ਖੇਤ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 10 ਸਤੰਬਰ
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਆਪਣੀਆਂ ਮੰਗਾਂ ਲਈ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ। ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਦੀ ਅਗਵਾਈ ’ਚ ਹੋਏ ਇਸ ਵਿਖਾਵੇ ਦੌਰਾਨ ਪਿੰਡ ਦਿਓਣ ’ਚ ਖੇਤ ਮਜ਼ਦੂਰਾਂ ਨੂੰ ਘਰ ਬਣਾਉਣ ਲਈ ਪਲਾਟ ਦੇਣ ਅਤੇ ਪਿੰਡ ਚੱਕ ਅਤਰ ਸਿੰਘ ਵਾਲਾ ਦੇ ਡਿੱਪੂ ਹੋਲਡਰ ’ਤੇ ਕਥਿਤ ਹੇਰਾ-ਫੇਰੀ ਦੇ ਦੋਸ਼ ਲਾ ਕੇ ਕਾਰਵਾਈ ਦੀ ਮੰਗ ਕੀਤੀ ਗਈ। ਜ਼ਿਲ੍ਹਾ ਕਨਵੀਨਰ ਸੇਵਕ ਸਿੰਘ ਮਹਿਮਾ ਸਰਜਾ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਮਨਦੀਪ ਸਿੰਘ ਸਿਵੀਆਂ ਨੇ ਕਿਹਾ ਕਿ ਪਿੰਡ ਦਿਓਣ ਦੇ ਮਜ਼ਦੂਰ ਲਗਾਤਾਰ ਰਿਹਾਇਸ਼ੀ ਪਲਾਟਾਂ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ। ਉਨ੍ਹਾਂ ਪਿੰਡ ਚੱਕ ਅਤਰ ਸਿੰਘ ਵਾਲਾ ਦੇ ਇੱਕ ਡਿੱਪੂ ਹੋਲਡਰ ’ਤੇ ਰਾਸ਼ਨ ਵਿੱਚ ਕਥਿਤ ਹੇਰਾਫੇਰੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਆਖਿਆ ਕਿ ਡਿੱਪੂ ਹੋਲਡਰ ਖ਼ਿਲਾਫ਼ ਕਾਰਵਾਈ ਦੀ ਮੰਗ ਲੈ ਕੇ ਉਹ ਪਹਿਲਾਂ ਫੂਡ ਸਪਲਾਈ ਵਿਭਾਗ ਦੇ ਅਫ਼ਸਰਾਂ ਅਤੇ ਪੁਲੀਸ ਤੱਕ ਵੀ ਪਹੁੰਚ ਕਰਦੇ ਆ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨਾਲ ਸਾਰਥਿਕ ਗੱਲਬਾਤ ਵੀ ਹੋਈ। ਉਨ੍ਹਾਂ ਦੱਸਿਆ ਕਿ ਡੀਸੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਛੇਤੀ ਜਾਂਚ ਕਰਕੇ ਦਿਓਣ ਪਿੰਡ ਦੇ ਮਜ਼ਦੂਰਾਂ ਨੂੰ ਪਲਾਟ ਦਿੱਤੇ ਜਾਣਗੇ ਅਤੇ ਡਿੱਪੂ ਹੋਲਡਰ ਦਾ ਮਾਮਲੇ ਵਾਲੇ ਮੰਗ ਪੱਤਰ ’ਤੇ ਉਨ੍ਹਾਂ ਵੱਲੋਂ ਨੋਟ ਲਾ ਕੇ ਐੱਸਐੱਸਪੀ ਕੋਲ ਭੇਜਿਆ ਗਿਆ ਹੈ। ਗੱਲਬਾਤ ਮਗਰੋਂ ਮਜ਼ਦੂਰਾਂ ਨੇ ਡੀਸੀ ਦਫ਼ਤਰ ਤੋਂ ਐਸਐਸਪੀ ਦਫ਼ਤਰ ਤੱਕ ਮਾਰਚ ਕੀਤਾ। ਉਥੇ ਐਸਪੀ ਵੱਲੋਂ ਵਫ਼ਦ ਨੂੰ ਡਿੱਪੂ ਹੋਲਡਰ ਮਾਮਲੇ ਦੀ ਛੇਤੀ ਜਾਂਚ ਦਾ ਭਰੋਸਾ ਦਿੱਤਾ ਗਿਆ।