ਬੀਕੇਯੂ ਉਗਰਾਹਾਂ ਵੱਲੋਂ ਤਹਿਸੀਲ ਕੰਪਲੈਕਸ ’ਚ ਧਰਨਾ
ਪੱਤਰ ਪ੍ਰੇਰਕ
ਸ਼ਾਹਕੋਟ, 9 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇਸੂਬਾਈ ਸੱਦੇ ’ਤੇ ਜ਼ਿਲ੍ਹਾ ਕਮੇਟੀ ਜਲੰਧਰ ਨੇ ਸਥਾਨਕ ਤਹਿਸੀਲ ਕੰਪਲੈਕਸ ਵਿਚ ਪੰਜਾਬ ਸਰਕਾਰ ਨਾਲ ਸਬੰਧਤ ਕਿਸਾਨੀ ਮੰਗਾਂ ਨੂੰ ਮੰਨਵਾਉਣ ਲਈ ਧਰਨਾ ਲਗਾਇਆ। ਧਰਨੇ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ ਨੇ ਮੰਗ ਕੀਤੀ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਤੇ ਮਜ਼ਦੂਰਾਂ ਪੱਖੀ ਐਲਾਨੀ ਜਾਵੇ, ਸਾਰੀਆਂ ਫਸਲਾਂ ਉੱਤੇ ਐਮ.ਐੱਸ.ਪੀ ਦੀ ਖਰੀਦ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਵੇ, ਬਿਜਲੀ, ਸਿਹਤ, ਸਿੱਖਿਆ ਸਮੇਤ ਹੋਰਨਾਂ ਜਨਤਕ ਅਦਾਰਿਆਂ ਦੇ ਕੀਤੇ ਜਾ ਰਹੇ ਨਿਜੀਕਰਨ ਨੂੰ ਬੰਦ ਕੀਤਾ ਜਾਵੇ, ਜਬਰੀ ਲਗਾਏ ਜਾ ਰਹੇ ਚਿੱਪ ਵਾਲੇ ਮੀਟਰਾਂ ਨੂੰ ਬੰਦ ਕੀਤਾ ਜਾਵੇ, 60 ਸਾਲ ਤੋਂ ਉੱਪਰ ਹਰੇਕ ਵਿਅਕਤੀ ਨੂੰ ਪੈਨਸ਼ਨ ਦਿੱਤੀ ਜਾਵੇ, ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ਿਆਂ ਉੱਪਰ ਲੀਕ ਮਾਰੀ ਜਾਵੇ ਤੇ ਕਾਰਪੋਰੇਟ ਅਦਾਰਿਆਂ ਉੱਪਰ ਵੱਡੇ ਟੈਕਸ ਲਗਾਏ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਾਂਗ ਸੂਬੇ ਦੀ ਆਪ ਸਰਕਾਰ ਵੀ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ। ਇਸ ਕਰਕੇ ਉਨ੍ਹਾਂ ਦੀ ਜਥੇਬੰਦੀ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਲਗਾ ਰਹੀ ਹੈ। ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ, ਪ੍ਰੈੱਸ ਸਕੱਤਰ ਮਨਜੀਤ ਸਿੰਘ ਮਲਸੀਆਂ, ਬਲਾਕ ਪ੍ਰਧਾਨ ਬਲਕਾਰ ਸਿੰਘ ਫਾਜਿਲਵਾਲ, ਸਕੱਤਰ ਮਨਜੀਤ ਸਾਬੀ, ਜਸਪਾਲ ਸਿੰਘ ਸੰਢਾਂਵਾਲ ਅਤੇ ਨਿਰਮਲ ਸਿੰਘ ਕਾਂਗਣਾ ਨੇ 16 ਫਰਵਰੀ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ।