ਪੱਲੇਦਾਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਸਤੰਬਰ
ਪੰੰਜਾਬ ਦੀਆਂ ਪੰਜ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਦੀ ਅਗਵਾਈ ਹੇਠ ਪੱਲੇਦਾਰਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇੱਥੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਪੱਲੇਦਾਰਾਂ ਵੱਲੋਂ ਰੋਸ ਰੈਲੀ ਕਰਨ ਤੋਂ ਬਾਅਦ ਕੌਮੀ ਮਾਰਗ ਤੋਂ ਮੁੱਖ ਮੰਤਰੀ ਦੀ ਕੋਠੀ ਵੱਲ ਕਾਲੀਆਂ ਝੰਡੀਆਂ ਨਾਲ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਸੂਬੇ ਭਰ ਦੀਆਂ ਪੰਜ ਪੱਲੇਦਾਰ ਯੂਨੀਆਂ ਦੀ ਸਾਂਝੀ ਕਮੇਟੀ ਵਿੱਚ ਸ਼ਾਮਲ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਇੰਟਕ, ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ, ਪੰਜਾਬ ਪੱਲੇਦਾਰ ਯੂਨੀਅਨ ਏਟਕ, ਫੂਡ ਹੈਂਡਲਿੰਗ ਵਰਕਰਜ਼ ਯੂਨੀਅਨ ਅਤੇ ਫੂਡ ਐਂਡ ਅਲਾਇਡ ਵਰਕਰਜ਼ ਯੂਨੀਅਨ ਨਾਲ ਸਬੰਧਤ ਵੱਡੀ ਗਿਣਤੀ ਪੱਲੇਦਾਰ ਇੱਥੇ ਪਟਿਆਲਾ-ਸੰਗਰੂਰ ਬਾਈਪਾਸ ਦੇ ਓਵਰਬ੍ਰਿਜ ਹੇਠ ਇਕੱਠੇ ਹੋਏ। ਉਹ ਜਿਉਂ ਹੀ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਮੁੱਖ ਸੜਕ ’ਤੇ ਰੋਕ ਲਿਆ। ਪੱਲੇਦਾਰਾਂ ਵੱਲੋਂ ਉੱਥੇ ਹੀ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸਾਂਝੀ ਕਮੇਟੀ ਦੇ ਸੂਬਾਈ ਆਗੂਆਂ ਮੋਹਨ ਸਿੰਘ, ਰਣਜੀਤ ਸਿੰਘ, ਜਗਤਾਰ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਪੱਲੇਦਾਰ ਮਜ਼ਦੂਰ ਯੂਨੀਅਨਾਂ ਪੰਜਾਬ ਦੀਆਂ ਖੁਰਾਕ ਏਜੰਸੀਆਂ ਵਿੱਚ 1985-86 ਤੋਂ ਕੰਮ ਕਰਦੀਆਂ ਆ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਜੇਕਰ ‘ਆਪ’ ਦੀ ਸਰਕਾਰ ਬਣੀ ਤਾਂ ਪਹਿਲ ਦੇ ਆਧਾਰ ’ਤੇ ਠੇਕੇਦਾਰੀ ਸਿਸਟਮ ਖਤਮ ਕਰ ਕੇ ਸਿੱਧਾ ਭੁਗਤਾਨ ਕੀਤਾ ਜਾਵੇਗਾ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਬੁਲਾਰਿਆਂ ਨੇ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇ, ਪੱਲੇਦਾਰ ਮਜ਼ਦੂਰਾਂ ਨੂੰ ਕੰਮ ਦੀ ਗਾਰੰਟੀ ਦਿੱਤੀ ਜਾਵੇ, ਪੱਲੇਦਾਰ ਮਜ਼ਦੂਰਾਂ ਦਾ ਕੰਮ ਕਰਨ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ, ਬਾਹਰੀ ਰਾਜਾਂ ਵਾਂਗ ਠੇਕੇਦਾਰੀ ਸਿਸਟਮ ਖਤਮ ਕਰ ਕੇ ਇੱਕ ਬੋਰਡ ਬਣਾਇਆ ਜਾਵੇ, ਤਿਲੰਗਾਨਾ, ਬਿਹਾਰ, ਉੜੀਸਾ, ਤਾਮਿਲਨਾਡੂ, ਜੰਮੂ-ਕਸ਼ਮੀਰ ਆਦਿ ਰਾਜਾਂ ਵਾਂਗ ਰੇਟ ਫਿਕਸ ਕੀਤਾ ਜਾਵੇ, ਕਾਨੂੰਨ ਮੁਤਾਬਕ ਪੱਲੇਦਾਰਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ ਅਤੇ ਪੱਲੇਦਾਰਾਂ ਨੂੰ ਵੈੱਲਫ਼ੇਅਰ ਬੋਰਡ ਨਾਲ ਜੋੜਿਆ ਜਾਵੇ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਸਬ ਕਮੇਟੀ ਅਤੇ ਵਿਭਾਗ ਦੇ ਸਕੱਤਰ ਨਾਲ 29 ਸਤੰਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਤੈਅ ਕਰਵਾਈ ਗਈ ਜਿਸ ਮਗਰੋਂ ਧਰਨਾ ਸਮਾਪਤ ਹੋਇਆ।