ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 10 ਜੁਲਾਈ
ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਕਿਸਾਨਾਂ ਨੇ ਨਵੇਂ ਬਣ ਰਹੇ ਸਰਹਿੰਦ-ਸ਼ਹਿਣਾ ਐਕਸਪ੍ਰੈੱਸਵੇਅ ਨਾਲ ਸਬੰਧਤ ਆਪਣੀਆਂ ਮੰਗਾਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਉਪਰੰਤ ਡੀਸੀ ਨੂੰ ਮੰਗ ਪੱਤਰ ਸੌਂਪਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਆਗੂ ਜਰਨੈਲ ਸਿੰਘ ਜਹਾਂਗੀਰ ਅਤੇ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ ਨੇ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ 22 ਪਿੰਡਾਂ ਦੇ ਕਿਸਾਨ ਪਿਛਲੇ ਦੋ ਸਾਲਾਂ ਤੋਂ ਸਰਹਿੰਦ-ਸ਼ਹਿਣਾ ਐਕਸਪ੍ਰੈਸਵੇਅ ਵਿੱਚ ਆਪਣੀਆਂ ਜ਼ਮੀਨਾਂ ਆਉਣ ਕਾਰਨ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਗੇੜੇ ਮਾਰ ਰਹੇ ਹਨ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦੋ ਸਾਲਾਂ ਵਿੱਚ ਸਮੱਸਿਆਵਾਂ ਦੇ ਹੱਲ ਦੀ ਗੱਲ ਤਾਂ ਦੂਰ ਸਹੀ ਢੰਗ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਨਹੀਂ ਸੁਣੀਆਂ ਗਈਆਂ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਮਿਲੀਭੁਗਤ ਕਰਕੇ ਕੇਂਦਰ ਸਰਕਾਰ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਹਥਿਆਉਣਾ ਚਾਹੁੰਦੀ ਹੈ। ਇਸ ਤੋਂ ਇਲਾਵਾ ਆਪਣੀ ਪੰਜਾਬ ਮਾਰੂ ਨੀਤੀ ਤਹਿਤ ਬਾਕੀ ਬਚਦੀ ਜ਼ਮੀਨ ਲਈ ਰਸਤਾ ਬੰਦ ਕਰਕੇ, ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਸੜਕ ਦਾ ਬੰਨ੍ਹ ਲਾ ਕੇ ਪੰਜਾਬ ਦੀ ਜ਼ਮੀਨ ਨੂੰ ਮਾਰੂ ਬਣਾਉਣਾ ਚਾਹੁੰਦੀ ਹੈ। ਕਿਸਾਨਾਂ ਨੂੰ ਸਾਂਝੀਆਂ ਖੇਵਟਾਂ ਦੇ ਰੌਲੇ ਵਿੱਚ ਪਾ ਕੇ ਭਰਾ ਮਾਰ ਜੰਗ ਵਿੱਚ ਉਲਝਾਉਣਾ ਚਾਹੁੰਦੀ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਇੱਕ ਇੰਚ ਜ਼ਮੀਨ ਵੀ ਐਕੁਆਇਰ ਨਹੀਂ ਕਰਨ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਚਮਕੌਰ ਸਿੰਘ ਹਥਨ, ਮਾਨ ਸਿੰਘ ਸੱਦੋਪੁਰ ਤੇ ਰਾਜਪਾਲ ਸਿੰਘ ਆਦਿ ਹਾਜ਼ਰ ਸਨ।