ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵਿਧਾਇਕ ਦੇ ਘਰ ਅੱਗੇ ਧਰਨਾ
ਪੱਤਰ ਪ੍ਰੇਰਕ
ਮਾਨਸਾ, 26 ਫਰਵਰੀ
ਪੰਜਾਬ-ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਮਾਨਸਾ ਸਥਿਤ ਰਿਹਾਇਸ਼ ਅੱਗੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮ ਆਗੂਆਂ ਵੱਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਫਰੰਟ ਦੇ ਕਨਵੀਨਰ ਮਨਿੰਦਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਵਿੱਚ ਪੀਐੱਫਆਰਡੀਏ ਬਿੱਲ ਰੱਦ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਮੁਲਾਜ਼ਮਾਂ ਤੇ ਪੈਨਸ਼ਰਾਂ ਦੀਆਂ ਡੀਏ ਦੀਆਂ ਕਿਸ਼ਤਾਂ ਅਤੇ ਛੇਵੇ ਪੇਅ-ਕਮਿਸ਼ਨ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ ਸਮੇਤ ਕੌਮੀ ਸਿੱਖਿਆ ਨੀਤੀ ਬਿੱਲ 2020 ਅਤੇ ਬਿਜਲੀ ਐਕਟ 2020 ਵਾਪਸ ਲਏ ਜਾਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸਨਰਾਂ ਵੱਲੋ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੱਤਪਾਲ ਭੈਣੀਬਾਘਾ, ਰਾਜ ਕੁਮਾਰ ਰੰਗਾ, ਜਗਦੇਵ ਸਿੰਘ ਘੁਰਕਣੀ, ਬਿੱਕਰ ਸਿੰਘ ਮਾਖਾ, ਹਰੀ ਸਿੰਘ ਸਹਾਰਨਾ ਅਤੇ ਗੁਰਚਰਨ ਸਿੰਘ ਮੰਦਰਾਂ, ਬਿੱਕਰ ਸਿੰਘ ਮਘਾਣੀਆਂ, ਭਗਵਾਨ ਸਿੰਘ ਭਾਟੀਆ, ਸਿਕੰਦਰ ਸਿੰਘ ਘਰਾਂਗਣਾ ਨੇ ਵੀ ਸੰਬੋਧਨ ਕੀਤਾ।