ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਥਾਣੇ ਅੱਗੇ ਧਰਨਾ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 23 ਫਰਵਰੀ
ਢਾਈ ਦਹਾਕਿਆਂ ਤੋਂ ਭੂ ਮਾਫੀਆ ਤੋਂ ਪੀੜਤ ਨੇੜਲੇ ਪਿੰਡ ਜੌਲੀਆਂ ਦੇ ਕਿਸਾਨ ਅਵਤਾਰ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਨੂੰ ਲੈਕੇ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਵੱਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਆਲ ਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋ ਦੀ ਅਗਵਾਈ ਹੇਠ ਥਾਣੇ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾ ਝਾੜ, ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਬਲਵਿੰਦਰ ਸਿੰਘ ਘਨੌੜ੍ਹ, ਹਰਜਿੰਦਰ ਸਿੰਘ ਘਰਾਚੋਂ ਅਤੇ ਕਰਮ ਚੰਦ ਪੰਨਵਾਂ ਨੇ ਦੱਸਿਆ ਕਿ ਪਿੰਡ ਜੌਲੀਆਂ ਦੇ ਗਰੀਬ ਕਿਸਾਨ ਅਵਤਾਰ ਸਿੰਘ ਦੀ ਜ਼ਮੀਨ ਪਿਛਲੇ ਢਾਈ ਦਹਾਕਿਆਂ ਤੋਂ ਕਥਿਤ ਭੂ ਮਾਫੀਆ ਬਲਜਿੰਦਰ ਸਿੰਘ ਆਲੋਵਾਲ ਵੱਲੋਂ ਜ਼ਮੀਨ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਉਸ ਨੂੰ ਡਰਾਇਆ ਧਮਕਾਇਆ ਗਿਆ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਉਸ ਦੇ ਖੇਤ ਦੀ ਰਾਖੀ ਲਈ ਪੱਕਾ ਮੋਰਚਾ ਲਾਇਆ ਸੀ, ਜਿਸ ਵਿੱਚ ਅਵਤਾਰ ਸਿੰਘ ਲਗਾਤਾਰ ਖੇਤ ਬੈਠਾ ਸੀ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਆਪਣੀ ਜ਼ਮੀਨ ਦੀ ਰਾਖੀ ਲਈ ਬੈਠੇ ਕਿਸਾਨ ਅਵਤਾਰ ਸਿੰਘ ਨੂੰ ਬਲਜਿੰਦਰ ਸਿੰਘ ਅਤੇ ਉਸ ਦੇ ਨਾਲ ਹੋਰ ਚਾਰ ਪੰਜ ਸਾਥੀਆਂ ਵੱਲੋਂ ਧਮਕਾਇਆ ਗਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਜਿਸ ਕਾਰਨ ਅਵਤਾਰ ਸਿੰਘ ਦੀ ਘਰ ਆ ਕੇ ਸਿਹਤ ਖਰਾਬ ਹੋ ਗਈ ਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੁਲੀਸ ਨੂੰ ਕਾਰਵਾਈ ਲਈ ਕਿਹਾ ਗਿਆ ਤਾਂ ਪੋਸਟਮਾਰਟਮ ਤੋਂ ਬਾਅਦ ਬਲਜਿੰਦਰ ਸਿੰਘ ਤੇ ਕਾਰਵਾਈ ਕਰਨ ਦਾ ਭਰੋਸਾ ਦੇਣ ਦੇ ਬਾਵਜੂਦ ਟਾਲਮਟੋਲ ਕੀਤੀ ਗਈ। ਇਸੇ ਕਰਕੇ ਧਰਨਾ ਲਗਾਇਆ ਗਿਆ ਹੈ। ਅਖੀਰ ਵਿੱਚ ਗੁਰਦੀਪ ਸਿੰਘ ਦਿਓਲ ਡੀਐਸਪੀ ਭਵਾਨੀਗੜ੍ਹ ਵੱਲੋਂ ਬਲਜਿੰਦਰ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ ਪਰਚਾ ਦਰਜ ਕਰਨ ਦੀ ਕਾਪੀ ਦੇਣ ਉਪਰੰਤ ਧਰਨਾ ਸਮਾਪਤ ਕੀਤਾ ਗਿਆ।