਸ ਅਧਿਕਾਰੀਆਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਹੈ। ਇਸ ਮੌਕੇ ਸੂਬੇ ਦੀਆਂ ਅੱਠ ਰੇਂਜਾਂ ਦੇ ਏਡੀਜੀਪੀਜ਼, ਆਈਜੀਜ਼, ਡੀਆਈਜੀਜ਼, 28 ਸੀਪੀਜ਼ ਤੇ ਐੱਸਐੱਸਪੀਜ਼, 117 ਡੀਐੱਸਪੀਜ਼ ਅਤੇ 454 ਐੱਸਐੱਚਓਜ਼ ਨੇ ਮੀਟਿੰਗ ਵਿੱਚ ਹਿੱਸਾ ਲਿਆ।
ਸ੍ਰੀ ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਸਾਲ 2023 ਵਿੱਚ 1450 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਡਰੱਗ ਮਨੀ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਡੋਮੇਨ ਮਾਹਿਰਾਂ ਦੀਆਂ ਸੇਵਾਵਾਂ ਲੈਣ ਅਤੇ ਡਰੱਗ ਸਪਲਾਇਰਾਂ ਵੱਲੋਂ ਗੈਰਕਾਨੂੰਨੀ ਤੌਰ ’ਤੇ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਦੀ ਅਪੀਲ ਕੀਤੀ। ਡੀਜੀਪੀ ਨੇ ਸਾਰੇ ਸੀਪੀਜ਼ ਤੇ ਐੱਸਐੱਸਪੀਜ਼ ਨੂੰ ਸੂਬੇ ਵਿੱਚੋਂ ਗੈਂਗਸਟਰ ਕਲਚਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਯੂਨਿਟਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਹੁਕਮ ਵੀ ਦਿੱਤੇ। ਫੀਲਡ ਅਫਸਰਾਂ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਐੱਸਟੀਐੱਫ ਕੁਲਦੀਪ ਸਿੰਘ ਨੇ ਕਿਹਾ ਕਿ ਇੱਕ ਅਜਿਹੀ ਹੈਲਪਲਾਈਨ ਸਥਾਪਤ ਕੀਤੀ ਜਾ ਰਹੀ ਹੈ, ਜਿਸ ਨਾਲ ਆਮ ਲੋਕ ਨਸ਼ਿਆਂ ਸਬੰਧੀ ਗੁਪਤ ਜਾਣਕਾਰੀ ਸਾਂਝੀ ਕਰ ਸਕਣਗੇ। ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਨਾਈਟ ਡੌਮੀਨੈਂਸ ਅਪ੍ਰੇਸ਼ਨਾਂ ਨੂੰ ਅੰਜਾਮ ਦੇਣ ਅਤੇ ਵਾਰ-ਵਾਰ ਅਪਰਾਧ ਕਰਨ ਵਾਲਿਆਂ, ਖਾਸ ਤੌਰ ’ਤੇ ਜਿਨ੍ਹਾਂ ਵਿਰੁੱਧ ਤਿੰਨ ਐਫਆਈਆਰ ਦਰਜ ਹਨ, ਉਨ੍ਹਾਂ ’ਤੇ ਚੌਕਸੀ ਰੱਖਣ ’ਤੇ ਜ਼ੋਰ ਦਿੱਤਾ। ਏਡੀਜੀਪੀ ਏਜੀਟੀਐੱਫ ਪ੍ਰਮੋਦ ਬਾਨ ਨੇ ਫੀਲਡ ਯੂਨਿਟ ਦੇ ਅਧਿਕਾਰੀਆਂ ਨੂੰ ਜ਼ਮਾਨਤ ’ਤੇ ਰਿਹਾਅ ਹੋਏ ਗੈਂਗਸਟਰਾਂ ਅਤੇ ਅਪਰਾਧੀਆਂ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਏਡੀਜੀਪੀ ਇੰਟੈਲੀਜੈਂਸ ਆਰਕੇ ਜੈਸਵਾਲ ਅਤੇ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੇ ਵੀ ਜਾਣਕਾਰੀ ਸਾਂਝੀ ਕੀਤੀ।

Advertisement

ਪਾਕਿ ਤੇ ਜੰਮੂ-ਕਸ਼ਮੀਰ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚੌਕਸੀ ਦੇ ਆਦੇਸ਼

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਜੰਮੂ-ਕਸ਼ਮੀਰ ਵਿੱਚ ਅਤਿਵਾਦੀ ਹਮਲਿਆਂ ਨੂੰ ਦੇਖਦਿਆਂ ਪੰਜਾਬ ਪੁਲੀਸ ਅਤੇ ਸੀਮਾ ਸੁਰੱਖਿਆ ਬਲ ਨੂੰ ਚੌਕਸ ਕੀਤਾ ਗਿਆ ਹੈ। ਇਸ ਸਬੰਧ ਵਿੱਚ ਅੱਜ ਡੀਜੀਪੀ ਪੰਜਾਬ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਜਿਨ੍ਹਾਂ ਵਿੱਚ ਏਡੀਜੀਪੀ, ਆਈਜੀ, ਡੀਆਈਜੀ, ਐੱਸਐੱਸਪੀ ਅਤੇ ਐੱਸਪੀ ਤੋਂ ਇਲਾਵਾ ਹੋਰ ਅਧਿਕਾਰੀ ਸ਼ਾਮਲ ਹਨ, ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਅਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪਾਕਿਸਤਾਨ ਤੇ ਜੰਮੂ-ਕਸ਼ਮੀਰ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਚੌਕਸੀ ਵਰਤਣ ਅਤੇ ਨਿਗਰਾਨੀ ਤੇਜ਼ ਕਰਨ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ ਅਤੇ ਭਾਰਤੀ ਫੌਜ ਨਾਲ ਤਾਲਮੇਲ ਕਰਕੇ ਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਦੇਸ਼ ਵਿਰੋਧੀ ਤਾਕਤਾਂ ਦੀ ਘੁਸਪੈਠ ਨੂੰ ਨਾਕਾਮ ਕੀਤਾ ਜਾ ਸਕੇ। ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਨੇ ਕਿਹਾ ਕਿ ਜੰਮੂ-ਕਸ਼ਮੀਰ ਨਾਲ ਲੱਗਦੀ ਅੰਤਰਰਾਜੀ ਸਰਹੱਦ ’ਤੇ ਵੀ ਸੁਰੱਖਿਆ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਘੁਸਪੈਠ ਜਾਂ ਹਮਲੇ ਨੂੰ ਨਾਕਾਮ ਕਰਨ ਲਈ ਭਾਰਤ-ਪਾਕਿਸਤਾਨ ਸਰਹੱਦ ਅਤੇ ਜੰਮੂ-ਕਸ਼ਮੀਰ ਦੇ ਨਾਲ ਲਗਦੀ ਸਰਹੱਦ ’ਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਪੁਲੀਸ ਕਮਾਂਡੋ ਤੇ ਪੰਜਾਬ ਆਰਮਡ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਸਣੇ ਵਾਧੂ ਸੁਰੱਖਿਆ ਬਲ ਸਰਹੱਦੀ ਖੇਤਰ ਵਿੱਚ ਤਾਇਨਾਤ ਕੀਤੇ ਜਾ ਰਹੇ ਹਨ ।

Advertisement
Author Image

joginder kumar

View all posts

Advertisement
Advertisement
×