ਸ਼੍ਰੋੋਮਣੀ ਅਕਾਲੀ ਦਲ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ
ਸੰਜੀਵ ਬੱਬੀ
ਚਮਕੌਰ ਸਾਹਿਬ, 7 ਨਵੰਬਰ
ਸ਼੍ਰੋਮਣੀ ਅਕਾਲੀ ਦਲ ਹਲਕਾ ਚਮਕੌਰ ਸਾਹਿਬ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ, ਮੰਡੀਆਂ ਵਿੱਚ ਝੋਨੇ ਦੀ ਖਰੀਦ ਸਮੇਂ ਕਿਸਾਨਾਂ ਦੀ ਕੱਟ ਲਗਾ ਕੇ ਕੀਤੀ ਜਾਂਦੀ ਲੁੱਟ ਅਤੇ ਡੀਏਪੀ ਖਾਦ ਦੀ ਘਾਟ ਤੇ ਕਾਲਾਬਾਜ਼ਾਰੀ ਸਬੰਧੀ ਇੱਥੇ ਐੱਸਡੀਐੱਮ ਦੇ ਦਫ਼ਤਰ ਅੱਗੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਧਾਰਨ ਕੀਤੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ । ਇਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਦੇ ਨਾਂ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਸ਼ੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਅਤੇ ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਪ ਸਰਕਾਰ ਵੱਲੋਂ ਮਿਲੀ ਭੁਗਤ ਕਰਕੇ ਝੋਨੇ ਦੀ ਖਰੀਦ ਦਾ ਸੰਕਟ ਖੜਾ ਕਰਕੇ ਪੰਜਾਬ ਦੀ ਕਿਸਾਨੀ ਨੂੰ ਕੰਗਾਲੀ ’ਤੇ ਤਬਾਹੀ ਵੱਲ ਧੱਕ ਕੇ ਕਿਸਾਨੀ ਅੰਦੋਲਨ ਦਾ ਬਦਲਾ ਲੈਣ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ।