For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਧਰਨੇ

11:36 AM Aug 18, 2024 IST
ਕਿਸਾਨਾਂ ਵੱਲੋਂ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਧਰਨੇ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ।
Advertisement

ਐੱਨਪੀ. ਧਵਨ
ਪਠਾਨਕੋਟ, 17 ਅਗਸਤ
ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜੱਥੇਬੰਦੀਆਂ ਮਾਝਾ ਕਿਸਾਨ ਸੰਘਰਸ਼ ਕਮੇਟੀ, ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕਿਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਕੁੱਲ ਹਿੰਦ ਕਿਸਾਨ ਸਭਾ ਊਨੇਵਾਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਮੂਹਰੇ ਧਰਨਾ ਦਿੱਤਾ ਗਿਆ ਅਤੇ ਮੁੱਖ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਮੰਤਰੀ ਨੂੰ ਦਿੱਤਾ ਗਿਆ। ਇਸ ਧਰਨੇ ਨੂੰ ਬਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਅਸ਼ਵਨੀ ਕੁਮਾਰ, ਗੁਰਵਿੰਦਰ ਸਿੰਘ ਜੀਵਨਚੱਕ, ਸਤਵੀਰ ਸਿੰਘ ਸੁਲਤਾਨੀ, ਰਾਜਗੁਰਵਿੰਦਰ ਸਿੰਘ ਘੁਮਾਣ, ਹਰਮੀਤ ਸਿੰਘ ਕਾਦੀਆਂ, ਕਰਨੈਲ ਸਿੰਘ ਸ਼ੇਰਪੁਰ ਆਦਿ ਨੇ ਸੰਬੋਧਨ ਕੀਤਾ।
ਜੰਡਿਆਲਾ ਗੁਰੂ (ਸਿਮਰਤਪਾਲ ਸਿੰਘ ਬੇਦੀ): ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦੀ ਜੰਡਿਆਲਾ ਗੁਰੂ ਸਥਿਤ ਰਿਹਾਇਸ਼ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਸੈਂਕੜੇ ਕਿਸਾਨਾਂ ਤੇ ਮਜ਼ਦੂਰਾਂ ਨੇ ਬਲਦੇਵ ਸਿੰਘ ਸੈਦਪੁਰ, ਦਲਬੀਰ ਸਿੰਘ ਬੇਦਾਦਪੁਰ, ਭੁਪਿੰਦਰ ਸਿੰਘ ਤੀਰਥਪੁਰਾ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ। ਲਖਬੀਰ ਸਿੰਘ ਨਿਜ਼ਾਮਪੁਰ ਤੇ ਗੁਰਦੇਵ ਸਿੰਘ ਵਰਪਾਲ ਨੇ ਦੱਸਿਆ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸੈਂਕੜੇ ਕਿਸਾਨਾਂ, ਮਜ਼ਦੂਰਾਂ ਨੇ ਹਰਭਜਨ ਸਿੰਘ ਈਟੀਓ ਦੀ ਜੰਡਿਆਲਾ ਗੁਰੂ ਸਥਿਤ ਰਿਹਾਇਸ਼ ਸਾਹਮਣੇ ਰੋਸ ਧਰਨਾ ਦਿੱਤਾ ਅਤੇ ਮੁੱਖ ਮੰਤਰੀ ਪੰਜਾਬ ਨੂੰ ਪੁੱਜਦਾ ਕਰਨ ਲਈ ਮੰਗ ਪੱਤਰ ਦਿੱਤਾ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰੇ, ਮੋਘਿਆਂ ਦਾ ਡਿਜ਼ਾਈਨ ਤਕਨੀਕੀ ਮਾਹਿਰਾਂ ਦੀ ਰਾਇ ਅਤੇ ਪਾਣੀ ਦੀ ਲੋੜ ਮੁਤਾਬਕ ਕੀਤਾ ਜਾਵੇ, ਦਰਿਆਈ ਪਾਣੀਆਂ ਦੇ ਮਸਲੇ ਰਿਪੇਰੀਅਨ ਸਿਧਾਂਤ ਮੁਤਾਬਕ ਹੱਲ ਹੋਣ, ਪਾਣੀ ਰੀਚਾਰਜ ਕਰਨ ਦੇ ਪ੍ਰਬੰਧ ਕੀਤੇ ਜਾਣ, ਨਹਿਰਾਂ ਅਤੇ ਦਰਿਆਵਾਂ ਵਿੱਚ ਪ੍ਰਦੂਸ਼ਿਤ ਪਾਣੀ ਪਾਉਣਾ ਬੰਦ ਕੀਤਾ ਜਾਵੇ, ਘੱਟ ਪਾਣੀ ਲੈਣ ਵਾਲੇ ਬੀਜ ਉਪਲਬਧ ਕਰਵਾਏ ਜਾਣ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜਾ ਮੁਆਫ਼ ਕੀਤਾ ਜਾਵੇ, ਖੁਦਕੁਸ਼ੀਆਂ ਕਰ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਵੇ, ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕੀਤਾ ਜਾਵੇ, ਹਾਈਵੇ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਭਾਅ ਮਾਰਕੀਟ ਮੁਤਾਬਕ ਦਿੱਤੇ ਜਾਣ। ਮੰਤਰੀ ਦੀ ਗੈਰ-ਮੌਜੂਦਗੀ ਵਿੱਚ ਮੰਗ-ਪੱਤਰ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਚੇਅਰਮੈਨ ਸ਼ਨਾਖ ਨੇ ਲਿਆ ਅਤੇ ਮੁੱਖ ਮੰਤਰੀ ਪੰਜਾਬ ਨੂੰ ਪਹੁੰਚਾਉਣ ਦਾ ਭਰੋਸਾ ਦਿੱਤਾ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਕਿਸਾਨਾਂ ਦਾ ਇਕ ਵੱਡਾ ਇਕੱਠ ਸਥਾਨਕ ਸ਼ਹੀਦ ਧੰਨਾ ਸਿੰਘ ਪਾਰਕ ਵਿਚ ਹੋਇਆ। ਇਕੱਠ ਉਪਰੰਤ ਕਿਸਾਨ ਮਾਰਚ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਰਿਹਾਇਸ਼ ਕੋਲ ਪਹੁੰਚਿਆ ਜਿੱਥੇ ਉਨ੍ਹਾਂ ਕਰੀਬ ਤਿੰਨ ਘੰਟੇ ਧਰਨਾ ਦਿੱਤਾ। ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਗਤਾਰ ਸਿੰਘ ਭਿੰਡਰ, ਕਿਸਾਨ ਕਮੇਟੀ ਦੋਆਬਾ ਦੇ ਹਰਬੰਸ ਸਿੰਘ ਸੰਘਾ, ਗੁਰਮੇਸ਼ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਕੈਬਨਿਟ ਮੰਤਰੀ ਵੱਲੋਂ ਤਹਿਸੀਲਦਾਰ ਦਸੂਹਾ ਨੇ ਮੌਕੇ ’ਤੇ ਪਹੁੰਚ ਕੇ ਕਿਸਾਨਾਂ ਤੋਂ ਮੰਗ ਪੱਤਰ ਲਿਆ।
ਪੱਟੀ (ਬੇਅੰਤ ਸਿੰਘ ਸੰਧੂ): ਕਿਸਾਨ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਪੱਟੀ ਸਥਿਤ ਰਿਹਾਇਸ਼ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਤੇ ਐੱਮਐੱਸਪੀ ਦਿੱਤੀ ਜਾਵੇ ਅਤੇ ਖ਼ਰੀਦ ਦੀ ਗਾਰੰਟੀ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਨਹਿਰੀ ਸਿਸਟਮ ਠੀਕ ਕਰਕੇ ਹਰੇਕ ਕਿਸਾਨ ਦੇ ਖੇਤ ਤੱਕ ਪਾਣੀ ਪੁੱਜਦਾ ਕੀਤਾ ਜਾਵੇ ਅਤੇ ਰੀਪੇਰੀਅਨ ਸਿਧਾਂਤ ਅਨੁਸਾਰ ਰਾਜਾਂ ਨੂੰ ਦਰਿਆਈਂ ਪਾਣੀ ਦੀ ਵੰਡ ਕੀਤੀ ਜਾਵੇ। ਇਸ ਮੌਕੇ ਪਰਮਜੀਤ ਸਿੰਘ ਗਦਾਈਕੇ, ਸ਼ਮਸ਼ੇਰ ਸਿੰਘ, ਪੂਰਨ ਸਿੰਘ ਮਾੜੀਮੇਘਾ, ਬਲਵਿੰਦਰ ਸਿੰਘ ਸਖੀਰਾ, ਤਰਸੇਮ ਸਿੰਘ ਲੁਹਾਰਾ, ਬਲਬੀਰ ਸਿੰਘ ਸਾਬਕਾ, ਕਿਰਨਪਾਲ ਸਿੰਘ, ਹਰਜਿੰਦਰ ਸਿੰਘ ਟਾਂਡਾ, ਭੁਪਿੰਦਰ ਸਿੰਘ, ਮੁਖਤਿਆਰ ਸਿੰਘ ਮੱਲਾ, ਮਨਜੀਤ ਸਿੰਘ ਬੱਗੂ, ਗੁਰਬਚਨ ਸਿੰਘ,ਮਾਹਬੀਰ ਸਿੰਘ ਗਿੱਲ,ਦਲੇਰ ਸਿੰਘ, ਪ੍ਰਗਟ ਸਿੰਘ,, ਗੁਰਸਾਹਿਬ ਸਿੰਘ ਡੱਲ , ਲਖਵਿੰਦਰ ਸਿੰਘ ਤੇ ਨਰਭਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕਰਨ ਕੀਤਾ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਦੀ ਪੰਜਾਬ ਸਰਕਾਰ ਤੁਰੰਤ ਸਿਫਾਰਸ਼ ਕਰੇਗੀ।
ਚੇਤਨਪੁਰਾ (ਰਣਬੀਰ ਸਿੰਘ ਮਿੰਟੂ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਅੱਜ ਐੱਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਘਰ ਅੱਗੇ ਧਰਨਾ ਦਿੱਤਾ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਕਿਸਾਨ ਆਗੂਆਂ ਡਾ. ਸਤਨਾਮ ਸਿੰਘ ਅਜਨਾਲਾ, ਜਤਿੰਦਰ ਸਿੰਘ ਛੀਨਾ, ਹਰਦੀਪ ਕੌਰ ਕੋਟਲਾ, ਬਲਕਾਰ ਸਿੰਘ ਦੁਧਾਲਾ, ਨਿਸ਼ਾਨ ਸਿੰਘ ਸਾਂਘਣਾ, ਧਨਵੰਤ ਸਿੰਘ ਖਤਰਾਏ, ਆਦਿ ਆਗੂਆਂ ਨੇ ਸੰਬੋਧਨ ਕੀਤਾ।

