ਚੋਣਾਂ ਦੌਰਾਨ ਜ਼ਖ਼ਮੀ ਵਿਅਕਤੀ ਦੀ ਮੌਤ ਮਗਰੋਂ ਥਾਣੇ ਅੱਗੇ ਧਰਨਾ
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 12 ਨਵੰਬਰ
ਪਿੰਡ ਕੰਗ ਵਿੱਚ ਪੰਚਾਇਤੀ ਚੋਣਾਂ ਦੌਰਾਨ ਹੋਈ ਲੜਾਈ ਦੌਰਾਨ ਜ਼ਖਮੀ ਹੋਏ ਇੱਕ ਵਿਅਕਤੀ ਦੀ ਮੌਤ ਹੋ ਜਾਣ ਮਗਰੋਂ ਪਿੰਡ ਵਾਸੀਆਂ ਨੇ ਰੋਸ ਪ੍ਰਗਟਾਉਂਦਿਆਂ ਥਾਣਾ ਗੋਇੰਦਵਾਲ ਸਾਹਿਬ ਸਾਹਮਣੇ ਧਰਨਾ ਦੇ ਕੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਪੁਲੀਸ ਵੱਲੋਂ ਸੱਤਾਧਾਰੀ ਧਿਰ ਨਾਲ ਸਬੰਧਤ ਆਗੂਆਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਕੰਗ ਵਿੱਚ ਸਰਪੰਚੀ ਦੀ ਉਮੀਦਵਾਰ ਗੁਰਸਿਮਰਨ ਕੌਰ ਅਤੇ ਗੁਰਪ੍ਰੀਤ ਕੌਰ ਦਰਮਿਆਨ ਮੁਕਾਬਲਾ ਸੀ ਜਿਸ ਦੌਰਾਨ ਗੁਰਸਿਮਰਨ ਕੌਰ ਚੋਣ 400 ਤੋਂ ਵੱਧ ਵੋਟਾਂ ਨਾਲ ਜਿੱਤ ਗਈ, ਪਰ ਸੱਤਾਧਾਰੀ ਪਾਰਟੀ ਨਾਲ ਸਬੰਧਤ ਆਗੂਆਂ ਨੇ ਕਥਿਤ ਤੌਰ ’ਤੇ ਜੇਤੂ ਧਿਰ ਨਾਲ ਸਬੰਧਤ ਵਿਅਕਤੀ ਨੂੰ ਜ਼ਖਮੀ ਕਰ ਦਿੱਤਾ ਜਿਸ ਦੀ ਹੁਣ ਮੌਤ ਹੋ ਗਈ ਹੈ। ਇਸ ਸਬੰਧੀ ਬਲਦੇਵ ਸਿੰਘ ਨੇ ਦੋਸ਼ ਲਾਇਆ ਕਿ ਮੌਜੂਦਾ ਸਰਪੰਚ ਗੁਰਸਿਮਰਨ ਕੌਰ ਦੀ ਧਿਰ ਦੇ ਮੈਂਬਰ ਪੰਚਾਇਤ ਰਣਜੀਤ ਸਿੰਘ ਦੀ ਕੁੱਟਮਾਰ ਕੀਤੀ ਗਈ ਜਿਸਨੂੰ ਸਿਵਲ ਹਸਪਤਾਲ ਖਡੂਰ ਸਾਹਿਬ ਦਾਖ਼ਲ ਕਰਵਾਇਆ ਗਿਆ ਸੀ ਅਤੇ 3 ਦਿਨ ਬਾਅਦ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਸੀ। ਹੁਣ ਉਸਦੀ ਬੀਤੇ ਕੱਲ੍ਹ ਘਰ ਵਿੱਚ ਮੌਤ ਹੋ ਗਈ ਹੈ। ਦੇਰ ਰਾਤ ਤੱਕ ਚੱਲੇ ਧਰਨੇ ਤੋਂ ਬਾਅਦ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੁਲੀਸ ਵੱਲੋਂ 304 ਦੀ ਕਾਰਵਾਈ ਕਰ ਦਿੱਤੀ ਗਈ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।