ਝੂਠੇ ਕੇਸ ਰੱਦ ਕਰਵਾਉਣ ਲਈ ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਧਰਨਾ
ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 6 ਨਵੰਬਰ
ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਥਾਣਾ ਲੋਹੀਆਂ ਖਾਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਟਕਦੇ ਮਾਮਲਿਆਂ ਦਾ ਹੱਲ ਕਰਵਾਉਣ ਅਤੇ ਪੁਲੀਸ ਵੱਲੋਂ ਦਰਜ ਕੀਤੇ ਗਏ ਝੂਠੇ ਕੇਸਾਂ ਨੂੰ ਖਾਰਜ ਕਰਵਾਉਣ ਲਈ ਅੱਜ ਧਰਨਾ ਲਗਾਇਆ ਗਿਆ। ਇਕ ਥਾਂ ਇਕੱਠੇ ਹੋਣ ਉਪਰੰਤ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ ਮੁਜ਼ਾਹਰਾ ਕਰਦੇ ਹੋਏ ਦਸਮੇਸ਼ ਪਾਰਕ ਵਿੱਚ ਪੁੱਜੇ।
ਇਸ ਮੌਕੇ ਕੀਤੀ ਰੋਸ ਰੈਲੀ ਨੂੰ ਪੇਂਡੂ ਮਜ਼ਦੂਰ ਯੂਨੀਅਨ ਦੇ ਯੂਥ ਵਿੰਗ ਦੇ ਸੂਬਾਈ ਆਗੂ ਗੁਰਚਰਨ ਸਿੰਘ ਅਟਵਾਲ, ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਸੋਨੂੰ ਲੋਹੀਆਂ, ਦਿਹਾਤੀ ਮਜ਼ਦੂਰ ਸਭਾ ਦੇ ਵਿਕਰਮ ਮੰਡਾਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਲੋਹੀਆਂ ਖਾਸ ਦੇ ਥਾਣਾ ਮੁਖੀ ’ਤੇ ਪਿਛਲੇ ਲੰਬੇ ਸਮੇਂ ਤੋਂ ਲਟਕਦੇ ਮਾਮਲਿਆਂ ਨੂੰ ਹੱਲ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੁਲੀਸ ਵੱਲੋਂ ਦਰਜ ਕੀਤੇ ਗਏ ਝੂਠੇ ਕੇਸ ਵੀ ਖਾਰਜ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ 10 ਨਵੰਬਰ ਤੱਕ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਤਹਿਸੀਲ ਜਾਂ ਜ਼ਿਲ੍ਹਾ ਪੱਧਰ ’ਤੇ ਲੋਹੀਆਂ ਪੁਲੀਸ ਖ਼ਿਲਾਫ਼ ਸੰਘਰਸ਼ ਵਿੱਢ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਟੈਕਸੀ ਸਟੈਂਡ ਦੇ ਪ੍ਰਧਾਨ ਚਮਨ ਲਾਲ, ਜਨਵਾਦੀ ਨੌਜਵਾਨ ਸਭਾ ਦੇ ਸੁਖਵਿੰਦਰ ਨਾਗੀ, ਪੇਂਡੂ ਮਜ਼ਦੂਰ ਯੂਨੀਅਨ ਦੇ ਬਲਾਕ ਪ੍ਰਧਾਨ ਅਮਰਜੀਤ ਨਾਹਰ, ਸੁਖਦੇਵ, ਧਰਮਾ ਅਤੇ ਨੌਜਵਾਨ ਸਭਾ ਦੇ ਆਗੂ ਅਜੇ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਵੱਲੋਂ ਧਰਨਾਕਾਰੀਆਂ ਨੂੰ ਉਨ੍ਹਾਂ ਦੇ ਸਾਰੇ ਮਸਲੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।