ਜੰਗਲਾਤ ਕਾਮਿਆਂ ਵੱਲੋਂ ਵਣ ਰੇਂਜ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ
ਜੋਗਿੰਦਰ ਸਿੰਘ ਮਾਨ
ਮਾਨਸਾ, 24 ਨਵੰਬਰ
ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ-ਮਸਲਿਆਂ ਨੂੰ ਲੈ ਕੇ ਮਾਨਸਾ ਦੇ ਵਣ ਰੇਂਜ ਅਫ਼ਸਰ ਦੇ ਦਫ਼ਤਰ ਮਾਨਸਾ ਅੱਗੇ ਧਰਨਾ ਦਿੰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਲੰਬੇ ਸਮੇਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ ਹੈ। ਧਰਨਾਕਾਰੀਆਂ ਨੂੰ ਸੰਬੋਧਨ ਜਥੇਬੰਦੀ ਦੇ ਆਗੂ ਸੋਨੀ ਖਾਂ ਨੇ ਕਿਹਾ ਕਿ ਵਿਭਾਗ ਦੇ ਉਚ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੰਗਾਂ ਵਿੱਚ ਨਰਸਰੀ ਦੀਆਂ 8 ਅਤੇ 9 ਮਹੀਨੇ ਦੀਆਂ ਤਨਖਾਹਾਂ ਜਾਰੀ ਕਰਨ,ਹਰ ਵਰਕਰ ਨੂੰ 26 ਦਿਨਾਂ ਦੀ ਤਨਖਾਹ ਦੇਣ, ਸੀਨੀਅਰਤਾ ਸੂਚੀ,ਰਹਿੰਦੇ ਬਕਾਏ ਦੀ ਅਦਾਇਗੀ,ਵਿਭਾਗੀ ਕੰਮ ਨਰੇਗਾ ਵਰਕਰਾਂ ਤੋਂ ਨਾ ਲੈਣ,ਸਮੂਹ ਵਰਕਰਾਂ ਨੂੰ ਬੂਟ-ਵਰਦੀਆਂ ਦੇਣ ਅਤੇ ਕੰਮ ਕਰਨ ਲਈ ਲੋੜੀਂਦੇ ਔਜਾਰ (ਸੰਦ) ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ।