ਡੀਏਪੀ ਖਾਦ ਦੀ ਕਿੱਲਤ ਵਿਰੁੱਧ ਡੀਸੀ ਦਫ਼ਤਰਾਂ ਸਾਹਮਣੇ ਧਰਨੇ ਅੱਜ
ਗੁਰੂਸਰ ਸੁਧਾਰ (ਪੱਤਰ ਪ੍ਰੇਰਕ):
ਪਿੰਡ ਜੰਡ ਦੇ ਗੁਰਦੁਆਰਾ ਸਾਹਿਬ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਪੱਖੋਵਾਲ ਦੀ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਸੰਗਠਨ ਸਕੱਤਰ ਚਰਨਜੀਤ ਸਿੰਘ ਫੱਲੇਵਾਲ ਨੇ ਕਿਹਾ ਕਿ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਦੀ ਮੰਗ ਲਈ ਚੰਡੀਗੜ੍ਹ ਮੋਰਚੇ ਦੇ ਨਤੀਜੇ ਵਜੋਂ ਸੂਬਾ ਸਰਕਾਰ ਵੱਲੋਂ ਖੇਤੀ ਨੀਤੀ ਬਾਰੇ ਖਰੜਾ ਦਿੱਤਾ ਗਿਆ ਹੈ ਜਿਸ ਦੀ ਪੜਤਾਲ ਕਰਨ ਲਈ ਹੇਠਲੇ ਪੱਧਰ ’ਤੇ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੜਤਾਲ ਤੋਂ ਬਾਅਦ ਜਥੇਬੰਦੀ ਵੱਲੋਂ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਗੁਰਦੇਵ ਸਿੰਘ ਨਾਰੰਗਵਾਲ ਨੇ ਕੀਤੀ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕਿਸਾਨਾਂ ਦੀ ਦੋਹਰੀ ਲੁੱਟ ਨੂੰ ਖ਼ਤਮ ਕਰਾਉਣ ਲਈ 25 ਸਤੰਬਰ ਨੂੰ ਡੀਸੀ ਦਫ਼ਤਰਾਂ ਸਾਹਮਣੇ ਧਰਨੇ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਰਾਜਸੀ ਟਿੱਪਣੀਕਾਰਾਂ, ਲੇਖਕਾਂ ਤੇ ਬੁੱਧੀਜੀਵੀਆਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਜਮਹੂਰੀਅਤ ਦਾ ਘਾਣ ਕੀਤਾ ਜਾ ਰਿਹਾ ਹੈ। ਮੀਟਿੰਗ ਨੂੰ ਸ਼ਿੰਗਾਰਾ ਸਿੰਘ ਜੰਡ, ਸੁਖਵਿੰਦਰ ਸਿੰਘ ਨੰਗਲ, ਸ਼ੇਰ ਸਿੰਘ ਭੈਣੀ ਅਰੋੜਾ ਤੇ ਨਿੰਦਰ ਛਪਾਰ ਨੇ ਵੀ ਸੰਬੋਧਨ ਕੀਤਾ।