ਕਿਸਾਨਾਂ ਦੀ ਹਮਾਇਤ ਵਿੱਚ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਧਰਨੇ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਫਰਵਰੀ
ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਅੱਜ ਹਰਿਆਣਾ ਭਾਜਪਾ ਦੇ ਸੈਕਟਰ-3 ਸਥਿਤ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਉੱਧਰ, ਪੰਜਾਬ ਕਾਂਗਰਸ ਨੇ ਕਿਸਾਨਾਂ ਦੀ ਹਮਾਇਤ ਵਿੱਚ ਸੂਬੇ ਭਰ ਵਿੱਚ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਧਰਨੇ ਦਿੱਤੇ। ਅੱਜ ਇੱਥੇ ਧਰਨੇ ਦੌਰਾਨ ਚੰਡੀਗੜ੍ਹ ਪੁਲੀਸ ਨੇ ਕਾਂਗਰਸੀ ਨੇਤਾਵਾਂ ਦੀ ਖਿੱਚ ਧੂਹ ਕੀਤੀ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਕਾਂਗਰਸ ਨੇ ਅੱਜ ਕਿਸਾਨੀ ਪ੍ਰਤੀ ਆਪਣਾ ਹੇਜ ਦਿਖਾਇਆ ਅਤੇ ਉਨ੍ਹਾਂ ਦੀ ਹਮਾਇਤ ਵਿੱਚ ਪ੍ਰਦਰਸ਼ਨ ਕੀਤੇ। ਇੱਥੇ ਧਰਨੇ ਵਿੱਚ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਦੇ ‘ਅੰਨਦਾਤਾ’ ਨਾਲ ਅਤਿਵਾਦੀਆਂ ਨਾਲੋਂ ਵੀ ਭੈੜਾ ਸਲੂਕ ਕਰਨਾ ਗੈਰ-ਸੰਵੇਦਨਸ਼ੀਲ ਹੈ ਅਤੇ ਮੋਦੀ ਸਰਕਾਰ ਨੇ ਦੇਸ਼ ਦੀ ਸਥਿਤੀ ਨੂੰ ਪਾਕਿਸਤਾਨ ਵਿੱਚ ਵੇਖੀਆਂ ਗਈਆਂ ਸਥਿਤੀਆਂ ਦੀ ਯਾਦ ਦਿਵਾਉਂਦੇ ਹੋਏ ਇੱਕ ਹੱਦ ਤੱਕ ਵਿਗਾੜ ਦਿੱਤਾ ਹੈ। ਉਨ੍ਹਾਂ ਸੁਆਲ ਉਠਾਏ ਕਿ ਡਰੋਨ ਅਤੇ ਹਥਿਆਰਾਂ ਦੀ ਵਰਤੋਂ ਰਾਹੀਂ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਨੂੰ ਕਿਵੇਂ ਜਾਇਜ਼ ਠਹਿਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ਾਸਨ ਵੱਲੋਂ ਸੱਤਾ ਦੀ ਦੁਰਵਰਤੋਂ ਹੈ ਅਤੇ ਪੁਲੀਸ ਦੀ ਬੇਰਹਿਮੀ ਦੀ ਸਪੱਸ਼ਟ ਉਦਾਹਰਣ ਹੈ। ਰਾਜਾ ਵੜਿੰਗ ਨੇ ਸਵਾਲ ਕੀਤਾ ਕਿ ਕਿਸਾਨਾਂ ਨੂੰ ਟਰੈਕਟਰਾਂ ਰਾਹੀਂ ਦਿੱਲੀ ਵਿੱਚ ਦਾਖ਼ਲ ਹੋਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਟਰੈਕਟਰ ਦੀ ਵਰਤੋਂ ਵਿਵਾਦਪੂਰਨ ਕਿਵੇਂ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਕਾਰਨ 700 ਤੋਂ ਵੱਧ ਕਿਸਾਨਾਂ ਦੀ ਜਾਨ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਫਾਇਦੇ ਲਈ ਕਾਰਪੋਰੇਟਾਂ ਦੇ ਵੱਡੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ ਪਰ ਕਿਸਾਨਾਂ ਦੇ ਕਰਜ਼ੇ ਕੇਂਦਰ ਸਰਕਾਰ ਲਈ ਵਿਵਾਦ ਦਾ ਵਿਸ਼ਾ ਬਣ ਜਾਂਦੇ ਹਨ। ਕਾਰਪੋਰੇਟਾਂ ਨਾਲੋਂ ਜੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਂਦਾ ਤਾਂ ਸਾਡੀ ਆਰਥਿਕਤਾ ਨੂੰ ਬਹੁਤ ਫਾਇਦਾ ਹੁੰਦਾ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਲਈ ਨਹੀਂ ਸਗੋਂ ਆਪਣੇ ਦੋਸਤਾਂ ਲਈ ਹੀ ਕੰਮ ਕਰ ਰਹੇ ਹਨ।
ਇਸ ਮੌਕੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਪਵਨ ਆਦੀਆ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਰੁਪਿੰਦਰ ਰੂਬੀ, ਰੁਪਿੰਦਰ ਸਿੰਘ ਰਾਜਾ ਗਿੱਲ ਸ਼ਾਮਲ ਸਨ।