ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ
ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸ੍ਰੀ ਗੁਰੂ ਰਾਮਦਾਸ ਜੀ ਦੀ ਵਡਿਆਈ ਵੱਡੀ ਹੈ। ਆਪ ਜੀ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਮਿਸਾਲ ਦੁਨੀਆ ਦੇ ਇਤਿਹਾਸ ਅੰਦਰ ਕਿਧਰੇ ਹੋਰ ਨਹੀਂ ਮਿਲਦੀ। ਉਨ੍ਹਾਂ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ; ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ। ਉਨ੍ਹਾਂ ਦੇ ਜੀਵਨ ਦੀ ਵਡਿਆਈ ਨੂੰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਇਉਂ ਬਿਆਨ ਕੀਤਾ ਹੈ:
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ॥
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ॥
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ॥ (968)
ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਚੂਨਾ ਮੰਡੀ ਲਾਹੌਰ ਦੇ ਵਸਨੀਕ ਸ੍ਰੀ ਹਰਿਦਾਸ ਜੀ ਅਤੇ ਦਇਆ ਕੌਰ ਜੀ ਦੇ ਗ੍ਰਹਿ ਵਿਖੇ ਕੱਤਕ ਵਦੀ 2, ਸੰਮਤ 1591 (ਸੰਨ 1534) ਨੂੰ ਹੋਇਆ। ਪਰਿਵਾਰ ਨੇ ਆਪ ਜੀ ਦਾ ਨਾਮ ਜੇਠਾ ਰੱਖਿਆ। ਬਾਲ ਅਵਸਥਾ ਵਿਚ ਹੀ ਆਪ ਦੇ ਸਿਰ ਤੋਂ ਮਾਤਾ-ਪਤਿਾ ਦਾ ਸਾਇਆ ਉਠ ਗਿਆ। ਮਾਤਾ ਪਤਿਾ ਦੇ ਚਲਾਣੇ ਪਿੱਛੋਂ ਆਪ ਦੇ ਬਚਪਨ ਦਾ ਬਹੁਤਾ ਸਮਾਂ ਨਾਨਕੇ ਘਰ ਪਿੰਡ ਬਾਸਰਕੇ ਜ਼ਿਲ੍ਹਾ ਅੰੰਮਿ੍ਤਸਰ ਵਿਚ ਬੀਤਿਆ ਜਿਥੇ ਆਪ ਘੁੰਗਣੀਆਂ ਵੇਚ ਕੇ ਘਰ ਦੇ ਨਿਰਬਾਹ ਵਿਚ ਹਿੱਸਾ ਪਾਉਂਦੇ। ਬਾਸਰਕੇ ਸ੍ਰੀ ਗੁਰੂ ਅਮਰਦਾਸ ਜੀ ਦੀ ਨਗਰੀ ਸੀ ਜਿਥੋਂ ਅਕਸਰ ਸੰਗਤ ਗੁਰੂ ਜੀ ਦੇ ਦਰਸ਼ਨਾਂ ਨੂੰ ਗੋਇੰਦਵਾਲ ਜਾਂਦੀ ਸੀ। ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਘ ਸਦਕਾ ਆਪ ਵੀ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਗੁਰੂ-ਦਰਬਾਰ ਵਿਚ ਸਵੇਰੇ-ਸ਼ਾਮ ਕਥਾ ਕੀਰਤਨ ਸਰਵਣ ਕਰਦਿਆਂ ਆਪ ਨਿਸ਼ਕਾਮ ਸੇਵਾ ਵੀ ਡਟ ਕੇ ਕਰਦੇ। ਇਸ ਦੌਰਾਨ ਭਾਈ ਜੇਠਾ ਜੀ ਨੇ ਆਪਣੇ ਨਿਰਬਾਹ ਲਈ ਘੁੰਗਣੀਆਂ ਵੇਚਣ ਦੀ ਕਾਰ ਵੀ ਜਾਰੀ ਰੱਖੀ। ਆਪ ਦੀ ਨਿਮਰਤਾ, ਸੇਵਾ-ਸਿਮਰਨ, ਕਿਰਤ ਅਤੇ ਨੇਕ ਸੁਭਾਅ ਦੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਪੁੱਤਰੀ ਬੀਬੀ ਭਾਨੀ ਜੀ ਦਾ ਰਿਸ਼ਤਾ ਆਪ ਜੀ ਨਾਲ ਕਰ ਦਿੱਤਾ। ਗੁਰੂ ਘਰ ਦਾ ਦਾਮਾਦ ਬਣ ਕੇ ਵੀ ਭਾਈ ਜੇਠਾ ਜੀ ਨੇ ਲੋਕ-ਲਾਜ ਦੀ ਪਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂ ਘਰ ਦੀ ਸੇਵਾ ਵਿਚ ਤੱਤਪਰ ਰਹੇ। ਸ੍ਰੀ ਗੁਰੂ ਅਮਰਦਾਸ ਜੀ ਭਾਈ ਜੇਠਾ ਜੀ ਦਾ ਸੇਵਾ ਭਾਵ ਤੇ ਅਣਥੱਕ ਘਾਲ ਦੇਖ ਕੇ ਬਹੁਤ ਪ੍ਰਸੰਨ ਸਨ। ਆਪ ਜੀ ਭਾਈ ਜੇਠਾ ਜੀ ਨੂੰ ਪਿਆਰ ਨਾਲ ਰਾਮਦਾਸ ਕਹਿ ਕੇ ਬਲਾਉਂਦੇ ਸਨ ਜਿਸ ਤੋਂ ਸੰਗਤਾਂ ਵਿਚ ਉਨ੍ਹਾਂ ਦਾ ਨਾਮ ਸ੍ਰੀ ਰਾਮਦਾਸ ਪੱਕ ਗਿਆ। ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੇ ਤੋਂ ਬਾਅਦ ਗੁਰਿਆਈ ਲਈ ਯੋਗ ਜਾਣਦਿਆਂ ਆਪ ਜੀ ਨੂੰ ਗੁਰਗੱਦੀ ਦੀ ਜ਼ਿੰਮੇਵਾਰੀ ਸੌਂਪੀ।
ਸ੍ਰੀ ਅੰੰਮਿ੍ਤਸਰ ਦੀ ਸਥਾਪਨਾ ਆਪ ਜੀ ਦਾ ਅਹਿਮ ਕਾਰਜ ਹੈ। ਸ੍ਰੀ ਗੁਰੂ ਰਾਮਦਾਸ ਜੀ ਤੀਜੇ ਪਾਤਿਸ਼ਾਹ ਜੀ ਦੇ ਹੁਕਮ ਨਾਲ ਇਥੇ ਆਏ ਅਤੇ ਸਰੋਵਰ ਦੀ ਖੁਦਵਾਈ ਆਰੰਭ ਕਰਵਾਈ। ਇਹ ਸਰੋਵਰ ਸੰਤੋਖਸਰ ਦੇ ਨਾਂ ਨਾਲ ਪ੍ਰਸਿੱਧ ਹੋਇਆ। ਇਸੇ ਦੌਰਾਨ ਆਪ ਨੇ ਨਗਰ ‘ਗੁਰੂ ਕਾ ਚੱਕ’ ਵਸਾਇਆ ਜੋ ਬਾਅਦ ਵਿਚ ‘ਰਾਮਦਾਸਪੁਰ/ਚੱਕ ਰਾਮਦਾਸ’ ਦੇ ਨਾਂ ਨਾਲ ਜਾਣਿਆ ਗਿਆ ਅਤੇ ਫਿਰ ‘ਸ੍ਰੀ ਅੰੰਮਿ੍ਤਸਰ’ ਵਜੋਂ ਮਸ਼ਹੂਰ ਹੋਇਆ। ਆਪ ਨੇ ਇਥੇ ਵੱਸਣ ਲਈ ਸੰਗਤਾਂ ਨੂੰ ਪ੍ਰੇਰਿਆ। ਇਸ ਨਗਰ ਨੂੰ ਆਬਾਦ ਕਰਨ ਲਈ ਆਪ ਨੇ ਵੱਖ ਵੱਖ ਹੁਨਰਾਂ ਦੇ ਕਿਰਤੀਆਂ ਨੂੰ ਇਥੇ ਵਸਾਇਆ। ਇਤਿਹਾਸ ਅਨੁਸਾਰ ਇਹ ਵੱਖ ਵੱਖ ਤਰ੍ਹਾਂ ਦੇ 52 ਕਿੱਤਿਆਂ ਨਾਲ ਸਬੰਧਤਿ ਲੋਕ ਸਨ। ਉਨ੍ਹਾਂ ਦਾ ਵਸਾਇਆ ਇਹ ਨਗਰ ਮਨੁੱਖੀ ਬਰਾਬਰੀ ਅਤੇ ਭਰਾਤਰੀ ਭਾਵ ਦੀ ਮਿਸਾਲ ਬਣਿਆ।
