ਮਜ਼ਦੂਰਾਂ ਵੱਲੋਂ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਘਰ ਅੱਗੇ ਧਰਨਾ
ਪੱਤਰ ਪ੍ਰੇਰਕ
ਜਲੰਧਰ, 21 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ’ਤੇ ਅੱਜ ਸੈਂਕੜੇ ਮਜ਼ਦੂਰਾਂ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਜਲੰਧਰ ਸਥਿਤ ਰਿਹਾਇਸ਼ ਅੱਗੇ ਧਰਨਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਸਮਾਜ ਦੇ ਸਭ ਤੋਂ ਗ਼ਰੀਬ ਤਬਕੇ ਨੂੰ ਅਣਗੌਲਿਆਂ ਕਰ ਰਹੀ ਹੈ। ਇਸ ਮੌਕੇ ਮਜ਼ਦੂਰ ਮਰਦ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਵੋਟਾਂ ਵਟੋਰਨ ਖਾਤਰ ਆਮ ਆਦਮੀ ਪਾਰਟੀ ਨੇ ਚੋਣ ਵਾਅਦਿਆਂ ਦੀ ਬਜਾਏ ਚੋਣ ਗਾਰੰਟੀਆਂ ਦਿੱਤੀਆਂ ਸਨ ਪਰ ਢਾਈ ਸਾਲਾਂ ਦੇ ਕਾਰਜਕਾਲ ਤੋਂ ਬਾਅਦ ਵੀ ਮਜ਼ਦੂਰ ਇਨ੍ਹਾਂ ਗਾਰੰਟੀਆਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੇ ਖਾਤੇ ਵਿੱਚ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਪਾਉਣ, ਵਿਧਵਾ ਬੁਢਾਪਾ ਅੰਗਹੀਣ ਪੈਨਸ਼ਨ 2500 ਰੁਪਏ ਕਰਨ ਦੀ ਸਰਕਾਰੀ ਗਾਰੰਟੀ ਤੋਂ ਸਰਕਾਰ ਨੇ ਮੂੰਹ ਫੇਰ ਲਿਆ ਹੈ। ਮਜ਼ਦੂਰ ਆਗੂ ਨੇ ਕਿਹਾ ਕਿ ਮਜ਼ਦੂਰਾਂ ਦੀ ਭਲਾਈ ਲਈ ਨਵੇਂ ਕਦਮ ਚੁੱਕਣੇ ਤਾਂ ਦੂਰ, ਪੰਜਾਬ ਸਰਕਾਰ ਮੋਦੀ ਸਰਕਾਰ ਵੱਲੋਂ ਬਣਾਏ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰਕੇ ਮਜ਼ਦੂਰਾਂ ਦਾ ਰੁਜ਼ਗਾਰ ਉਜਾੜਾ ਅਤੇ ਸੰਘਰਸ਼ ਕਰਨ ਦੇ ਹੱਕ ਨੂੰ ਖੋਹ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਸਮੇਂ ਤੋਂ
ਮਜ਼ਦੂਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮਜ਼ਦੂਰ ਜਥੇਬੰਦੀਆਂ ਨੂੰ ਬੇਰੰਗ ਮੋੜਿਆ ਹੈ ਜੋਂ ਸਮੁੱਚੇ ਮਜ਼ਦੂਰ ਭਾਈਚਾਰੇ ਦਾ ਨਿਰਾਦਰ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਦੇ ਰਾਖਵੇਂ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣੀ ਯਕੀਨੀ ਬਣਾਈ ਜਾਵੇ ਅਤੇ ਡੰਮੀ ਬੋਲੀਆਂ ਰੱਦ ਕੀਤੀਆਂ ਜਾਣ। ਇਸ ਮੌਕੇ ਜਥੇਬੰਦੀ ਦੇ ਇਲਾਕਾ ਨਕੋਦਰ ਸ਼ਾਹਕੋਟ ਦੇ ਪ੍ਰਧਾਨ ਹਰਪਾਲ ਬਿੱਟੂ ਨੇ ਨਵੇਂ ਫੌਜਦਾਰੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇੱਕ ਮਤੇ ਰਾਹੀਂ ਉਨ੍ਹਾਂ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਮਗਰੋਂ ਹੱਤਿਆ ਦੀ ਨਿਖੇਧੀ ਕੀਤੀ।