ਵੋਟਿੰਗ ਦੌਰਾਨ ਗੋਲੀ ਚਲਾਉਣ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਭਾਜਪਾ ਵੱਲੋਂ ਧਰਨਾ
ਸਰਬਜੀਤ ਸਿੰਘ ਭੰਗੂ
ਸਨੌਰ (ਪਟਿਆਲਾ), 24 ਅਕਤੂਬਰ
ਪੰਚਾਇਤੀ ਚੋਣਾਂ ਦੌਰਾਨ ਵੋਟਾਂ ਵਾਲੇ ਦਿਨ ਸਨੌਰ ਹਲਕੇ ’ਚ ਵਾਪਰੀਆਂ ਕਥਿਤ ਮਾਰਧਾੜ, ਧਾਂਦਲੀਆਂ ਅਤੇ ਬੂਥਾਂ ’ਤੇ ਕਬਜ਼ਿਆਂ ਦੀਆਂ ਘਟਨਾਵਾਂ ’ਚ ਸ਼ਾਮਲ ਰਹੇ ਵਿਅਕਤੀਆਂ ਖਿਲਾਫ਼ ਅਜੇ ਤੱਕ ਵੀ ਢੁਕਵੀਂ ਕਾਰਵਾਈ ਨਾ ਹੋਣ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਵੱਲੋਂ ਸਨੌਰ ਵਿੱਚ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਧਰਨੇ ’ਚ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਅਤੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਸੂਬਾਈ ਚੇਅਰਮੈਨ ਬੀਬਾ ਜੈਇੰਦਰ ਕੌਰ ਅਤੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪ੍ਰਨੀਤ ਕੌਰ ਨੇ ਐੱਸਪੀ ਰਾਜੇਸ਼ ਛਿੱਬੜ ਨਾਲ ਫੋਨ ’ਤੇ ਗੱਲ ਕੀਤੀ। ਅਖੀਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੰਦਿਆਂ ਇਹ ਧਰਨਾ ਸਮਾਪਤ ਕਰ ਦਿੱਤਾ ਗਿਆ ਪਰ ਨਾਲ ਹੀ ਚਿਤਾਵਨੀ ਵੀ ਦਿਤੀ ਕਿ ਜੇ 48 ਘੰਟਿਆਂ ’ਚ ਵੀ ਗ੍ਰਿਫ਼ਤਾਰੀ ਨਾ ਹੋਈ ਤਾਂ ਸਨੌਰ ਨਾਲ ਸਬੰਧਤ ਪਟਿਆਲਾ ਦੇ ਡੀਐੱਸਪੀ (ਰੂਰਲ) ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਧਰਨੇ ਮੌਕੇ ਪ੍ਰਨੀਤ ਕੌਰ ਦਾ ਕਹਿਣਾ ਸੀ ਕਿ ਲੋਕਤੰਤਰ ਦਾ ਘਾਣ ਕਰਦਿਆਂ ‘ਆਪ’ ਸਰਕਾਰ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ। ਬੀਬਾ ਜੈਇੰਦਰ ਕੌਰ ਦਾ ਕਹਿਣਾ ਸੀ ਕਿ ਚੋਣ ’ਚ ਜਿੱਤਣ ਵਾਲੇ ਕਈ ਵਿਅਕਤੀਆਂ ਦੀਆਂ ਵੋਟਾਂ ਜਬਰੀ ਰੱਦ ਕਰਕੇ ਉਨ੍ਹਾਂ ਨੂੰ ਹਰਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਪੰਚੀ ਦੇ ਉਮੀਦਵਾਰ ਦੇ ਸਮਰਥਕ ਸਰਬਜੀਤ ਸਿੰਘ ਪੇਟ ’ਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਸਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਦਸ ਦਿਨਾਂ ਬਾਅਦ ਵੀ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਮੌਕੇ ਹਰਵਿੰਦਰ ਹਰਪਾਲਪੁਰ ਤੇ ਜਸਪਾਲ ਗਗਰੌਲੀ ਨੇ ਕਿਹਾ ਕਿ ਇਹ ਅਣਗਹਿਲੀ, ਕਾਨੂੰਨ, ਵਿਵਸਥਾ ਦੀ ਮਸ਼ੀਨਰੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਦੀ ਹੈ।