ਆਸਾਮੀਆਂ ਦੀ ਸਿਰਜਣਾ ਲਈ ਮੁਲਾਜ਼ਮਾਂ ਵੱਲੋਂ ਕਪੂਰਥਲਾ ਦੇ ਡੀਸੀ ਦਫ਼ਤਰ ਅੱਗੇ ਧਰਨਾ
ਪੱਤਰ ਪ੍ਰੇਰਕ
ਭੁਲੱਥ, 30 ਅਗਸਤ
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਡੀਸੀ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਦਫ਼ਤਰ ਅੱਗੇ ਧਰਨਾ ਲਾਇਆ। ਚੀਮਾ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹਾ ਮੋਗਾ ਵਿੱਚ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਏ ਫ਼ੈਸਲੇ ਅਨੁਸਾਰ ਸਰਕਾਰ ਨੂੰ ਨੋਟਿਸ ਭੇਜ ਕੇ 16 ਅਗਸਤ ਤੱਕ ਮੰਗਾਂ ਦੀ ਪੂਰਤੀ ਕਰਨ ਲਈ ਲਿਖਿਆ ਗਿਆ ਸੀ ਪਰ ਸਰਕਾਰ ਵੱਲੋਂ ਨਾ ਤਾਂ ਜਥੇਬੰਦੀ ਨੂੰ ਮੀਟਿੰਗ ਲਈ ਸੱਦਿਆ ਗਿਆ ਤੇ ਨਾ ਹੀ ਮੰਗਾਂ ਦੀ ਪੂਰਤੀ ਕੀਤੀ ਗਈ।
ਇਸ ਸਬੰਧੀ ਯੂਨੀਅਨ ਵੱਲੋਂ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਵਿਟਾਂਦਰਾ ਕਰਨ ਮਗਰੋਂ ਲਏ ਗਏ ਫ਼ੈਸਲੇ ਅਨੁਸਾਰ ਸਰਕਾਰ ਨੂੰ 4 ਸਤੰਬਰ ਤੱਕ ਦਾ ਸਮਾ ਦਿੰਦੇ ਹੋਏ ਇੱਕ ਹੋਰ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 30 ਸਾਲ ਪਹਿਲਾਂ ਬਣਾਈਆਂ ਸਬ ਡਿਵੀਜ਼ਨਾਂ, ਤਹਿਸੀਲਾਂ ਅਤੇ ਉਪ ਤਹਿਸੀਲਾਂ ਵਿੱਚ ਆਸਾਮੀਆਂ ਦੀ ਸਿਰਜਣਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇ 4 ਸਤੰਬਰ ਤੱਕ ਮੰਗਾਂ ਨਾਲ ਮੰਨੀਆਂ ਗਈਆਂ ਤਾਂ ਉਹ 5 ਸਤੰਬਰ ਤੋਂ ਸੂਬੇ ਦੇ ਸਾਰੇ ਡੀਸੀ ਦਫ਼ਤਰਾਂ ਵਿੱਚ ਹੜਤਾਲ ਕਰਨਗੇ।