For the best experience, open
https://m.punjabitribuneonline.com
on your mobile browser.
Advertisement

ਠੇਕਾ ਕਾਮਿਆਂ ਵੱਲੋਂ ਧਰਨਾ ਅਤੇ ਰੋਸ ਮਾਰਚ

08:43 AM Apr 09, 2024 IST
ਠੇਕਾ ਕਾਮਿਆਂ ਵੱਲੋਂ ਧਰਨਾ ਅਤੇ ਰੋਸ ਮਾਰਚ
ਬਠਿੰਡਾ ’ਚ ਰੋਸ ਮਾਰਚ ਕਰਦੇ ਹੋਏ ਠੇਕਾ ਮੁਲਾਜ਼ਮ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 8 ਅਪਰੈਲ
ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਤੇ ਇਨਲਿਸਟਮੈਂਟ ਠੇਕਾ ਕਾਮਿਆਂ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਅੱਜ ਇੱਥੇ ਮਿਨੀ ਸਕੱਤਰੇਤ ਸਾਹਮਣੇ ਧਰਨਾ ਦੇਣ ਤੋਂ ਬਾਅਦ ਫੌਜੀ ਚੌਕ ਤੱਕ ਰੋਸ ਮਾਰਚ ਕੀਤਾ।
ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਪੰਨੂ, ਜਗਸੀਰ ਭੰਗੂ, ਖੁਸ਼ਦੀਪ, ਰਾਜੇਸ਼ ਮੌੜ, ਹਰਜਿੰਦਰ ਬਰਾੜ, ਦੀਪਕ ਭੱਲਾ ਅਤੇ ਰਣਜੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰ ਕੇ ਪੱਕਾ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ‘ਆਪ’ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਸਬ-ਕਮੇਟੀਆਂ ਕਾਇਮ ਕਰ ਕੇ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ 15-20 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਨਾਲ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਰਕਾਰ ਵੱਲੋਂ ਹਾਲੇ ਤੱਕ ਕੋਈ ਨੀਤੀ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਰੀਬ 20 ਵਾਰ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਾਉਣ ਦੇ ਭਰੋਸੇ ਵੀ ਵਫ਼ਾ ਨਹੀਂ ਹੋਏ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ’ਚ ਚੋਣ ਪ੍ਰਚਾਰ ਦੌਰਾਨ ਠੇਕਾ ਕਾਮੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਉਮੀਦਵਾਰਾਂ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਸਾਰੇ ਸਰਕਾਰੀ ਵਿਭਾਗਾਂ ਦੇ ਠੇਕਾ ਕਾਮਿਆਂ ਨੂੰ ਤਜਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਮਰਜ਼ ਕਰ ਕੇ ਪੱਕਾ ਕੀਤਾ ਜਾਵੇ, 15ਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਅਤੇ ਅਜੋਕੀ ਮਹਿੰਗਾਈ ਮੁਤਾਬਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਕੀਤੀ ਜਾਵੇ, ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਤੇ ਵਿਭਾਗਾਂ ਵਿੱਚੋਂ ਠੇਕੇਦਾਰਾਂ ਤੇ ਕੰਪਨੀਆਂ ਨੂੰ ਬਾਹਰ ਕੀਤਾ ਜਾਵੇ ਤਾਂ ਜੋ ਵਿਭਾਗਾਂ ਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਬੰਦ ਹੋ ਸਕੇ।

Advertisement

Advertisement
Author Image

Advertisement
Advertisement
×