ਕਿਸਾਨਾਂ ਵੱਲੋਂ ਵਰ੍ਹਦੇ ਮੀਂਹ ’ਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦੇ ਘਰ ਅੱਗੇ ਧਰਨਾ

ਗੜ੍ਹਸ਼ੰਕਰ (ਜੰਗ ਬਹਾਦਰ ਸਿੰਘ ਸੇਖੋਂ): ਬੱਤੀ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਸਥਾਨਕ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਵਰ੍ਹਦੇ ਮੀਂਹ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਘਰ ਅੱਗੇ ਧਰਨਾ ਦਿੱਤਾ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਕਿਰਤੀ ਕਿਸਾਨ ਯੂਨੀਅਨ ਦੇ ਸੁਰਿੰਦਰ ਸਿੰਘ ਬੈਂਸ, ਜਮਹੂਰੀ ਕਿਸਾਨ ਸਭਾ ਦੇ ਕੁਲਭੂਸ਼ਨ ਕੁਮਾਰ ਮੈਹਿੰਦਵਾਣੀ ਨੇ ਮੰਗ ਕੀਤੀ ਕਿ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਮਜ਼ਦੂਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਤੇ ਭ੍ਰਿਸ਼ਟਾਚਾਰ ਮੁਕਤ ਕੀਤਾ ਜਾਵੇ, ਗ਼ੈਰਕਾਨੂੰਨੀ ਮਾਈਨਿੰਗ ਬੰਦ ਕੀਤੀ ਜਾਵੇ, ਕੰਢੀ ਨਹਿਰ ਦਾ ਪਾਣੀ ਕੁਆਟਮ ਪੇਪਰ ਮਿੱਲ ਨੂੰ ਪਾਣੀ ਦੇਣਾ ਬੰਦ ਕੀਤਾ ਜਾਵੇ ਅਤੇ ਕੰਢੀ ਦੇ ਖੇਤਾਂ ਨੂੰ ਪਹਿਲ ਦੇ ਆਧਾਰ ’ਤੇ ਪਾਣੀ ਦਿੱਤਾ ਜਾਵੇ। ਦਿੱਲੀ ਮੋਰਚੇ ਸਮੇਤ ਸਾਰੇ ਝੂਠੇ ਕੇਸ ਵਾਪਸ ਲਏ ਜਾਣ। ਖੇਤੀ ਵਪਾਰ ਲਈ ਵਾਹਗਾ-ਅਟਾਰੀ ਬਾਰਡਰ, ਹੂਸੈਨੀਵਾਲਾ-ਸੁਲੇਮਾਨ ਬਾਰਡਰ ਫੌਰੀ ਖੋਲ੍ਹਿਆ ਜਾਵੇ।

Advertisement

Advertisement
Author Image

Advertisement
×