ਖੱਬੀਆਂ ਪਾਰਟੀਆਂ ਵੱਲੋਂ ਕਟਾਰੂਚੱਕ ਦੇ ਘਰ ਅੱਗੇ ਧਰਨਾ
ਪੱਤਰ ਪ੍ਰੇਰਕ
ਪਠਾਨਕੋਟ, 17 ਸਤੰਬਰ
ਪੰਜਾਬ ਸਰਕਾਰ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਚੁੱਪ ਤੋੜਨ ਲਈ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਅਤੇ ਸੀਪੀਆਈ (ਐੱਮਐੱਲ) ਲਿਬਰੇਸ਼ਨ ਵੱਲੋਂ ਪੰਜਾਬ ਸਰਕਾਰ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਜੰਗਲਾਤ ਵਿਭਾਗ ਦੇ ਮੰਤਰੀ ਲਾਲ ਚੰਦ ਦੇ ਕਟਾਰੂਚੱਕ ਸਥਿਤ ਘਰ ਮੂਹਰੇ ਰੋਸ ਧਰਨਾ ਦਿੱਤਾ ਗਿਆ।
ਧਰਨੇ ਨੂੰ ਆਰਐੱਮਪੀਆਈ ਦੇ ਸੂਬਾਈ ਸਕੱਤਰ ਕਾਮਰੇਡ ਪ੍ਰਗਟ ਸਿੰਘ ਜਾਮਾਰਾਏ, ਕੇਂਦਰ ਕਮੇਟੀ ਮੈਂਬਰ ਕਾਮਰੇਡ ਰਘਬੀਰ ਸਿੰਘ, ਸੀਪੀਆਈ (ਐਮਐਲ) ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਭਾਗੋਕਾਂਵਾਂ, ਕਾਮਰੇਡ ਨੱਥਾ ਸਿੰਘ ਢਡਵਾਲ, ਮੱਖਣ ਕੁਹਾੜ, ਸ਼ਿਵ ਕੁਮਾਰ, ਅਸ਼ਵਨੀ ਕੁਮਾਰ, ਮਾਸਟਰ ਸੁਭਾਸ਼ ਸ਼ਰਮਾ, ਗੁਰਦਿਆਲ ਸਿੰਘ ਸੋਹਲ ਤੇ ਵਿਜੇ ਕੁਮਾਰ ਸੋਹਲ ਨੇ ਸੰਬੋਧਨ ਕੀਤਾ। ਬੁਲਾਰਿਆਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਵਿਗੜੀ ਕਾਨੂੰਨ ਵਿਵਸਥਾ, ਨਸ਼ਾ ਤੇ ਮਾਈਨਿੰਗ ਮਾਫੀਆ ਰਾਜ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ। ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਧਾਰਨ ਕੀਤੀਆਂ ਨਿੱਜੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸਿਹਤ ਤੇ ਸਿੱਖਿਆ ਸੰਸਥਾਵਾਂ ਦੀ ਬਰਬਾਦੀ ਹੋਣ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਹੋ ਗਿਆ ਹੈ।
ਮੌਕੇ ’ਤੇ ਪੁੱਜੇ ਨਰੋਟ ਜੈਮਲ ਸਿੰਘ ਦੇ ਨਾਇਬ ਤਹਿਸੀਲਦਾਰ ਜਸਪਾਲ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ।