For the best experience, open
https://m.punjabitribuneonline.com
on your mobile browser.
Advertisement

ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ

10:46 AM Oct 28, 2024 IST
ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ
ਕਾਲਾਝਾੜ ਟੌਲ ਪਲਾਜ਼ਾ ’ਤੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 27 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਫਤਰ ਅੱਗੇ ਲਾਇਆ ਪੱਕਾ ਮੋਰਚਾ ਅੱਜ ਲਗਾਤਾਰ ਦਸਵੇਂ ਦਿਨ ਵੀ ਜਾਰੀ ਰਿਹਾ। ਬਲਾਕ ਦੇ ਕਾਰਜਕਾਰੀ ਪ੍ਰਧਾਨ ਬਹਾਦਰ ਸਿੰਘ ਭਟਾਲ ਖੁਰਦ ਅਤੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਨੇ ਕਿਹਾ ਪੰਜਾਬ ਅੰਦਰ ਝੋਨੇ ਦੀ ਫਸਲ ਦੀ ਖੱਜਲਖੁਆਰੀ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਧਰਨੇ ਦਿੱਤੇ ਜਾ ਰਹੇ ਹਨ। ਉਧਰ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਚੌਟੀਆ ਟੌਲ ਪਲਾਜ਼ਾ ਵਿੱਚ 11ਵੇਂ ਦਿਨ ਧਰਨਾ ਜਾਰੀ ਰਿਹਾ। ਇਸ ਮੌਕੇ ਪੰਜਾਬ ਦੇ ਮੀਤ ਪ੍ਰਧਾਨ ਜਨਕ ਸਿੰਘ ਭਟਾਲ ਪਹੁੰਚੇ। ਉਨ੍ਹਾਂ ਲਹਿਰੇ ਅਤੇ ਮੂਨਕ ਬਲਾਕ ਦੀ ਮੀਟਿੰਗ ਕਰਵਾਈ ਅਤੇ ਦੱਸਿਆ ਕਿ 29 ਅਕਤੂਬਰ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਦੇ ਪੂਰੇ ਪੰਜਾਬ ਅੰਦਰ ਡਬਲਿਊਟੀਓ ਅਤੇ ਭਾਰਤ ਸਰਕਾਰ ਦੇ ਵੱਡੇ ਪੁਤਲੇ ਫੂਕੇ ਜਾਣਗੇ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ 11ਵੇਂ ਦਿਨ ਵੀ ਟੌਲ ਪਲਾਜ਼ਾ ਕਾਲਾਝਾੜ ਵਿੱਚ ਪੱਕਾ ਧਰਨਾ ਜਾਰੀ ਰੱਖਿਆ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਸੁਖਬੀਰ ਸਿੰਘ ਮਹਿਲਾਂ, ਬਲਾਕ ਸਕੱਤਰ ਜਸਵੀਰ ਸਿੰਘ ਗੱਗੜਪੁਰ ਨੇ ਕਿਹਾ ਕਿ ਝੋਨੇ ਦੇ ਖਰੀਦ ਪ੍ਰਬੰਧ ਅਤੇ ਡੀਏਪੀ ਖਾਦ ਦੀ ਸਪਲਾਈ ਕਰਨ ਵਿੱਚ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੇ ਕਾਲਜ ਰੋਡ ਸਥਿਤ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ ਦਸਵੇਂ ਦਿਨ ਵੀ ਜਾਰੀ ਰਿਹਾ। ਅੱਜ ਯੂਨੀਅਨ ਦੇ ਬਲਾਕ ਮਾਲੇਰਕੋਟਲਾ ਦੇ ਪ੍ਰੈੱਸ ਸਕੱਤਰ ਰਛਪਾਲ ਸਿੰਘ ਫ਼ਰੀਦਪੁਰ ਅਤੇ ਬਲਾਕ ਅਹਿਮਦਗੜ੍ਹ ਦੇ ਆਗੂ ਹਰਬੰਸ ਸਿੰਘ ਮਾਣਕੀ ਦੀ ਅਗਵਾਈ ਹੇਠ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਦਰਸ਼ਨ ਰਟੋਲਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਕਰਕੇ ਹੀ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਮੱਸਿਆ ਦੇ ਮੱਦੇਨਜ਼ਰ ਅੱਜ ਨੌਵੇਂ ਦਿਨ ਵੀ ਇਥੇ ਭਾਜਪਾ ਆਗੂ ਪਰਨੀਤ ਕੌਰ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਦੇ ਬਾਹਰ ਧਰਨਾ ਜਾਰੀ ਰੱਖਿਆ ਗਿਆ। ਯੂਨੀਅਨ ਆਗੂ ਜਸਦੇਵ ਸਿੰਘ ਨੂਗੀ ਤੇ ਰਾਣਾ ਨਿਰਮਾਣ ਨੇ ਕਿਹਾ ਕਿ ਇਸੇ ਕੜੀ ਵਜੋਂ ਹੀ 17 ਅਕਤੂਬਰ ਤੋਂ ਪਟਿਆਲਾ ਜ਼ਿਲ੍ਹੇ ਵਿਚਲੇ ਧਰੇੜੀ ਜੱਟਾਂ ਅਤੇ ਪੈਂਦ ਸਥਿਤ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕੀਤਾ ਹੋਇਆ ਹੈ।

Advertisement

ਮੁੱਖ ਮੰਤਰੀ ਦੇ ਧੂਰੀ ਦਫ਼ਤਰ ਅੱਗੇ ਧਰਨਾ ਜਾਰੀ

ਧੂਰੀ (ਬੀਰਬਲ ਰਿਸ਼ੀ): ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਸਥਿਤ ਦਫ਼ਤਰ ਅੱਗੇ ਅੱਜ ਬੀਕੇਯੂ ਏਕਤਾ ਉਗਰਾਹਾ ਦੇ ਕਾਰਕੁਨਾਂ ਦਾ ਪੱਕਾ ਧਰਨਾ ਜਥੇਬੰਦੀ ਦੇ ਬਲਾਕ ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਹੇਠ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਸਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਟੇਢੇ ਢੰਗ ਨਾਲ ਲੰਬੀ ਲੜਾਈ ਲੜ ਕੇ ਵਾਪਸ ਕਰਵਾਏ ਕਾਲੇ ਕਾਨੂੰਨ ਮੁੜ ਲਾਗੂ ਕਰਨ ਦੇ ਰੌਂਅ ਵਿੱਚ ਹੈ। ਝੋਨੇ ਦੀ ਖਰੀਦ ਅਤੇ ਡੀਏਪੀ ਦੀ ਘਾਟ ਪੂਰੀ ਕਰਨ ਸਮੇਤ ਹੋਰ ਮੰਗਾਂ ਮੰਨੇ ਜਾਣ ਦੀ ਵਕਾਲਤ ਕਰਦਿਆਂ ਉਨ੍ਹਾਂ 29 ਅਕਤੂਬਰ ਨੂੰ ਸੰਗਰੂਰ ਵਿੱਚ ਚੱਲ ਰਹੇ ਧਰਨੇ ਵਿੱਚ ਪਹੁੰਚਣ ਮਗਰੋਂ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ।

Advertisement

ਭਾਜਪਾ ਆਗੂ ਖੰਨਾ ਦੀ ਕੋਠੀ ਅੱਗੇ ਗਰਜੇ ਕਿਸਾਨ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਭਾਕਿਯੂ ਏਕਤਾ ਉਗਂਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਇਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਕੋਠੀ ਅੱਗੇ 10ਵੇਂ ਦਿਨ ਵੀ ਰੋਸ ਧਰਨਾ ਜਾਰੀ ਰਿਹਾ। ਕਿਸਾਨਾਂ ਵੱਲੋਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪੈਦਾ ਹੋਏ ਮੌਜੂਦਾ ਹਾਲਾਤਾਂ ਲਈ ਜ਼ਿੰਮੇਵਾਰ ਠਹਿਰਾਇਆ। ਕਿਸਾਨਾਂ ਵੱਲੋਂ ਐਲਾਨ ਕੀਤਾ ਕਿ 29 ਅਕਤੂਬਰ ਨੂੰ ਅਰਵਿੰਦ ਖੰਨਾ ਦੀ ਕੋਠੀ ਅੱਗੇ ਜ਼ਿਲ੍ਹੇ ਦਾ ਵੱਡਾ ਇਕੱਠ ਕਰਕੇ ਵਿਸ਼ਾਲ ਰੋਸ ਮਾਰਚ ਕਰਦਿਆਂ ਸਾਮਰਾਜੀਆਂ ਦਾ ਪੁਤਲਾ ਫ਼ੂਕਿਆ ਜਾਵੇਗਾ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਅਨਾਜ ਮੰਡੀਆਂ ’ਚ ਕਿਸਾਨਾਂ ਦੀ ਫਸਲ ਰੁਲ੍ਹ ਰਹੀ ਹੈ ਅਤੇ ਸੜਕਾਂ ’ਤੇ ਕਿਸਾਨ ਰੁਲ੍ਹ ਰਿਹਾ ਹੈ ਪਰੰਤੂ ਕੇਂਦਰ ਅਤੇ ਪੰਜਾਬ ਸਰਕਾਰਾਂ ਟੱਸ ਤੋਂ ਮੱਸ ਨਹੀਂ ਹੋ ਰਹੀਆਂ। ਕਣਕ ਦੀ ਬਿਜਾਈ ਦਾ ਸਮਾਂ ਸਿਰ ’ਤੇ ਹੈ ਪਰ ਅਜੇ ਤੱਕ ਡੀਏਪੀ ਖਾਦ ਦੇ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਬਲਾਕ ਸੰਗਰੂਰ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਲੁੱਟ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤਿੱਖਾ ਰੂਪ ਲੈਣਗੇ।

Advertisement
Author Image

sukhwinder singh

View all posts

Advertisement