ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ ਡੀਸੀ ਦਫ਼ਤਰ ਅੱਗੇ ਧਰਨਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਨਵੰਬਰ
ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸਾਂਝੇ ਪਲੇਟਫਾਰਮ ਵੱਲੋਂ ਡੀਸੀ ਦਫ਼ਤਰ ਬਾਹਰ ਧਰਨਾ ਦੇ ਕੇ ਰਾਸ਼ਟਰਪਤੀ ਦੇ ਨਾਂ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਆਗੂਆਂ ਕਾਮਰੇਡ ਐੱਮਐੱਸ ਭਾਟੀਆ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਲੋਟੇ, ਸਤਨਾਮ ਸਿੰਘ ਵੜੈਚ, ਬਲਰਾਜ ਸਿੰਘ ਕੋਟ ਉਮਰ, ਜਸਵਿੰਦਰ ਲਾਡੀ, ਜਸਵੀਰ ਸਿੰਘ ਝੱਜ, ਤਰਲੋਚਨ ਸਿੰਘ ਝੋਰੜਾਂ, ਅਮਨਦੀਪ ਸਿੰਘ ਲਲਤੋਂ, ਬਲਵਿੰਦਰ ਸਿੰਘ ਭੈਣੀ, ਕਰਮਜੀਤ ਸਿੰਘ ਅਤੇ ਰਣਵੀਰ ਸਿੰਘ ਨੇ ਕਿਹਾ ਕਿ ਸਾਰੀਆਂ ਫ਼ਸਲਾਂ ਲਈ ਕਾਨੂੰਨੀ ਤੌਰ ’ਤੇ ਗਾਰੰਟੀਸ਼ੁਦਾ ਖਰੀਦ ਨਾਲ ਐੱਮਐੱਸਪੀ ਦਿੱਤੀ ਜਾਵੇ, ਕਰਜ਼ੇ ਅਤੇ ਕਿਸਾਨ ਦੀ ਖੁਦਕੁਸ਼ੀ ਨੂੰ ਰੋਕਣ ਲਈ ਵਿਆਪਕ ਕਰਜ਼ਾ ਮੁਆਫੀ ਕੀਤੀ ਜਾਵੇ, ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਜਨਤਕ ਖੇਤਰ ਦੇ ਅਦਾਰਿਆਂ ਅਤੇ ਜਨਤਕ ਸੇਵਾਵਾਂ ਦਾ ਨਿੱਜੀਕਰਨ ਖ਼ਤਮ ਕੀਤਾ ਜਾਵੇ, ਅੰਨ੍ਹੇਵਾਹ ਭੂਮੀ ਗ੍ਰਹਿਣ ਨੂੰ ਖਤਮ ਕੀਤਾ ਜਾਵੇ, ਫ਼ਸਲਾਂ ਅਤੇ ਪਸ਼ੂਆਂ ਲਈ ਬੀਮਾ ਯੋਜਨਾ, ਪੰਜਾਬ ਦੇ ਕਿਸਾਨਾਂ ਤੇ ਝੋਨੇ ਦੀ ਖਰੀਦ ਸਮੇਂ ਨਮੀ ਦੇ ਨਾਂ ’ਤੇ ਲਗਾਈ ਕਾਟ ਦੀ ਰਕਮ ਕਿਸਾਨਾਂ ਨੂੰ ਦਿਵਾਉਣ ਅਤੇ ਕਾਟ ਕੱਟਣ ਵਾਲੇ ਆੜ੍ਹਤੀਆਂ ਦੇ ਲਾਇਸੈਂਸ ਰੱਦ ਕੀਤੇ ਜਾਣ।
ਧਰਨੇ ਵਿੱਚ ਆਲ ਇੰਡੀਆ ਕਿਸਾਨ ਸਭਾ 1936, ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ), ਜਮਹੂਰੀ ਕਿਸਾਨ ਸਭਾ ਪੰਜਾਬ, ਸੀਟੀਯੂ ਪੰਜਾਬ, ਆਲ ਇੰਡੀਆ ਕਿਸਾਨ ਸਭਾ ਹਨਨਮੁੱਲਾ, ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ), ਬੀਕੇਯੂ ਡਕੌਂਦਾ ਧਨੇਰ, ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਅਤੇ ਆਲ ਇੰਡੀਆ ਕਿਸਾਨ ਫੈੱਡਰੇਸ਼ਨ ਆਦਿ ਜਥੇਬੰਦੀਆਂ ਸ਼ਾਮਲ ਸਨ। ਅੰਤ ਵਿੱਚ ਬਲਦੇਵ ਸਿੰਘ ਲਤਾਲਾ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਰੈਲੀ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ):
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੈਲੀ ਕਰ ਕੇ ਰਾਸ਼ਟਰਪਤੀ ਲਈ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ 2020 ਵਿੱਚ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਗਏ ਜੇਤੂ ਘੋਲ ਦੇ ਸਮੂਹ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀਆਂ ਭੇਟ ਕਰਨ ਅਤੇ ਹਜ਼ਾਰਾਂ ਜੁਝਾਰੂਆਂ ਦੇ ਸਿਦਕ, ਸਿਰੜ ਅਤੇ ਕੁਰਬਾਨੀਆਂ ਦੀ ਭਾਵਨਾ ਦੀ ਜੈ-ਜੈ ਕਾਰ ਦੇ ਨਾਅਰੇ ਲਾਏ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਸੁਦਾਗਰ ਸਿੰਘ ਘੁਡਾਣੀ ਅਤੇ ਮਨੋਹਰ ਸਿੰਘ ਕਲਾੜ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਲਾਗੂ ਕੀਤੀਆਂ ਜਾਣ।