ਕੱਚੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਫਰਵਰੀ
ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਠੇਕਾ ਆਧਾਰਿਤ, ਇਨਲਿਸਟਮੈਟ, ਆਊਟਸੋਰਸਿੰਗ, ਦਿਹਾੜੀਦਾਰ, ਜਲ ਸਪਲਾਈ ਤੇ ਪੰਚਾਇਤੀ ਕਾਮਿਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ। ਉਕਤ ਮੁਲਾਜ਼ਮ ਅੱਜ ਨੈਸ਼ਨਲ ਹਾਈਵੇਅ-7 ਦੇ ਪਟਿਆਲਾ-ਸੰਗਰੂਰ ਬਾਈਪਾਸ ਓਵਰਬ੍ਰਿਜ ਹੇਠ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਗੇਟ ਨੇੜੇ ਪੁੱਜੇ ਜਿਥੇ ਪੁਲੀਸ ਵੱਲੋਂ ਨਾਕੇਬੰਦੀ ਕਰਕੇ ਰੋਕ ਲਿਆ। ਇਥੇ ਰੋਸ ਧਰਨੇ ਨੂੰ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਦੇ ਕਨਵੀਨਰ ਜਸਵੀਰ ਸਿੰਘ ਸ਼ੀਰਾ, ਸਰਬਜੀਤ ਸਿੰਘ ਭੁੱਲਰ, ਬਲਵੀਰ ਸਿੰਘ ਸਬਿੀਆ, ਸੁਖਜੀਤ ਸਿੰਘ ਤੇ ਦਿਲਬਾਗ ਸਿੰਘ, ਸੂਬਾ ਆਗੂ ਗੁਰਮੀਤ ਸਿੰਘ ਕੋਟਲਾ ਕਾਜ਼ੀਆਂ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਬਦਲਾਅ ਦਾ ਨਾਅਰਾ ਦੇਣ ਵਾਲੀ ‘ਆਪ’ ਸਰਕਾਰ ਨੇ ਸੱਤਾ ਤੋਂ ਪਹਿਲਾਂ ਪੰਜਾਬ ਦੇ ਠੇਕਾ ਮੁਲਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਆਪੋਂ ਆਪਣੇ ਪਿੱਤਰੀ ਵਿਭਾਗਾਂ ਵਿੱਚ ਲਿਆ ਕੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਵਿਚ ਆਮ ਆਦਮੀ ਸਰਕਾਰ ਬਣੀ ਨੂੰ ਕਾਰਜ ਦਾ ਅੱਧਾ ਸਮਾਂ ਬੀਤ ਹੋ ਚੁੱਕਾ ਹੈ। ਸਰਕਾਰ ਨੇ ਅੱਜ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਿਸ ਤੋਂ ਅੱਕੇ ਪੰਜਾਬ ਦੇ ਲੋਕ ਮੁੱਖ ਮੰਤਰੀ ਨੂੰ ਆਪਣਾ ਕੀਤਾ ਵਾਅਦਾ ਯਾਦ ਕਰਵਾਉਣ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ, ਪੈਨਸ਼ਨਰੀ ਲਾਭਾਂ ਸਮੇਤ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੋਰਚੇ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਤਾਂ ਭਵਿੱਖ ਵਿੱਚ ਇਸ ਤੋਂ ਵੀ ਤਿਖੇ ਸੰਘਰਸ਼ ਉਲੀਕੇ ਜਾਣਗੇ।