ਪੰਜਾਬ ’ਚ ਤਿੰਨ ਕਿਸਾਨ ਜਥੇਬੰਦੀਆਂ ਵਲੋਂ ਡੀਸੀ ਦਫ਼ਤਰਾਂ ਅੱਗੇ ਧਰਨੇ
ਜੋਗਿੰਦਰ ਸਿੰਘ ਮਾਨ
ਮਾਨਸਾ, 4 ਮਾਰਚ
ਪੰਜਾਬ ਵਿੱਚ ਤਿੰਨ ਕਿਸਾਨ ਜਥੇਬੰਦੀਆਂ ਵਲੋਂ ਅੱਜ ਕਿਸਾਨੀ ਮਸਲਿਆਂ ਲਈ ਰਾਜ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਦਿੱਤੇ ਗਏ। ਧਰਨਿਆਂ ਦੀ ਅਗਵਾਈ ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਵੱਲੋਂ ਸਾਂਝੇ ਤੌਰ ’ਤੇ ਕੀਤੀ ਜਾ ਰਹੀ ਹੈ।
ਧਰਨੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਲਿਖਤੀ ਵਾਅਦੇ ਤੋਂ ਭੱਜਣ ਅਤੇ ਇਸ ਖਾਤਰ ਦਿੱਲੀ ਜਾ ਰਹੇ ਕਿਸਾਨਾਂ ਦਾ ਜਨਤਕ ਸੰਘਰਸ਼ ਦਾ ਜਮਹੂਰੀ ਹੱਕ ਕੁਚਲਣ ਲਈ ਗੋਲੀਆਂ ਮਾਰ ਕੇ ਸ਼ੁਭਕਰਨ ਸਿੰਘ ਦਾ ਕਤਲ ਕਰਨ ਸਮੇਤ ਦਰਜਨਾਂ ਕਿਸਾਨਾਂ ਨੂੰ ਜ਼ਖ਼ਮੀ ਕਰਨ ਲਈ ਜ਼ਿੰਮੇਵਾਰ ਕੇਂਦਰੀ ਭਾਜਪਾ ਸਰਕਾਰ ਖ਼ਿਲਾਫ਼ ਦਿੱਤੇ ਜਾ ਰਹੇ ਹਨ। ਧਰਨਿਆਂ ਸਬੰਧੀ ਸਾਂਝੇ ਤੌਰ 'ਤੇ ਫ਼ੈਸਲਾ ਜਥੇਬੰਦੀਆਂ ਦੇ ਪ੍ਰਧਾਨ ਕ੍ਰਮਵਾਰ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ ਅਤੇ ਡਾ.ਦਰਸ਼ਨਪਾਲ ਵਲੋਂ ਦੋ ਦਿਨ ਪਹਿਲਾਂ ਲਿਆ ਗਿਆ ਸੀ।
ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਧਰਨੇ ਲਈ ਕਿਸਾਨਾਂ ਤੇ ਮਜ਼ਦੂਰਾਂ ਸਮੇਤ ਬੀਬੀਆਂ ਵਿਚ ਬਹੁਤ ਉਤਸ਼ਾਹ ਹੈ। ਧਰਨਿਆਂ ਦੌਰਾਨ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋ ਰਹੀ ਕੌਮੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਵੀ ਉਲੀਕੀਆਂ ਜਾ ਰਹੀਆਂ ਹਨ।