‘ਮਸੰਦ’ ਪ੍ਰਣਾਲੀ ਦਾ ਆਰੰਭ ਵੀ ਆਪ ਦਾ ਅਹਿਮ ਫੈਸਲਾ ਸੀ। ਮਸੰਦਾਂ ਨੇ ਗੁਰੂ ਘਰ ਦੇ ਪ੍ਰਚਾਰ-ਪ੍ਰਸਾਰ ਲਈ ਅਹਿਮ ਭੂਮਿਕਾ ਨਿਭਾਈ। ਮਸੰਦ ਸਿੱਖੀ ਦੇ ਉਹ ਪ੍ਰਚਾਰਕ ਸਨ ਜੋ ਸੰਗਤਾਂ ਤੋਂ ਗੁਰੂ ਘਰ ਲਈ ਭੇਟਾ ਇਕੱਠੀ ਕਰਦੇ ਅਤੇ ਸਿੱਖੀ ਦਾ ਪ੍ਰਚਾਰ ਕਰਦੇ। ਇਸੇ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖੀ ਦੀਆਂ ਪਰੰਪਰਾਵਾਂ ਦੇ ਪਾਲਣ ਲਈ ਸੰਗਤਾਂ ਨੂੰ ਪ੍ਰੇਰਿਆ ਅਤੇ ਸਿੱਖੀ ਮਰਯਾਦਾ ਨੂੰ ਹੋਰ ਪੱਕਿਆਂ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਆਰੰਭ ਕੀਤੀ ਲੰਗਰ ਦੀ ਮਰਯਾਦਾ ਅੱਗੇ ਤੋਰਨ ਵਿਚ ਵੀ ਆਪ ਦਾ ਵਡਮੁੱਲਾ ਯੋਗਦਾਨ ਹੈ।
ਸ੍ਰੀ ਗੁਰੂ ਰਾਮਦਾਸ ਜੀ ਨੇ ਗੁਰਬਾਣੀ ਦੀ ਰਚਨਾ ਕਰਦਿਆਂ ਅਮੁੱਲ ਤੇ ਵੱਡਾ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ। ਉਨ੍ਹਾਂ ਦੀਆਂ ਬਹੁਤ ਬਖਸ਼ਿਸ਼ਾਂ ਹਨ। ਉਨ੍ਹਾਂ ਦੇ ਉਪਦੇਸ਼ ਜੀਵਨ ਨੂੰ ਅੰਮ੍ਰਤਿਮਈ ਬਣਾਉਣ ਵਾਲੇ ਹਨ। ਉਨ੍ਹਾਂ ਦੇ ਕਾਰਜ ਮਨੁੱਖ ਨੂੰ ਆਤਮਿਕ ਅਤੇ ਸਮਾਜਿਕ ਵਿਕਾਸ ਅਤੇ ਵਿਗਾਸ ਦਾ ਰਾਹ ਦਿਖਾਉਂਦੇ ਹਨ। ਅੱਜ ਦੇ ਪਦਾਰਥਵਾਦੀ ਯੁੱਗ ਵਿਚ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਮਹੱਤਵ ਹੋਰ ਵੀ ਵਧੇਰੇ ਅਤੇ ਅਸਰਦਾਇਕ ਹੈ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸਿੱਖ ਜਗਤ ਨੂੰ ਅਪੀਲ ਹੈ ਕਿ ਆਉ ਆਪਾਂ ਸਾਰੇ ਉਨ੍ਹਾਂ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰੀਏ; ਸਿੱਖ ਪੰਥ ਦੇ ਸਿਧਾਂਤਾਂ ਨੂੰ ਵਿਹਾਰਕ ਜੀਵਨ ਦਾ ਹਿੱਸਾ ਬਣਾਈਏ।
*ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।