ਖੇਤ ਮਜ਼ਦੂਰਾਂ ਵੱਲੋਂ ਵਜ਼ੀਰਾਂ ਦੇ ਘਰਾਂ ਮੂਹਰੇ ਧਰਨੇ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਅੱਜ ਸੂਬਾ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਤੋਂ ਨਾਰਾਜ਼ ਹੋ ਕੇ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਸੰਗਰੂਰ ਵਿਚ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਖੁੱਡੀਆਂ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਜਲੰਧਰ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਸੰਧਵਾਂ ਵਿਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਮੂਹਰੇ ਇੱਕ ਰੋਜ਼ਾ ਧਰਨਾ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਚੋਣਾਂ ਸਮੇਂ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਲੋਕ ਪੱਖੀ ਖੇਤੀ ਨੀਤੀ ਬਣਾਉਣ, ਨਸ਼ਾ ਖਤਮ ਕਰਨ, ਪੈਨਸ਼ਨਾਂ ਦੀ ਰਾਸ਼ੀ 2500 ਰੁਪਏ ਮਹੀਨਾ ਕਰਨ ਅਤੇ ਮੁਫ਼ਤ ਤੇ ਮਿਆਰੀ ਸਿੱਖਿਆ ਤੇ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵਰਗੇ ਵਾਅਦਿਆਂ ਤੋਂ ਭੱਜ ਰਹੀ ਹੈ।
‘ਆਪ’ ਸਰਕਾਰ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲ ਕੇ ਗਰੀਬ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਹੱਕ ਤੋਂ ਵਾਂਝੇ ਕਰ ਰਹੀ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਮਜ਼ਦੂਰਾਂ ਦਾ ਰੁਜ਼ਗਾਰ ਖੋਹਣ ਵਰਗੀਆਂ ਨੀਤੀਆਂ ਲਾਗੂ ਕਰ ਰਹੀ ਹੈ। ਆਗੂਆਂ ਨੇ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰਨ ਦਾ ਦੋਸ਼ ਲਾਉਂਦਿਆਂ ਐਲਾਨ ਕੀਤਾ ਕਿ ਨਵੀਂ ਖੇਤੀ ਨੀਤੀ ਬਣਾਉਣ ਸਮੇਤ ਬਾਕੀ ਮੰਗਾਂ ਦੇ ਪੂਰਾ ਹੋਣ ਤੱਕ 1 ਸਤੰਬਰ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ ਜਾਵੇਗਾ।